PM ਮੋਦੀ ਦੇ ਪੋਸਟਰ ਪਾੜਨ ਦੇ ਮਾਮਲੇ ‘ਚ 4 ਗ੍ਰਿਫ਼ਤਾਰ, 100 ਤੋਂ ਵੱਧ ਲੋਕਾਂ ਖ਼ਿਲਾਫ਼ FIR ਦਰਜ
ਬੀਤੇ ਸ਼ਨੀਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਮ 'ਤੇ ਬਣੇ ਨੀਤੀਸ਼ ਸੇਤੂ ਦਾ ਉਦਘਾਟਨ ਕੀਤਾ ਸੀ। ਇਸ ਸਮਾਗਮ ਤੋਂ ਪਹਿਲਾਂ ਪੁਲ ਦੇ ਆਲੇ-ਦੁਆਲੇ ਪ੍ਰਧਾਨ ਮੰਤਰੀ ਮੋਦੀ, ਮੁੱਖ ਮੰਤਰੀ ਤੇ ਹੋਰ ਐਨਡੀਏ ਆਗੂਆਂ ਦੀਆਂ ਤਸਵੀਰਾਂ ਵਾਲੇ ਪੋਸਟਰ ਤੇ ਬੈਨਰ ਲਗਾਏ ਗਏ ਸਨ।
PM ਮੋਦੀ ਦੇ ਪੋਸਟਰ ਪਾੜਨ ਦੇ ਮਾਮਲੇ 'ਚ 4 ਗ੍ਰਿਫ਼ਤਾਰ, 100 ਤੋਂ ਵੱਧ ਲੋਕਾਂ ਖ਼ਿਲਾਫ਼ FIR ਦਰਜ
ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਨੀਤੀਸ਼ ਸੇਤੂ ‘ਤੇ ਲਗਾਏ ਗਏ ਪੋਸਟਰ ਤੇ ਬੈਨਰ ਪਾੜਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 100 ਤੋਂ ਵੱਧ ਅਣਪਛਾਤੇ ਲੋਕਾਂ ਸਮੇਤ ਕੁੱਲ 11 ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਕਾਰਵਾਈ ਰਾਘੋਪੁਰ ਦੇ ਬਲਾਕ ਵਿਕਾਸ ਅਧਿਕਾਰੀ (BDO) ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਦੀ ਘਟਨਾ
ਬੀਤੇ ਸ਼ਨੀਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਮ ‘ਤੇ ਬਣੇ ਨੀਤੀਸ਼ ਸੇਤੂ ਦਾ ਉਦਘਾਟਨ ਕੀਤਾ ਸੀ। ਇਸ ਸਮਾਗਮ ਤੋਂ ਪਹਿਲਾਂ ਪੁਲ ਦੇ ਆਲੇ-ਦੁਆਲੇ ਪ੍ਰਧਾਨ ਮੰਤਰੀ ਮੋਦੀ, ਮੁੱਖ ਮੰਤਰੀ ਤੇ ਹੋਰ ਐਨਡੀਏ ਆਗੂਆਂ ਦੀਆਂ ਤਸਵੀਰਾਂ ਵਾਲੇ ਪੋਸਟਰ ਤੇ ਬੈਨਰ ਲਗਾਏ ਗਏ ਸਨ। ਇਲਜ਼ਾਮ ਹੈ ਕਿ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਦਰਜਨਾਂ ਨੌਜਵਾਨ ਤੇ ਬੱਚੇ ਹੱਥਾਂ ‘ਚ ਆਰਜੇਡੀ ਦੇ ਝੰਡੇ ਲੈ ਕੇ ਪੁਲ ‘ਤੇ ਪਹੁੰਚੇ ਤੇ ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਦੇ ਹੱਕ ‘ਚ ਨਾਅਰੇਬਾਜ਼ੀ ਕਰਨ ਲੱਗੇ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉੱਥੇ ਲੱਗੇ ਪੋਸਟਰ ਤੇ ਬੈਨਰ ਪਾੜ ਦਿੱਤੇ।
ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੀਡੀਓਜ਼ ‘ਚ ਕੁਝ ਲੋਕਾਂ ਨੂੰ ਪੋਸਟਰ ਪਾੜਦੇ ਹੋਏ ਦੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਵੱਲੋਂ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਵੀ ਕੀਤੀ ਗਈ। ਹਾਜੀਪੁਰ ਦੇ ਐਸਡੀਓ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਾਇਰਲ ਵੀਡੀਓਜ਼ ਦੇ ਆਧਾਰ ‘ਤੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ‘ਚ ਜੁਟੀ ਹੋਈ ਹੈ।
ਪੁਲਿਸ ਦੀ ਮੌਜੂਦਗੀ ‘ਚ ਕਿਵੇਂ ਪਾੜੇ ਗਏ ਪੋਸਟਰ?
ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਬੰਧਾਂ ‘ਤੇ ਵੀ ਸਵਾਲ ਉੱਠਣ ਲੱਗੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸਮਾਗਮ ਵਾਲੀ ਥਾਂ ਤੋਂ ਨੀਤੀਸ਼ ਸੇਤੂ ਤੱਕ ਜਾਣ ਵਾਲੇ ਰਸਤੇ ‘ਤੇ ਸੈਂਕੜੇ ਪੁਲਿਸ ਮੁਲਾਜ਼ਮਾਂ, ਅਧਿਕਾਰੀਆਂ ਤੇ ਮੈਜਿਸਟ੍ਰੇਟਾਂ ਦੀ ਤਾਇਨਾਤੀ ਕੀਤੀ ਗਈ ਸੀ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਦੇ ਸਮਾਗਮ ਤੋਂ ਰਵਾਨਾ ਹੋਣ ਤੋਂ ਤੁਰੰਤ ਬਾਅਦ ਪੋਸਟਰ ਪਾੜਨ ਦੀ ਘਟਨਾ ਵਾਪਰ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇਹ ਸਭ ਕੁਝ ਹੋ ਰਿਹਾ ਸੀ ਤਾਂ ਪੁਲਿਸ ਮੁਲਾਜ਼ਮ ਮੌਕੇ ‘ਤੇ ਮੌਜੂਦ ਸਨ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓਜ਼ ‘ਚ ਵੀ ਪੁਲਿਸ ਕਰਮਚਾਰੀ ਦਿਖਾਈ ਦੇ ਰਹੇ ਹਨ।
ਸਥਾਨਕ ਲੋਕਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉੱਧਰ, ਪੁਲਿਸ ਦਾ ਕਹਿਣਾ ਹੈ ਕਿ ਵੀਡੀਓ ਫੁਟੇਜ ਦੇ ਆਧਾਰ ‘ਤੇ ਬਾਕੀ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਇਸ ਘਟਨਾ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। Source: TV9Hindi.com
