14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜੇ ਗਏ MLA ਰਮਨ ਅਰੋੜਾ, ਜਬਰਨ ਵਸੂਲੀ ਦਾ ਮਾਮਲਾ
MLA Raman Arora: ਪੁਲਿਸ ਨੇ ਸ਼ਨੀਵਾਰ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਰੋੜਾ ਪਿਛਲੇ 9 ਦਿਨਾਂ ਤੋਂ ਪੁਲਿਸ ਰਿਮਾਂਡ 'ਤੇ ਸਨ ਅਤੇ ਆਖਰੀ ਵਾਰ ਜਦੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਸੀ।
ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ‘ਚ ਦਰਜ ਜਬਰਨ ਵਸੂਲੀ ਦੇ ਮਾਮਲੇ ‘ਚ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਉਨ੍ਹਾਂ ਵੱਲੋਂ ਅਦਾਲਤ ਵਿੱਚ ਪੇਸ਼ ਹੋਏ। ਪੁਲਿਸ ਨੇ ਅੱਜ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ।
ਪੁਲਿਸ ਨੇ ਸ਼ਨੀਵਾਰ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਰੋੜਾ ਪਿਛਲੇ 9 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਸਨ ਅਤੇ ਆਖਰੀ ਵਾਰ ਜਦੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਸੀ।
ਅਦਾਲਤ ਵਿੱਚ ਪੇਸ਼ੀ ਦੌਰਾਨ, ਪੁਲਿਸ ਨੇ ਦਲੀਲ ਦਿੱਤੀ ਕਿ ਰਿਮਾਂਡ ਦੀ ਮਿਆਦ ਦੌਰਾਨ ਮਾਮਲੇ ਨਾਲ ਸਬੰਧਤ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਗਏ ਹਨ ਤੇ ਹੁਣ ਜੇਲ੍ਹ ਤੋਂ ਵੀ ਹੋਰ ਜਾਂਚ ਜਾਰੀ ਰੱਖੀ ਜਾ ਸਕਦੀ ਹੈ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ।
ਆਪ ਵਿਧਾਇਕ ਰਮਨ ਅਰੋੜਾ ਨੂੰ ਕੁਝ ਦਿਨ ਪਹਿਲਾਂ ਪੁਲਿਸ ਨੇ ਜਬਰਨ ਵਸੂਲੀ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਲਜ਼ਾਮ ਹੈ ਕਿ ਅਰੋੜਾ ਨੇ ਆਪਣੇ ਸਾਥੀਆਂ ਰਾਹੀਂ ਕਾਰੋਬਾਰੀਆਂ ਅਤੇ ਠੇਕੇਦਾਰਾਂ ‘ਤੇ ਦਬਾਅ ਪਾ ਕੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਪੈਸੇ ਵਸੂਲੇ ਸਨ। ਇਸ ਮਾਮਲੇ ਵਿੱਚ, ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕੀਤੀ ਤੇ ਸਬੂਤ ਇਕੱਠੇ ਕਰਨ ਤੋਂ ਬਾਅਦ, ਵਿਧਾਇਕ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਪੁਲਿਸ ਦਾ ਦਾਅਵਾ ਹੈ ਕਿ ਅਰੋੜਾ ਵਿਰੁੱਧ ਕਾਫ਼ੀ ਗਵਾਹ ਤੇ ਦਸਤਾਵੇਜ਼ੀ ਸਬੂਤ ਹਨ। ਹੁਣ ਪੁਲਿਸ ਨਿਆਂਇਕ ਹਿਰਾਸਤ ਦੌਰਾਨ ਅੱਗੇ ਦੀ ਜਾਂਚ ਕਰੇਗੀ। ਇਸ ਪੂਰੇ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ, ਕਿਉਂਕਿ ਇੱਕ ਸੱਤਾਧਾਰੀ ਪਾਰਟੀ ਦੇ ਵਿਧਾਇਕ ‘ਤੇ ਗੰਭੀਰ ਅਪਰਾਧਿਕ ਇਲਜ਼ਾਮ ਲਗਾਏ ਗਏ ਹਨ।


