ਪੰਜਾਬ ਕਾਊਂਟਰ ਇੰਟੈਲੀਜੈਂਸ ਨੇ 2 ਅੱਤਵਾਦੀ ਫੜੇ, 2.8 ਕਿਲੋ IED ਬਰਾਮਦ

sunny-chopra-ferozepur
Updated On: 

13 Apr 2025 13:26 PM

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਜਰਮਨੀ ਵਿੱਚ ਬੈਠੇ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਦੇ ਮਾਡਿਊਲ ਦੇ ਦੋ ਮੈਂਬਰਾਂ, ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਕੋਲੋਂ 2.8 ਕਿਲੋ IED, 1.6 ਕਿਲੋ RDX ਅਤੇ ਇੱਕ ਰਿਮੋਟ ਕੰਟਰੋਲ ਬਰਾਮਦ ਹੋਇਆ ਹੈ। ਇਸ ਘਟਨਾਕ੍ਰਮ ਨਾਲ ਪਾਕਿਸਤਾਨੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਮੁਲਜ਼ਮਾਂ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਸਬੰਧ ਹੈ।

ਪੰਜਾਬ ਕਾਊਂਟਰ ਇੰਟੈਲੀਜੈਂਸ ਨੇ 2 ਅੱਤਵਾਦੀ ਫੜੇ, 2.8 ਕਿਲੋ IED ਬਰਾਮਦ
Follow Us On

ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਜਰਮਨੀ ਵਿੱਚ ਸਥਿਤ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੇ ਇੱਕ ਮਾਡਿਊਲ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ।

ਪੁਲਿਸ ਨੇ ਇਹਨਾਂ ਮੁਲਜ਼ਮਾਂ ਕੋਲੋਂ 2.8 ਕਿਲੋਗ੍ਰਾਮ ਆਈਈਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ), 1.6 ਕਿਲੋਗ੍ਰਾਮ ਆਰਡੀਐਕਸ ਅਤੇ ਇੱਕ ਰਿਮੋਟ ਕੰਟਰੋਲ ਵੀ ਬਰਾਮਦ ਕੀਤਾ ਹੈ। ਪੰਜਾਬ ਪੁਲਿਸ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹਨਾਂ ਮੁਲਜ਼ਮਾਂ ਦਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਵੀ ਸਬੰਧ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ ਸਥਿਤ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸਰਗਨਾ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਨੇ ਗੋਲਡੀ ਢਿੱਲੋਂ ਦਾ ਨਾਮ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਜੋੜਿਆ ਹੈ। ਡੀਜੀਪੀ ਨੇ ਇਸ ਕਾਰਵਾਈ ਨੂੰ ਪਾਕਿਸਤਾਨ ਦੀ ਆਈਐਸਆਈ ਦੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਯੋਜਨਾ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਦੱਸਿਆ।

ਗੋਲਡੀ ਤੇ ਰੱਖਿਆ ਗਿਆ ਹੈ ਇਨਾਮ

ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਵਿਦੇਸ਼ ਵਿੱਚ ਬੈਠੇ ਗੋਲਡੀ ਢਿੱਲੋਂ ‘ਤੇ ਐਨਆਈਏ ਵੱਲੋਂ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਇਸ ਮਾਮਲੇ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨਿਟ (SSOC) ਮੋਹਾਲੀ ਵਿਖੇ ਵਿਸਫੋਟਕ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪੁਲਿਸ ਇਸ ਮਾਮਲੇ ਦੀ ਅੱਤਵਾਦੀ ਗਤੀਵਿਧੀਆਂ ਦੇ ਸਬੰਧ ਵਿੱਚ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਦੋਵੇਂ ਮੁਲਜ਼ਮ ਪੁਲਿਸ ਰਿਮਾਂਡ ‘ਤੇ ਹਨ।