9 ਜੂਨ ਨੂੰ ਮੁੜ ਪ੍ਰਧਾਨਮੰਤਰੀ ਬਣਨਗੇ ਨਰੇਂਦਰ ਮੋਦੀ, ਜਾਣੋ ਸਮਾਗਮ ਵਿੱਚ ਕੌਣ ਕੌਣ ਹੋਵੇਗਾ ਸ਼ਾਮਿਲ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਾਮਜ਼ਦ ਕੀਤਾ ਹੈ। ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਸੰਸਦੀ ਦਲ ਦੇ ਨੇਤਾ ਵਜੋਂ ਮੋਦੀ ਦੀ ਚੋਣ 'ਤੇ ਰਾਸ਼ਟਰਪਤੀ ਨੂੰ ਪੱਤਰ ਸੌਂਪਿਆ। ਇਸ ਤੋਂ ਬਾਅਦ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਆਗੂਆਂ ਨੇ ਵੀ ਰਾਸ਼ਟਰਪਤੀ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸ਼ੁੱਕਰਵਾਰ ਨੂੰ ਹੋਈ ਬੈਠਕ ‘ਚ ਨਰਿੰਦਰ ਮੋਦੀ ਨੂੰ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਐਨਡੀਏ ਦੇ ਵਫ਼ਦ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਸਮਰਥਨ ਪੱਤਰ ਸੌਂਪਿਆ। ਕੁਝ ਸਮੇਂ ਬਾਅਦ ਰਾਸ਼ਟਰਪਤੀ ਨੇ ਵੀ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਰਾਸ਼ਟਰਪਤੀ 9 ਜੂਨ ਨੂੰ ਸ਼ਾਮ 7.15 ਵਜੇ ਰਾਸ਼ਟਰਪਤੀ ਭਵਨ ਵਿਖੇ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ।
ਭਾਰਤ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਅਤੇ ਸੇਸ਼ੇਲਸ ਦੇ ਰਾਸ਼ਟਰਪਤੀ ਵੇਵਲ ਰਾਮਖੇਲਾਵਨ ਨੂੰ ਵੀ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਦਹਿਲ ਐਤਵਾਰ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਹੋਣਗੇ।


