ਅੰਮ੍ਰਿਤਸਰ ‘ਚ ਹਥਿਆਰਾਂ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਆਧੁਨਿਕ ਪਿਸਤੌਲਾਂ ਤੇ ਮੈਗਜ਼ੀਨਾਂ ਬਰਾਮਦ
Amritsar Arms Smuggling Module Busted: ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਇਹ ਜ਼ਿਕਰਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਦੋ ਮਾਮਲੇ ਦਰਜ ਹਨ। ਹਾਲ ਹੀ ਵਿੱਚ ਉਸਨੂੰ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।
ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਸੰਚਾਲਕ ਨੂੰ 10 ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਇਹ ਜ਼ਿਕਰਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਦੋ ਮਾਮਲੇ ਦਰਜ ਹਨ। ਹਾਲ ਹੀ ਵਿੱਚ ਉਸਨੂੰ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।
ਇਹ ਸਫਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ – ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ, ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ, ਵਾਸੀ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਿਲੀ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅੱਠ ਆਧੁਨਿਕ ਹਥਿਆਰ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਣ ਤੋਂ ਬਾਅਦ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਹੈ ਜੋ ਸਰਹੱਦ ਪਾਰ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਤੋਂ ਹਥਿਆਰਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਇਹ ਪਿੰਡ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ ‘ਤੇ ਬੋਹੜੂ ਪੁਲ ਨੇੜੇ ਉਸ ਸਮੇਂ ਰੋਕਿਆ ਜਦੋਂ ਉਹ ਇੱਕ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ। ਉਸ ਦੇ ਕਬਜ਼ੇ ਵਿੱਚੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਕੜੀ ਸਥਾਪਤ ਕਰਨ ਅਤੇ ਉਸ ਵਿਅਕਤੀ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਜਿਸ ਨੂੰ ਇਹ ਖੇਪ ਪਹੁੰਚਾਈ ਜਾਣੀ ਸੀ। ਇਸ ਸਬੰਧੀ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।