ਪੰਜਾਬ ਪੁਲਿਸ ਨੇ ਕਾਬੂ ਕੀਤੇ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰ, ਟਾਰਗੇਟ ਕਿਲਿੰਗ ਲਈ ਕਰ ਰਹੇ ਸਨ ਤਿਆਰੀ
ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਦੋ ਅਤਿ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਸੱਤ ਜਿੰਦਾ ਕਾਰਤੂਸਾਂ ਸਮੇਤ ਇੱਕ 9 ਐਮ.ਐਮ. ਜ਼ੀਗਾਨਾ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।
ਫਰੀਦਕੋਟ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਾਮਿਲ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਹੋਈ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।
ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਸੀ। ਇਹ ਸਫ਼ਲਤਾ ਇਸ ਕੇਸ ਵਿੱਚ ਰੇਕੀ ਮਾਡਿਊਲ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।
ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਵਾਸੀ ਭਦੌੜ, ਬਰਨਾਲਾ ਅਤੇ ਨਵਜੋਤ ਸਿੰਘ ਉਰਫ਼ ਨੀਤੂ ਵਾਸੀ ਨਿੱਝਰ ਰੋਡ, ਖਰੜ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਬਲਵੀਰ ਸਿੰਘ ਉਰਫ਼ ਕਾਲੂ, ਜੋ ਕਿ ਸ਼ੂਟਰ ਨਵਜੋਤ ਸਿੰਘ ਦਾ ਭਰਾ ਹੈ, ਨੂੰ ਵੀ ਅਪਰਾਧੀਆਂ ਦੀ ਮਦਦ ਕਰਨ ਅਤੇ ਅਪਰਾਧ ਲਈ ਉਕਸਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।
ਮੁਲਜ਼ਮਾਂ ਤੋਂ ਹਥਿਆਰ ਵੀ ਹੋਏ ਬਰਾਮਦ
ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਦੋ ਅਤਿ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਸੱਤ ਜਿੰਦਾ ਕਾਰਤੂਸਾਂ ਸਮੇਤ ਇੱਕ 9 ਐਮ.ਐਮ. ਜ਼ੀਗਾਨਾ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਕੋਲੋਂ 27,500 ਰੁਪਏ ਦੀ ਨਕਦੀ ਅਤੇ ਮੁਲਜ਼ਮਾਂ ਵੱਲੋਂ ਵੱਖ-ਵੱਖ ਅਪਰਾਧਾਂ ਨੂੰ ਅੰਜ਼ਾਮ ਦੇਣ ਲਈ ਵਰਤਿਆ ਜਾ ਰਿਹਾ ਇੱਕ ਫਰਜ਼ੀ ਆਧਾਰ ਕਾਰਡ ਵੀ ਬਰਾਮਦ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 9 ਅਕਤੂਬਰ 2024 ਨੂੰ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਆਪਣੇ ਮੋਟਰਸਾਈਕਲ ਹੀਰੋ ਸਪਲੈਂਡਰ ਰਜਿਸਟ੍ਰੇਸ਼ਨ ਨੰਬਰ ਪੀ.ਬੀ-04ਯੂ-3258 ‘ਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਆ ਰਿਹਾ ਰਿਹਾ ਸੀ, ਜਿਸ ਸਮੇਂ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ
ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਰਸ਼ ਡੱਲਾ ਨੇ ਨਵਜੋਤ ਉਰਫ਼ ਨੀਤੂ ਨੂੰ ਗੁਰਪ੍ਰੀਤ ਸਿੰਘ ਹਰੀ ਨੌ, ਜੋ ਹਰੀ ਨੌ ਟਾਕਸ ਦੇ ਨਾਂ ਤੇ ਇੱਕ ਯੂਟਿਊਬ ਚੈਨਲ ਚਲਾਉਂਦਾ ਸੀ, ਉਸ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਅਰਸ਼ ਡੱਲਾ ਨੇ ਗੁਰਪ੍ਰੀਤ ਹਰੀ ਨੌ ਬਾਰੇ ਲੋੜੀਂਦੀ ਜਾਣਕਾਰੀ ਨਵਜੋਤ ਉਰਫ਼ ਨੀਤੂ ਨਾਲ ਸਾਂਝੀ ਕੀਤੀ ਅਤੇ ਉਸ ਨੂੰ ਇਸ ਕੰਮ ਨੂੰ ਅੰਜ਼ਾਮ ਦੇਣ ਲਈ ਹੋਰ ਸਾਥੀਆਂ ਨੂੰ ਤਿਆਰ ਕਰਨ ਲਈ ਕਿਹਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੰਮ ਨੂੰ ਪੂਰਾ ਕਰਨ ਲਈ ਨਵਜੋਤ ਉਰਫ਼ ਨੀਤੂ ਨੇ ਆਪਣੇ ਸਾਥੀ ਅਨਮੋਲਪ੍ਰੀਤ ਸਿੰਘ ਉਰਫ ਵਿਸ਼ਾਲ ਨੂੰ ਇਸ ਵਿੱਚ ਸ਼ਾਮਲ ਕੀਤਾ।
ਉਨ੍ਹਾਂ ਦੱਸਿਆ ਕਿ ਅਰਸ਼ ਡੱਲਾ ਨੇ ਆਪਣੇ ਕਾਰਕੁਨਾਂ ਨੂੰ ਇੱਕ ਗਲਾਕ ਪਿਸਤੌਲ ਸਮੇਤ ਗੋਲੀ-ਸਿੱਕਾ ਅਤੇ ਮੋਟਰਸਾਈਕਲ ਮੁਹੱਈਆ ਕਰਵਾਇਆ ਅਤੇ 9 ਅਕਤੂਬਰ 2024 ਨੂੰ ਦੋਵੇਂ ਮੁਲਜ਼ਮਾਂ ਨੇ ਪਿੰਡ ਹਰੀ ਨੌ ਵਿਖੇ ਜਾ ਕੇ ਗੁਰਪ੍ਰੀਤ ਸਿੰਘ ਹਰੀ ਨੌ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।