ਅਨੁਰਾਗ ਠਾਕੁਰ ਦੀ ਟਿੱਪਣੀ ਤੋਂ ਨਾਰਾਜ਼ ਕਾਂਗਰਸ, ਚਰਨਜੀਤ ਚੰਨੀ ਨੇ PM ਮੋਦੀ ਖਿਲਾਫ਼ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ

Updated On: 

31 Jul 2024 16:54 PM

ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਵੱਲੋਂ ਜਾਤੀ ਨੂੰ ਲੈ ਕੇ ਕੀਤੀ ਟਿੱਪਣੀ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਅਨੁਰਾਗ ਦੇ ਭਾਸ਼ਣ ਦੇ ਉਨ੍ਹਾਂ ਹਿੱਸਿਆਂ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ, ਜਿਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ।

ਅਨੁਰਾਗ ਠਾਕੁਰ ਦੀ ਟਿੱਪਣੀ ਤੋਂ ਨਾਰਾਜ਼ ਕਾਂਗਰਸ, ਚਰਨਜੀਤ ਚੰਨੀ ਨੇ PM ਮੋਦੀ ਖਿਲਾਫ਼ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ

ਚਰਨਜੀਤ ਸਿੰਘ ਚੰਨੀ, ਕਾਂਗਰਸ ਐਮਪੀ

Follow Us On

ਲੋਕ ਸਭਾ ‘ਚ ਭਾਜਪਾ ਸੰਸਦ ਅਨੁਰਾਗ ਠਾਕੁਰ ਦੀ ਟਿੱਪਣੀ ਤੋਂ ਬਾਅਦ ਕਾਂਗਰਸ ਲਗਾਤਾਰ ਹਮਲੇ ਕਰ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਖਿਲਾਫ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ, ਜਿਸ ‘ਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੀਐੱਮ ਮੋਦੀ ਨੇ ਅਨੁਰਾਗ ਠਾਕੁਰ ਦੇ ਭਾਸ਼ਣ ਦੇ ਉਨ੍ਹਾਂ ਅੰਸ਼ਾਂ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ।

ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਰੋਪ ਲਾਇਆ ਕਿ ਪੀਐਮ ਮੋਦੀ ਦਾ ਇਹ ਕਦਮ ਸਦਨ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੈ। ਇਸ ਲਈ, ਮੈਂ ਲੋਕ ਸਭਾ ਦੇ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੇ ਪ੍ਰਸਤਾਵ ਨੂੰ ਸਵੀਕਾਰ ਕਰਨ ਅਤੇ ਇਸ ਨੂੰ ਸਦਨ ਵਿੱਚ ਲਿਆਉਣ ਦੀ ਇਜਾਜ਼ਤ ਦੇਣ। ਪ੍ਰਧਾਨ ਮੰਤਰੀ ਵਿਰੁੱਧ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਅਨੁਰਾਗ ਠਾਕੁਰ ਨੇ ਕਹੀ ਸੀ ਇਹ ਗੱਲ

ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਜਾਤੀ ਜਨਗਣਨਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਦੀ ਜਾਤ ਦਾ ਪਤਾ ਨਹੀਂ, ਉਹ ਜਾਤੀ ਜਨਗਣਨਾ ਦੀ ਗੱਲ ਕਰਦੇ ਹਨ। ਕਾਂਗਰਸ ਦੇ ਸੰਸਦ ਮੈਂਬਰਾਂ ਦੇ ਨਾਲ-ਨਾਲ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀ ਇਸ ਸਬੰਧੀ ਇਤਰਾਜ਼ ਉਠਾਇਆ ਸੀ। ਸਦਨ ਵਿੱਚ ਭਾਰੀ ਹੰਗਾਮਾ ਹੋ ਗਿਆ।

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਮੌਜੂਦਾ ਸੰਸਦ ਅਨੁਰਾਗ ਠਾਕੁਰ ਨੇ ਉਨ੍ਹਾਂ ਦਾ ਅਪਮਾਨ ਕੀਤਾ ਹੈ।

ਰਾਹੁਲ ਦੀ ਜਾਤ ਪੁੱਛਣ ਵਿੱਚ ਕੁਝ ਗਲਤੀ ਨਹੀਂ

ਇਸ ਮਾਮਲੇ ‘ਚ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਬੁੱਧਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਦੀ ਜਾਤ ਪੁੱਛਣ ‘ਚ ਕੁਝ ਵੀ ਗਲਤ ਨਹੀਂ ਹੈ। ਉਹ (ਆਪ ਵੀ) ਅਜਿਹਾ ਹੀ ਕਰਦੇ ਰਹਿੰਦੇ ਹਨ। ਉਹ ਦੇਸ਼ ਨੂੰ ਜਾਤ ਦੇ ਆਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਨੇ ਲੋਕਾਂ ਤੋਂ ਉਨ੍ਹਾਂ ਦੀ ਜਾਤ ਪੁੱਛ ਕੇ ਦੇਸ਼ ਨੂੰ ਵੰਡਣ ਦੀ ਸਾਜ਼ਿਸ਼ ਰਚੀ ਹੈ। ਜਦੋਂ ਰਾਹੁਲ ਦੀ ਜਾਤ ਦੀ ਗੱਲ ਹੁੰਦੀ ਹੈ ਤਾਂ ਵਿਰੋਧ ਹੋ ਰਿਹਾ ਹੈ।

ਰਿਜਿਜੂ ਨੇ ਕਿਹਾ ਕਿ ਕਾਂਗਰਸ ਹਰ ਰੋਜ਼ ਜਾਤੀ ਦੀ ਗੱਲ ਕਰਦੀ ਹੈ। ਰਾਹੁਲ ਸਾਰਿਆਂ ਨੂੰ ਜਾਤ ਬਾਰੇ ਪੁੱਛਦਾ ਹੈ। ਭਾਰਤ ਜੋੜੋ ਯਾਤਰਾ ਦੌਰਾਨ ਲੋਕਾਂ ਦੀ ਜਾਤ ਪੁੱਛਦੇ ਹਨ। ਉਹ ਲੋਕਾਂ ਦੀ ਜਾਤ ਪੁੱਛ ਸਕਦੇ ਹਨ ਅਤੇ ਕੋਈ ਉਨ੍ਹਾਂ ਦੀ ਜਾਤ ਨਹੀਂ ਪੁੱਛ ਸਕਦਾ… ਇਹ ਕੀ ਹੈ? ਰਿਜਿਜੂ ਨੇ ਆਰੋਪ ਲਾਇਆ ਕਿ ਕਾਂਗਰਸ ਸੜਕਾਂ ਤੋਂ ਸੰਸਦ ਤੱਕ ਹਿੰਸਾ ਫੈਲਾਉਣਾ ਚਾਹੁੰਦੀ ਹੈ। ਭਾਜਪਾ ਲੋਕਾਂ ਨੂੰ ਵੰਡਣ ਦੀਆਂ ਕਾਂਗਰਸ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

Exit mobile version