Wheat Procurement: ਅਨਾਜ ਮੰਡੀ ਸੁਨਾਮ ਵਿਖੇ ਅਮਨ ਅਰੋੜਾ ਨੇ ਲਿਆ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ

Published: 

11 Apr 2023 13:23 PM

Cabinet Minister ਅਮਨ ਅਰੋੜਾ ਨੇ ਭਰੋਸਾ ਦੁਆਇਆ ਕਿ ਪੂਰੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਵੇਗੀ।

Wheat Procurement: ਅਨਾਜ ਮੰਡੀ ਸੁਨਾਮ ਵਿਖੇ ਅਮਨ ਅਰੋੜਾ ਨੇ ਲਿਆ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ
Follow Us On

ਸੁਨਾਮ ਊਧਮ ਸਿੰਘ ਵਾਲਾ: ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਅਰੋੜਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਨਾਲ ਸਬੰਧਤ ਵੱਖ ਵੱਖ ਵਰਗਾਂ ਦੇ ਲੋਕਾਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧਾਂ ਦੀਆਂ ਕੀਤੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ, ਜਿੰਮੀਦਾਰਾਂ ਨੂੰ, ਆੜਤੀਆਂ ਨੂੰ, ਮਜ਼ਦੂਰਾਂ ਨੂੰ ਜਾਂ ਕਿਸੇ ਵੀ ਹੋਰ ਵਰਗ ਨੂੰ ਆਪਣੀ ਜਿਣਸ ਦੀ ਵਿਕਰੀ, ਚੁਕਾਈ, ਢੋਆ ਢੁਆਈ, ਅਦਾਇਗੀ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ ਮੰਤਰੀ

ਉਨਾਂ ਕਿਹਾ ਕਿ ਉਹ ਜਿਥੇ ਖੁਦ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਆਪਣੀ ਨਿਗਰਾਨੀ ਹੇਠ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਆਪਣੇ ਦੌਰੇ ਦੌਰਾਨ ਅਮਨ ਅਰੋੜਾ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਲਈ ਆਦੇਸ਼ ਦਿੱਤੇ । ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਦਿਨੀਂ ਹੋਈ ਗੜੇਮਾਰੀ ਅਤੇ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਭਾਵਿਤ ਕਿਸਾਨਾਂ ਨੂੰ ਤਰਜੀਹੀ ਆਧਾਰ ਉੱਤੇ ਯੋਗ ਮੁਆਵਜ਼ਾ ਦੇਣ ਲਈ ਪ੍ਰਸ਼ਾਸ਼ਨਿਕ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦਾ ਜਾਇਜ਼ਾ ਲਿਆ ਅਤੇ ਖਰੀਦ ਸਬੰਧੀ ਬੋਲੀ ਵੀ ਸ਼ੁਰੂ ਕਰਵਾਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ, ਡੀਐਫਐਸਸੀ ਸਤਬੀਰ ਸਿੰਘ ਮਾਵੀ ਸਮੇਤ ਖ਼ਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਹੋਰ ਕਈ ਨੁਮਾਇੰਦੇ ਵੀ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ