ਅਕਾਲੀ ਆਗੂ ਦੇ ਕਤਲ ਮਾਮਲੇ ਵਿੱਚ ਐਕਸ਼ਨ, 4 ਮੁਲਜ਼ਮ ਗ੍ਰਿਫਤਾਰ, ਇੱਕ ਨੂੰ ਲੱਗੀ ਗੋਲੀ
ਅਕਾਲੀ ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਮੁਲਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਜਿੱਥੇ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ 4 ਮੁਲਜ਼ਮਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਇੱਕ ਮੁਲਜ਼ਮ ਨੂੰ ਗੋਲੀ ਲੱਗੀ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ।

ਬੀਤੇ ਦਿਨ ਅੰਮ੍ਰਿਤਸਰ ਦੇ ਗੁਰਦੁਆਰਾ ਛੇਹਰਾਟਾ ਸਾਹਿਬ ਦੇ ਬਾਹਰ ਕੁੱਝ ਅਣਪਛਾਤੇ ਲੋਕਾਂ ਨੇ ਹਲਕਾ ਜੰਡਿਆਲਾ ਦੇ ਵਾਰਡ ਨੰਬਰ 2 ਦੇ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਰਜਿੰਦਰ ਸਿੰਘ ਬਾਹਮਣ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀ ਲੱਗਣ ਕਾਰਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਘਟਨਾ ਤੇ ਸਿਆਸਤ ਸ਼ੁਰੂ ਹੋ ਗਈ। ਓਧਰ ਹਰਕਤ ਵਿੱਚ ਆਉਂਦਿਆਂ ਅੰਮ੍ਰਿਤਸਰ ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਵਾਲੇ ਸੀਸੀਟੀਵੀ ਕੈਮਰੇ ਚੈੱਕ ਕਰਵਾਏ। ਜਿਸ ਤੋਂ ਬਾਅਦ ਕਤਲ ਕਾਂਡ ਦੇ ਮੁਲਜ਼ਮਾਂ ਦੀ ਪਹਿਚਾਣ ਹੋ ਗਈ।
ਅੰਮ੍ਰਿਤਸਰ ਪੁਲਿਸ ਵੱਲੋਂ ਦੇਰ ਰਾਤ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕਰ ਦਿੱਤੀਆਂ ਗਈ। ਜਿਸ ਤੋਂ ਬਾਅਦ ਫਰਾਰ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਹੋਈ। ਜਦੋਂ ਪੁਲਿਸ ਨੂੰ ਮੁਲਜ਼ਮਾਂ ਦੀ ਜਾਣਕਾਰੀ ਮਿਲੀ ਤਾਂ ਉਹਨਾਂ ਨੂੰ ਗ੍ਰਿਫਤਾਰ ਕਰਨ ਟੀਮ ਪਹੁੰਚੀ। ਪੁਲਿਸ ਮੁਲਾਜ਼ਮਾਂ ਅਨੁਸਾਰ ਮੁਲਜ਼ਮਾਂ ਨੇ ਪੁਲਿਸ ਤੇ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਗੁਰਪ੍ਰੀਤ ਸਿੰਘ ਗੋਪੀ ਨਾਮ ਦੇ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗ ਗਈ।
ਓਧਰ ਘਟਨਾ ਵਾਲੀ ਥਾਂ ਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ ਅਤੇ ਜਖ਼ਮੀ ਹੋਏ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।