Corona virus update: ਦੇਸ਼ ਵਿੱਚ ਕੋਰੋਨਾ ਇੱਕ ਵਾਰ ਫਿਰ ਭਿਆਨਕ ਰੂਪ ਧਾਰਨ ਕਰ ਰਿਹਾ ਹੈ। ਸ਼ਨੀਵਾਰ ਨੂੰ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਐਕਟਿਵ ਕੇਸਾਂ (Active Cases) ਦੀ ਗਿਣਤੀ 67, 556 ਹੋ ਗਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ‘ਚ 42 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚੋਂ 10 ਮੌਤਾਂ ਇਕੱਲੇ ਕੇਰਲ ਦੀਆਂ ਹਨ। ਇਸ ਨਾਲ ਮੌਤਾਂ ਦਾ ਕੁੱਲ ਅੰਕੜਾ 5,31,300 ਹੋ ਗਿਆ ਹੈ।
ਜਾਣਕਾਰੀ ਅਨੁਸਾਰ ਐਕਟਿਵ ਕੇਸ ਕੁੱਲ ਕੇਸਾਂ ਦਾ 0.15 ਫੀਸਦੀ ਹੈ, ਜਦ ਕਿ ਰਿਕਵਰੀ ਰੇਟ 98.66 ਫੀਸਦੀ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੋਰੋਨਾ ਦੇ 11,692 ਨਵੇਂ ਮਾਮਲੇ ਸਾਹਮਣੇ ਆਏ ਸਨ। ਯਾਨੀ ਪਿਛਲੇ 24 ਘੰਟਿਆਂ ‘ਚ 501 ਨਵੇਂ ਮਾਮਲੇ ਵਧੇ ਹਨ। ਜਾਣਕਾਰੀ ਮੁਤਾਬਕ ਸਭ ਤੋਂ ਵੱਧ ਮਾਮਲੇ ਕੇਰਲ ਤੋਂ ਆ ਰਹੇ ਹਨ। ਇਸ ਤੋਂ ਇਲਾਵਾ ਦਿੱਲੀ, ਮਹਾਰਾਸ਼ਟਰ ਵਰਗੇ ਵੱਡੇ ਸੂਬੇ ਵੀ ਕੋਰੋਨਾ ਦੇ ਹੌਟਸਪੌਟ ਬਣ ਗਏ ਹਨ।
ਮਹਾਰਾਸ਼ਟਰ ‘ਚ ਕੋਰੋਨਾ ਬੇਕਾਬੂ
ਮਹਾਰਾਸ਼ਟਰ ਵਿੱਚ ਵੀ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਇੱਥੇ 933 ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ 5 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ, ਸੰਕਰਮਿਤਾਂ (Positive) ਦੀ ਕੁੱਲ ਗਿਣਤੀ ਵਧ ਕੇ 8160499 ਹੋ ਗਈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 148497 ਹੋ ਗਈ। ਸਿਹਤ ਵਿਭਾਗ ਦੇ ਅਨੁਸਾਰ, ਓਮਿਕਰੋਨ ਦਾ XBB.1.16 ਵੇਰੀਐਂਟ ਕੋਰੋਨਾ ਦੇ ਵਧਦੇ ਮਾਮਲਿਆਂ ਲਈ ਜ਼ਿੰਮੇਵਾਰ ਹੈ। ਇਸ ਵੇਰੀਐਂਟ ਤੋਂ ਹੁਣ ਤੱਕ 681 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਇਸ ਕਾਰਨ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੇਂਦਰ ਨੇ 8 ਸੂਬਿਆਂ ਨੂੰ ਲਿਖਿਆ ਪੱਤਰ
ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ 8 ਸੂਬਿਆਂ ਨੂੰ ਸਥਿਤੀ ‘ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼, ਤਾਮਿਲਨਾਡੂ, ਰਾਜਸਥਾਨ, ਮਹਾਰਾਸ਼ਟਰ, ਕੇਰਲ, ਕਰਨਾਟਕ, ਹਰਿਆਣਾ ਅਤੇ ਦਿੱਲੀ ਦੇ ਸਿਹਤ ਸਕੱਤਰਾਂ ਨੂੰ ਪੱਤਰ ਲਿਖਿਆ ਅਤੇ ਉਨ੍ਹਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਨਿਗਰਾਨੀ ਵਧਾਉਣ ਲਈ ਕਿਹਾ।
ਉਨ੍ਹਾਂ ਨੇ ਪੱਤਰ ‘ਚ ਕਿਹਾ ਕਿ ਇਸ ਸਾਲ ਮਾਰਚ ਤੋਂ ਕੋਰੋਨਾ ਦੇ ਮਾਮਲਿਆਂ (Corona Cases) ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਹਫਤੇ ਕੋਰੋਨਾ ਦੇ 10262 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਪਾਜੀਟਿਵਿਟੀ ਦਰ ਵੀ ਵਧ ਰਹੀ ਹੈ। 19 ਅਪ੍ਰੈਲ ਨੂੰ ਖਤਮ ਹੋਏ ਹਫਤੇ ‘ਚ ਪਾਜੀਟਿਵਿਟੀ ਦਰ 5.5 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਪਿਛਲੇ ਹਫਤੇ ਪਾਜੀਟਿਵਿਟੀ ਦਰ 4.7 ਫੀਸਦੀ ਸੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ। ਅਜਿਹੀ ਸਥਿਤੀ ਵਿੱਚ ਸਾਨੂੰ ਹੋਰ ਸੁਚੇਤ ਰਹਿਣ ਦੀ ਲੋੜ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ