CM Mann Announces: ਪੰਜਾਬ ਸਰਕਾਰ ਕਿਸਾਨਾਂ ਨੂੰ 6750 ਤੋਂ 15000 ਰੁਪਏ ਪ੍ਰਤੀ ਏਕੜ ਦੇਵੇਗੀ ਮੁਆਵਜ਼ਾ
CM Mann Announce Compensation: ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਮੀਂਹ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇਣ ਦਾ ਭਰੋਸਾ ਵੀ ਦਿੱਤਾ।
ਚੰਡੀਗੜ੍ਹ ਨਿਊਜ਼: ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Man) ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਫ਼ਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ (Compensation) ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ
ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ (Crop Insurance Scheme) ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ।
ਫਸਲ ਲਈ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ (Cultivators) ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।