ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ, ਚੋਣ ਕਮਿਸ਼ਨ ਦੁਪਹਿਰ 12 ਵਜੇ ਕਰੇਗਾ ਪ੍ਰੈੱਸ ਕਾਨਫਰੰਸ
ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਪੰਜ ਰਾਜਾਂ ਦੀਆਂ ਚੋਣਾਂ ਦਾ ਐਲਾਨ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਨਾਲ ਜੁੜੇ ਅਧਿਕਾਰੀਆਂ ਵੱਲੋਂ ਪੰਜ ਰਾਜਾਂ ਦਾ ਦੌਰਾ ਕਰਕੇ ਚੋਣ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਨੇ ਅੱਜ 12 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਮਤਦਾਨ ਲਈ 10 ਤੋਂ 15 ਦਸੰਬਰ ਦੀ ਤਰੀਕ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।
ਨਵੀਂ ਦਿੱਲੀ। ਭਾਰਤੀ ਚੋਣ ਕਮਿਸ਼ਨ (ECI) ਅੱਜ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਜਿਨ੍ਹਾਂ ਪੰਜ ਰਾਜਾਂ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮੱਧ ਪ੍ਰਦੇਸ਼, (Madhya Pradesh) ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਸ਼ਾਮਲ ਹਨ। ਚੋਣ ਪੈਨਲ ਨੇ ਅੱਜ ਦੁਪਹਿਰ 12 ਵਜੇ ਪੋਲਿੰਗ ਦੀਆਂ ਤਰੀਕਾਂ, ਗੇੜਾਂ ਦੀ ਗਿਣਤੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਅਤੇ ਵਾਪਸ ਲੈਣ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਬੁਲਾਈ ਹੈ। ਇਨ੍ਹਾਂ ਪੰਜਾਂ ਰਾਜਾਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਦਸੰਬਰ 2023 ਤੋਂ ਜਨਵਰੀ 2024 ਦਰਮਿਆਨ ਖਤਮ ਹੋਣ ਵਾਲਾ ਹੈ।
ਚੋਣ ਕਮਿਸ਼ਨ (Election Commission) ਆਮ ਤੌਰ ‘ਤੇ ਵਿਧਾਨ ਸਭਾ ਦੀ ਮਿਆਦ ਖਤਮ ਹੋਣ ਤੋਂ ਛੇ ਤੋਂ ਅੱਠ ਹਫ਼ਤੇ ਪਹਿਲਾਂ ਚੋਣ ਪ੍ਰੋਗਰਾਮ ਦਾ ਐਲਾਨ ਕਰਦਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ), ਮੁੱਖ ਵਿਰੋਧੀ ਕਾਂਗਰਸ ਅਤੇ ਖੇਤਰੀ ਪਾਰਟੀਆਂ ਸਮੇਤ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਲਈ ਵੱਡੀ ਪ੍ਰੀਖਿਆ ਹੋਣਗੀਆਂ।
5 ਵਿੱਚੋਂ ਦੋ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਹੈ
ਪੰਜਾਂ ਵਿੱਚੋਂ ਦੋ ਰਾਜਾਂ (ਰਾਜਸਥਾਨ ਅਤੇ ਛੱਤੀਸਗੜ੍ਹ) ਵਿੱਚ ਕਾਂਗਰਸ (Congress) ਸੱਤਾ ਵਿੱਚ ਹੈ, ਜਦਕਿ ਮੱਧ ਪ੍ਰਦੇਸ਼ ਵਿੱਚ ਭਾਜਪਾ ਸੱਤਾਧਾਰੀ ਪਾਰਟੀ ਹੈ। ਕੇਸੀਆਰ ਦੀ ਅਗਵਾਈ ਵਾਲੀ ਬੀਆਰਐਸ ਤੇਲੰਗਾਨਾ ਵਿੱਚ ਅਤੇ ਮਿਜ਼ੋ ਨੈਸ਼ਨਲ ਫਰੰਟ (ਐਮਐਨਐਫ) ਮਿਜ਼ੋਰਮ ਵਿੱਚ ਸੱਤਾ ਵਿੱਚ ਹੈ। ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ ਨਵੰਬਰ ਦੇ ਦੂਜੇ ਹਫ਼ਤੇ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਦੌਰਾਨ ਵੋਟਾਂ ਪੈਣ ਦੀ ਸੰਭਾਵਨਾ ਹੈ।
ਸੂਤਰਾਂ ਨੇ ਦੱਸਿਆ ਕਿ ਰਾਜਸਥਾਨ, ਮੱਧ ਪ੍ਰਦੇਸ਼, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ 2018 ਵਿੱਚ ਪਿਛਲੀ ਵਾਰ ਵਾਂਗ ਇੱਕੋ ਪੜਾਅ ਵਿੱਚ ਚੋਣਾਂ ਹੋ ਸਕਦੀਆਂ ਹਨ। 2018 ਦੀ ਤਰ੍ਹਾਂ ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਵੋਟਾਂ ਪੈਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਪੰਜ ਰਾਜਾਂ ਵਿੱਚ ਮਤਦਾਨ ਦੀਆਂ ਤਰੀਕਾਂ ਵੱਖ-ਵੱਖ ਹੋ ਸਕਦੀਆਂ ਹਨ। ਪੂਰੀ ਸੰਭਾਵਨਾ ਹੈ ਕਿ ਸਾਰੇ ਪੰਜ ਰਾਜਾਂ ਵਿੱਚ ਇੱਕੋ ਸਮੇਂ ਵੋਟਾਂ ਦੀ ਗਿਣਤੀ ਹੋਵੇਗੀ।