Kisan Mittar: ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ ਕਿਸਾਨ ਮਿੱਤਰ: ਧਾਲੀਵਾਲ
Agriculture Minister ਨੇ ਕਿਹਾ ਕਿ ਕਿਸਾਨ ਮਿੱਤਰ ਖੇਤੀ ਸਮੱਗਰੀ ਜਿਵੇਂ ਕਿ ਕੀਟਨਾਸ਼ਕਾਂ, ਖਾਦਾਂ ਆਦਿ ਦੀ ਵਰਤੋਂ ਦੇ ਸਬੰਧ ਵਿੱਚ ਸਹੀ ਫੈਸਲੇ ਲੈਣ ਅਤੇ ਨਰਮਾ ਪੱਟੀ ਵਿੱਚ ਸੱਠੀ ਮੂੰਗੀ ਬੀਜਣ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਉਂਕਿ ਨਰਮੇ ਦੇ ਆਲੇ-ਦੁਆਲੇ ਖੇਤਾਂ ਵਿੱਚ ਮੂੰਗੀ ਬੀਜਣ ਨਾਲ ਚਿੱਟੀ ਮੱਖੀ ਦਾ ਵਾਧਾ ਹੁੰਦਾ ਹੈ, ਜਿਸ ਕਰਕੇ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ।
ਚੰਡੀਗੜ੍ਹ ਨਿਊਜ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ (Video Conference) ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ।
ਧਾਲੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਨੂੰ ਖੁਸ਼ਹਾਲ ਬਣਾਉਣ ਲਈ ਇਸ ਵਿੱਚ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਬਜਾਏ ਫਸਲੀ ਵਿਭਿੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ।