ਚੰਡੀਗੜ੍ਹ ‘ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋਣਗੇ: ਪੁਰੋਹਿਤ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਲਾਗੂ ਕਰ ਦਿੱਤੀ ਗਈ ਹੈ। ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋ ਜਾਣਗੇ। ਚੰਡੀਗੜ੍ਹ ਵਿੱਚ ਪਬਲਿਕ ਟਰਾਂਸਪੋਰਟ ਨੂੰ ਸਾਲ 2030 ਤੱਕ ਈਵੀ ਵਿੱਚ ਬਦਲ ਦਿੱਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿੱਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ ਹਰਿਆਲੀ ਅਤੇ ਸਾਫ਼-ਸੁਥਰੀ ਤਕਨੀਕ ਨੂੰ ਅਪਣਾਉਣ। ਪੁਰੋਹਿਤ ਅੱਜ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ CREST ਦੇ ਸਹਿਯੋਗ ਨਾਲ ਆਯੋਜਿਤ ਤਿੰਨ ਦਿਨਾਂ ਈਵੀ ਐਕਸਪੋ 2023 ਦੇ ਉਦਘਾਟਨ ਮੌਕੇ ਦੇਸ਼ ਭਰ ਦੇ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਲਾਗੂ ਕਰ ਦਿੱਤੀ ਗਈ ਹੈ। ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋ ਜਾਣਗੇ। ਚੰਡੀਗੜ੍ਹ ਵਿੱਚ ਪਬਲਿਕ ਟਰਾਂਸਪੋਰਟ ਨੂੰ ਸਾਲ 2030 ਤੱਕ ਈਵੀ ਵਿੱਚ ਬਦਲ ਦਿੱਤਾ ਜਾਵੇਗਾ। ਚੰਡੀਗੜ੍ਹ ਵਿੱਚ ਪਹਿਲੀ ਵਾਰ ਇਸ ਤਰ੍ਹਾਂ ਦਾ ਇਲੈਕਟ੍ਰਿਕ ਵਹੀਕਲ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਆਮ ਲੋਕਾਂ ਲਈ ਇੱਕ ਛੱਤ ਹੇਠਾਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨਗੀਆਂ।