ਇਤਲਾਹ ਦੇਣ ਪਈ ਭਾਰੀ, ਨਸ਼ਾ ਤਸਕਰਾਂ ਨੇ ਤੇਜ਼ ਹਥਿਆਰ ਨਾਲ ਕੱਟਿਆ ਹੱਥ, ਘਟਨਾ CCTV ‘ਚ ਕੈਦ
ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਆਏ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਨੌਜਵਾਨ ਦੀਆਂ ਮੌਤਾਂ ਦੀ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਸਰਕਾਰ ਅਤੇ ਪ੍ਰਸ਼ਾਸਨ ਨਸ਼ਿਆਂ ਖਿਲਾਫ਼ ਮੁਹਿੰਮਾਂ ਚਲਾਉਣ ਦਾ ਦਾਅਵਾ ਕਰਦੀ ਹੈ। ਕੁੱਝ ਕੁ ਨਸ਼ੇ ਦੀਆਂ ਖੇਪਾਂ ਨੂੰ ਵੀ ਬਰਾਮਦ ਕੀਤਾ ਜਾਂਦਾ ਹੈ। ਪਰ ਤਸਕਰਾਂ ਦੇ ਹੌਂਸਲੇ ਐਨੇ ਬੁਲੰਦ ਹਨ ਕਿ ਉਹ ਸ਼ਿਕਾਇਤ ਕਰਨ ਵਾਲਿਆਂ ਨੂੰ ਧਮਕੀਆਂ ਦਿੰਦੇ ਹਨ ਅਤੇ ਜਾਨਲੇਵਾ ਹਮਲੇ ਵੀ ਕਰਦੇ ਹਨ।
ਕਪੂਰਥਲਾ ‘ਚ ਨਸ਼ੇ ਅਤੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਵਾਲੇ ਕਮਲ ਉਰਫ ਢੋਲੂ ਨੂੰ ਨਸ਼ਾ ਤਸਕਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲਾ ਵਿੱਚ ਉਸ ਦੀਆਂ ਉਂਗਲਾਂ ਅਤੇ ਲੱਤਾਂ ਨੁਕਸਾਨੀਆਂ ਗਈਆਂ। ਘਟਨਾ ਤੋਂ ਬਾਅਦ ਨੌਜਵਾਨ ਨੂੰ ਲੋਕਾਂ ਨੇ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਹਸਪਤਾਲ ਵਿੱਚ ਜ਼ੇਰੇ ਇਲਾਜ਼ ਪੀੜਤ ਨੌਜਵਾਨ ਨੇ ਕਿਹਾ ਕਿ ਜਦੋਂ ਤੋਂ ਉਸ ਨੇ ਨਸ਼ਾ ਤਸਕਰਾਂ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ ਉਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲ ਰਹੀਆਂ ਸਨ। ਪੀੜਤ ਨੇ ਮੁੱਖਮੰਤਰੀ ਭਗਵੰਤ ਮਾਨ ਤੋਂ ਅਪੀਲ ਕੀਤੀ ਹੈ ਕਿ ਹਮਲਾ ਕਰਨ ਵਾਲੇ ਅਤੇ ਹੋਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਘਟਨਾ ਤੋਂ ਬਾਅਦ ਕਪੂਰਥਲਾ ਦੇ ਥਾਣਾ ਸਿਟੀ 2 ਵਿੱਚ ਘਟਨਾ ਨੂੰ ਲੈਕੇ ਸ਼ਿਕਾਇਤ ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।