ਜੀਤ ਮੋਹਿੰਦਰ ਸਿੰਘ ਸਿੱਧੂ
ਬਠਿੰਡਾ ਲੋਕ ਸਭਾ ਸੀਟ ਤੋਂ ਇਸ ਵਾਰ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਜੀਤ ਮੋਹਿੰਦਰ ਸਿੰਘ ਸਿੱਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜੀਤ ਮੋਹਿੰਦਰ ਸਿੰਘ ਸਿੱਧੂ ਦੀ ਪਹਿਚਾਣ ਇਹ ਹੈ ਕਿ ਉਹ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਵੀ ਜਿੱਤ ਕੇ ਵਿਧਾਨ ਸਭਾ ਪਹੁੰਚ ਚੁੱਕੇ ਹਨ। ਆਓ ਆਪਾਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਜਾਣਦੇ ਹਾਂ।
ਜੀਤ ਮੋਹਿੰਦਰ ਸਿੰਘ ਸਿੱਧੂ ਦਾ ਸਿਆਸੀ ਸਫ਼ਰ
ਜੀਤ ਮੋਹਿੰਦਰ ਸਿੰਘ ਸਿੱਧੂ ਦੇ ਸਿਆਸੀ ਸਫ਼ਰ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੋਈ। ਸ਼੍ਰੋਮਣੀ ਅਕਾਲੀ ਦਲ ਨੇ 1997 ਵਿੱਚ ਉਹਨਾਂ ਨੂੰ ਸਾਬੋ ਤਲਵੰਡੀ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਪਰ ਇਸ ਵਾਰ ਉਹਨਾਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਬਾਅਦ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਮੈਦਾਨ ਵਿੱਚ ਉਤਰੇ ਅਤੇ ਕਾਂਗਰਸੀ ਉਮੀਦਵਾਰ ਨੂੰ 237 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਪਹੁੰਚੇ। ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਜਿੱਤਣ ਦੇ ਕੁੱਝ ਮਹੀਨਿਆਂ ਬਾਅਦ ਹੀ ਜੀਤ ਮੋਹਿੰਦਰ ਸਿੱਧੂ ਨੇ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਲਿਆ।
ਇਸ ਤੋਂ ਬਾਅਦ ਜੀਤ ਮੋਹਿੰਦਰ ਸਿੱਧੂ ਦੇ ਸਿਤਾਰੇ ਚਮਕਣ ਲੱਗੇ ਉਹਨਾਂ ਨੇ ਸਾਲ 2007 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ ‘ਤੇ ਜਿੱਤੀਆਂ। ਪਰ 2014 ਵਿੱਚ ਮੁੜ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਬਾਅਦ ਉਹਨਾਂ ਦੀ ਸੀਟ ‘ਤੇ ਜ਼ਿਮਨੀ ਚੋਣ ਹੋਈ। ਜਿਸ ਵਿੱਚ ਉਹਨਾਂ ਨੇ ਮੁੜ ਫਿਰ ਜਿੱਤ ਹਾਸਿਲ ਕੀਤੀ।
ਇਸ ਤੋਂ ਬਾਅਦ ਜੀਤ ਮੋਹਿੰਦਰ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ। ਪਰ ਸਾਲ 2023 ਵਿੱਚ ਉਹਨਾਂ ਨੇ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਅਤੇ ਕਰੀਬ 11 ਸਾਲ ਮਗਰੋਂ ਮੁੜ ਕਾਂਗਰਸ ਵਿੱਚ ਸਾਮਿਲ ਹੋ ਗਏ। ਹੁਣ ਕਾਂਗਰਸ ਨੇ ਉਹਨਾਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਹੁਣ ਦੇਖਣਾ ਹੋਵੇਗਾ ਕਿ ਉਹ ਜਿੱਤਕੇ ਲੋਕ ਸਭਾ ਦੀਆਂ ਪੌੜੀਆਂ ਚੜ੍ਹ ਸਕਣਗੇ ਜਾਂ ਫਿਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।