Wheat Crop: ‘ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਲਈ ਕਿਸਾਨਾਂ ਨੂੰ ਦਿੱਤਾ ਜਾਵੇ 50 ਹਜਾਰ ਰੁਪਏ ਪ੍ਰਤੀ ਕਿੱਲਾ’
Agriculture News: ਇੱਕ ਪਾਸੇ ਜਿੱਥੇ ਸਰਕਾਰ ਦੇ ਵਿਧਾਇਕ ਆਪਣੇ ਹਲਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਰਕੇ ਖਰਾਬ ਹੋਈਆਂ ਫਸਲਾਂ ਦਾ ਜਾਇਜਾ ਲੈ ਰਹੇ ਹਨ, ਤਾਂ ਉੱਥੇ ਹੀ ਵਿਰੋਧੀ ਧਿਰ ਵੀ ਇਸ ਮੁੱਦੇ ਤੇ ਸਰਕਾਰ ਨੂੰ ਘੇਰ ਰਹੀ ਹੈ।
ਦਿੜ੍ਹਬਾ/ਸੰਗਰੂਰ: ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ (Rain and Hail Strome) ਨਾਲ ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੀ ਲੀਡਰਸ਼ਿਪ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਰਹੀ ਹੈ। ਇਸੇ ਸਿਲਸਿਲੇ ਵਿੱਚ ਪਾਰਟੀ ਦੇ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾਂ ਦੀ ਅਗਵਾਈ ਹੇਠ ਪਾਰਟੀ ਲੀਡਰਾਂ ਨੇ ਕਈ ਪਿੰਡਾਂ ਵਿੱਚ ਜਾ ਕੇ ਪੀੜਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਕਿਸਾਨਾਂ ਨੂੰ 50 ਹਜਾਰ ਰੁਪਏ ਪ੍ਰਤੀ ਕਿੱਲਾ ਮੁਆਵਜਾ ਦੇਣ ਦੀ ਮੰਗ ਕੀਤੀ।
ਪੀੜਿਤ ਕਿਸਾਨਾਂ ਨਾਲ ਮੁਲਾਕਾਤ ਤੋਂ ਬਾਅਦ ਭਸੌੜ ਅਤੇ ਸੰਜੂਮਾਂ ਨੇ ਕਿਹਾ ਕਿ ਖੇਤੀ ਦੇ ਲਾਗਤ ਖਰਚੇ ਵਧਣ ਕਰਕੇ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਦੇ ਦੌਰ ਵਿੱਚੋਂ ਲੰਘ ਰਹੇ ਹਨ | ਅਜਿਹੇ ਵਿੱਚ ਬੇਮੌਸਮੀ ਬਰਸਾਤਾਂ ਅਤੇ ਝੱਖੜਾਂ ਨੇ ਕਣਕ ਦੀ ਫਸਲ ਦਾ ਵੱਡੇ ਪੱਧਰ ‘ਤੇ ਨੁਕਸਾਨ ਕਰਕੇ ਕਿਸਾਨਾਂ ਦੀ ਪਰੇਸ਼ਾਨੀ ਹੋਰ ਵਧਾ ਦਿੱਤੀ ਹੈ | ਹਾਲਾਤ ਇਹ ਹਨ ਕਿ ਦੇਸ਼ ਦਾ ਅੰਨਦਾਤਾ ਅਖਵਾਉਣ ਵਾਲੇ ਕਿਸਾਨ ਆਰਥਿਕ ਸੰਕਟਾਂ ਦੇ ਚੱਲਦਿਆਂ ਮਾਨਸਿਕ ਪਰੇਸ਼ਾਨੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ |
50 ਹਜਾਰ ਰੁਪਏ ਪ੍ਰਤੀ ਕਿੱਲਾ ਮੁਆਵਜੇ ਦੀ ਮੰਗ
ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਤੁਰੰਤ ਪੀੜਤ ਕਿਸਾਨਾਂ ਲਈ 50 ਹਜਾਰ ਰੁਪਏ ਪ੍ਰਤੀ ਕਿੱਲਾ ਮੁਆਵਜੇ ਦਾ ਐਲਾਨ ਕਰਨਾ ਚਾਹੀਦਾ ਹੈ | ਇਸ ਤੋਂ ਇਲਾਵਾ ਇਲਾਕੇ ਵਿੱਚ ਕਰੀਬ 100 ਬੀਘੇ ਜਮੀਨ ਵਿੱਚ ਖੜੀ ਫੁੱਲਾਂ ਦੀ ਫਸਲ ਵੀ ਨੁਕਸਾਨੀ ਗਈ ਹੈ, ਜਿਨ੍ਹਾਂ ਦੇ ਉਤਪਾਦਕ ਕਿਸਾਨਾਂ ਨੂੰ ਵੀ ਢੁਕਵਾਂ ਮੁਆਵਜਾ ਦਿੱਤਾ ਜਾਵੇ। ਆਗੂਆਂ ਨੇ ਪੀੜਿਤ ਕਿਸਾਨਾਂ ਨੂੰ ਪਾਰਟੀ ਲੀਡਰ ਅਤੇ ਐੱਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਦੱਸ ਦੇਈਏ ਕਿ ਡੀਸੀ ਸੰਗਰੂਰ ਵੱਲੋ ਵੀ ਪੰਜਾਬ ਸਰਕਾਰ ਦੇ ਆਦੇਸ਼ ਮੁਤਾਬਿਕ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਫ਼ਿਲਹਾਲ ਕਣਕ ਦੀ ਫਸਲ ਡਿੱਗੀ ਹੋਈ ਹੈ, ਇਸ ਲਈ ਨੁਕਸਾਨ ਦਾ ਅੰਦਾਜ਼ਾ ਲਗਉਣਾ ਅਜੇ ਮੁਸ਼ਕਿਲ ਹੈ। ਖੇਤੀਬਾੜੀ ਮਹਿਕਮੇ ਦੇ ਅਫਸਰ ਪ੍ਰਸ਼ਾਸਨਿਕ ਅਧਿਕਾਰੀ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਅੰਦਾਜ਼ਾ ਲਗਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।