ਫਰੀਦਕੋਟ ਨਿਊਜ਼: ਫਰੀਦਕੋਟ ਜਿਲ੍ਹੇ ਵਿੱਚ ਇੱਕ ਵਾਰ ਫਿਰ ਤੇਜ ਝੱਖੜ ਅਤੇ ਮੀਂਹ ਕਾਰਨ ਕਣਕ, ਸਰੋਂ, ਅਤੇ ਹਰੇ ਚਾਰੇ ਸਮੇਤ ਹੋਰ ਕਈ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਜਿਸ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਪਹੁੰਚਾਇਆ ਹੈ। ਜਿਸ ਦੇ ਚਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਅਤੇ ਫਰੀਦਕੋਟ ਵਿੱਚ ਕਈ ਪਿੰਡਾਂ ਦਾ ਦੌਰਾ ਕਰਦੇ ਹੋਏ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਤੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਿਦਾਇਤਾਂ ਦੇ ਮੁਤਾਬਕ ਆਦੇਸ਼ ਦਿੰਦਿਆਂ ਗਿਰਦਵਾਰੀ ਕਰਵਾ ਕੇ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜਾ ਰਾਸ਼ੀ ਜਾਰੀ ਕਰਨ ਦੀ ਹਿਦਾਇਤ ਦਿੱਤੀ। ਅਤੇ ਕਿਸਾਨਾਂ ਨੂੰ ਜਲਦੀ ਉਨ੍ਹਾਂ ਦਾ ਬਣਦਾ ਮੁਆਵਜਾ ਦਿੱਤੇ ਜਾਣ ਦਾ ਭਰੋਸਾ ਦਵਾਇਆ। ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਮੌਜੂਦ ਰਹੇ।
50 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦੀ ਕੀਤੀ ਮੰਗ
ਪਿੰਡ ਦਾਨਾ ਰੋਮਾਣਾ ਅਤੇ ਕੰਮੇਆਣਾ ਦੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਲਗਭਗ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਚੁੱਕੀਆਂ ਹਨ। ਕਿਸਾਨਾਂ ਨੇ ਕਿਹਾ ਕਿ ਹੁਣ ਤੱਕ ਇਹਨਾਂ ਫਸਲਾਂ ਨੂੰ ਪਾਲਣ ‘ਤੇ ਕਾਫੀ ਖਰਚ ਆ ਚੁੱਕਿਆ ਹੈ ਅਤੇ ਜਿੰਨਾਂ ਕਿਸਾਨਾਂ ਨੇ ਠੇਕੇ ‘ਤੇ ਜਮੀਨਾਂ ਲੈ ਕੇ ਖੇਤੀ ਕੀਤੀ ਸੀ। ਉਹਨਾਂ ਦਾ ਡਬਲ ਨੁਕਸਾਨ ਹੋਇਆ ਹੈ। ਉਹਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਜਮੀਨ ਦਾ ਪ੍ਰਤੀ ਏਕੜ ਸਲਾਨਾਂ ਠੇਕਾ 60 ਹਜ਼ਾਰ ਰੁਪਏ ਹੈ ਅਤੇ ਇੱਕ ਸੀਜਨ ਦਾ 30 ਹਜਾਰ ਰੁਪਏ ਪ੍ਰਤੀ ਏਕੜ ਤਾਂ ਠੇਕਾ ਰਾਸ਼ੀ ਬਣਦੀ ਹੈ ਬਾਕੀ ਫਸਲ ਨੂੰ ਬੀਜਣ ਅਤੇ ਪਾਲਣ ਦਾ ਖਰਚਾ ਵੱਖਰਾ ਹੁੰਦਾ ਹੈ।
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਉਹਨਾਂ ਦੀਆ ਫਸਲਾਂ ਦੇ ਹੋਏ ਨੁਕਸਾਨ ਦਾ 15000 ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇਗਾ। ਕਿਸਾਨਾਂ ਨੇ ਇਹ ਵੀ ਕਿਹਾ ਕਿ 15 ਹਜ਼ਾਰ ਪ੍ਰਤੀ ਏਕੜ ਮੁਆਵਜੇ ਨਾਲ ਉਨ੍ਹਾਂ ਦਾ ਲਾਗਤ ਖਰਚ ਵੀ ਵਾਪਸ ਨਹੀਂ ਆਵੇਗਾ। ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਪੰਜਾਬ ਸਰਕਾਰ ਤੋਂ ਮੁਆਵਜ਼ਾ (Compensation)ਰਾਸ਼ੀ 15 ਹਜਾਰ ਰੁਪਏ ਪ੍ਰਤੀ ਏਕੜ ਤੋਂ ਵਧਾਉਣ ਦੀ ਮੰਗ ਕਰਦਿਆਂ ਲਗਭਗ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਮੰਗਿਆ।
ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖਰਾਬ ਮੌਸਮ ਦੇ ਚਲਦੇ ਇਸ ਵਾਰ ਕਿਸਾਨਾਂ ਭਾਈਚਾਰੇ ਦੀਆਂ ਫਸਲਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ, ਜੋ ਕਿਸਾਨਾਂ ਦੀ ਬਰਦਾਸ਼ਤ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਹੀ ਲਗਾਤਾਰ ਮੀਂਹ ਅਤੇ ਗੜੇਮਾਰੀ ਹੋ ਰਹੀ ਹੈ ਜਿਸ ਦੇ ਕਾਰਨ ਸਰਕਾਰ ਨੇ ਗਿਰਦਾਵਰੀ ਕਰਵਾਉਣ ਦੇ ਆਦੇਸ਼ ਦੇ ਦਿੱਤੇ ਸਨ ਅਤੇ ਇਹ ਕੰਮ ਸ਼ੁਰੂ ਵੀ ਹੋ ਚੁੱਕਿਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ ਅਤੇ ਇਹ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਨਾਲ ਕੀਤਾ ਜਾ ਰਿਹਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ