CJP ਦਾ ਅੱਜ ਲਹਿਰਾ ਦੋ ਤਿਰੰਗਾ ਮਾਰਚ, ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰ; ਸੈਂਟਰਲ ਪਾਰਕ ਰਹੇਗਾ ਬੰਦ

Published: 

16 Oct 2026 08:11 AM IST

ਦਿੱਲੀ ਦੇ ਜੰਤਰ-ਮੰਤਰ ਉੱਤੇ ਵਿਰੋਧ ਪ੍ਰਦਰਸ਼ਨਾਂ 'ਤੇ ਲਗਾਈ ਗਈ ਪਾਬੰਦੀ ਤੋਂ ਬਾਅਦ ਹੁਣ ਸਿਆਸੀ ਅਤੇ ਪ੍ਰਸ਼ਾਸਨਿਕ ਸਰਗਰਮੀਆਂ ਦਾ ਕੇਂਦਰ ਕਨਾਟ ਪਲੇਸ (ਸੀਪੀ) ਦਾ ਸੈਂਟਰਲ ਪਾਰਕ ਬਣ ਗਿਆ ਹੈ। ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਸ਼ੁੱਕਰਵਾਰ ਸ਼ਾਮ 5 ਵਜੇ ਸੈਂਟਰਲ ਪਾਰਕ ਵਿੱਚ 'ਲਹਿਰਾ ਦੋ ਤਿਰੰਗਾ' ਮੁਹਿੰਮ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ ਗਿਆ ਸੀ।

CJP ਦਾ ਅੱਜ ਲਹਿਰਾ ਦੋ ਤਿਰੰਗਾ ਮਾਰਚ, ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰ; ਸੈਂਟਰਲ ਪਾਰਕ ਰਹੇਗਾ ਬੰਦ

ਦਿੱਲੀ ਦੇ ਜੰਤਰ-ਮੰਤਰ ਉੱਤੇ ਵਿਰੋਧ ਪ੍ਰਦਰਸ਼ਨਾਂ ‘ਤੇ ਲਗਾਈ ਗਈ ਪਾਬੰਦੀ ਤੋਂ ਬਾਅਦ ਹੁਣ ਸਿਆਸੀ ਅਤੇ ਪ੍ਰਸ਼ਾਸਨਿਕ ਸਰਗਰਮੀਆਂ ਦਾ ਕੇਂਦਰ ਕਨਾਟ ਪਲੇਸ (ਸੀਪੀ) ਦਾ ਸੈਂਟਰਲ ਪਾਰਕ ਬਣ ਗਿਆ ਹੈ। ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਸ਼ੁੱਕਰਵਾਰ ਸ਼ਾਮ 5 ਵਜੇ ਸੈਂਟਰਲ ਪਾਰਕ ਵਿੱਚ ‘ਲਹਿਰਾ ਦੋ ਤਿਰੰਗਾ’ ਮੁਹਿੰਮ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ ਗਿਆ ਸੀ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਪ੍ਰੋਗਰਾਮ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਪਰ ਦਿੱਲੀ ਹਾਈਕੋਰਟ ਵੱਲੋਂ ਪ੍ਰਦਰਸ਼ਨ ‘ਤੇ ਰੋਕ ਲਗਾਉਣ ਤੋਂ ਨਾਂਹ ਕੀਤੇ ਜਾਣ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਹੈ। ਸੰਭਾਵੀ ਪ੍ਰਦਰਸ਼ਨ ਅਤੇ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਸੈਂਟਰਲ ਪਾਰਕ ਨੂੰ ਆਮ ਨਾਗਰਿਕਾਂ ਲਈ 16 ਅਤੇ 17 ਅਕਤੂਬਰ ਦੋ ਦਿਨਾਂ ਵਾਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ ਅਤੇ ਪੂਰੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਘੇਰੇ ਕਾਇਮ ਕਰ ਦਿੱਤੇ ਹਨ।

ਕਨਾਟ ਪਲੇਸ ਅਤੇ ਜੰਤਰ-ਮੰਤਰ ਦੇ ਆਸ-ਪਾਸ ਸੁਰੱਖਿਆ ਦੇ ਬੇਹੱਦ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕੌਮੀ ਰਾਜਧਾਨੀ ਵਿੱਚ ਪਹਿਲਾਂ ਤੋਂ ਹੀ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਮੋਰਚਾ ਸੰਭਾਲੀ ਬੈਠੀਆਂ ਹਨ।

ਥਾਂ-ਥਾਂ ਬੈਰੀਕੇਡਿੰਗ ਅਤੇ ਧਾਰਾ 163 ਲਾਗੂ

ਪੁਲਿਸ ਸੂਤਰਾਂ ਅਨੁਸਾਰ ਰਣਨੀਤਕ ਤੌਰ ‘ਤੇ ਮਹੱਤਵਪੂਰਨ ਥਾਵਾਂ ‘ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਜਾ ਰਹੇ ਹਨ। ਕਈ ਪ੍ਰਮੁੱਖ ਰਸਤਿਆਂ ‘ਤੇ ਬੈਰੀਕੇਡ ਲਗਾ ਕੇ ਨਾਕੇਬੰਦੀ ਕੀਤੀ ਜਾਵੇਗੀ ਤਾਂ ਜੋ ਪ੍ਰਦਰਸ਼ਨਕਾਰੀਆਂ ਅਤੇ ਰਾਹਗੀਰਾਂ ਦੀ ਆਵਾਜਾਈ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਨਾਟ ਪਲੇਸ ਕੋਈ ਧਰਨੇ-ਪ੍ਰਦਰਸ਼ਨਾਂ ਲਈ ਨਿਰਧਾਰਤ ਅਧਿਕਾਰਤ ਥਾਂ ਨਹੀਂ ਹੈ।

ਦਿੱਲੀ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪ੍ਰਦਰਸ਼ਨ ਦਾ ਹਿੱਸਾ ਨਾ ਬਣਨ। ਕਨਾਟ ਪਲੇਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ, ਨਾਗਰਿਕਾਂ ਦੀ ਜਾਨ ਦੀ ਰਾਖੀ ਅਤੇ ਸਰਕਾਰੀ ਤੇ ਨਿੱਜੀ ਜਾਇਦਾਦਾਂ ਦੇ ਬਚਾਅ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਲਾਗੂ ਕਰ ਦਿੱਤੀ ਗਈ ਹੈ।

ਦੁਕਾਨਦਾਰ ਦੀ ਅਰਜ਼ੀ ‘ਤੇ ਹਾਈਕੋਰਟ ਦੀ ਸੁਣਵਾਈ

ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਹਾਈਕੋਰਟ ਨੇ ਕਾਕਰੋਚ ਜਨਤਾ ਪਾਰਟੀ ਅਤੇ ਇਸ ਦੇ ਸੰਸਥਾਪਕ ਅਭਿਜੀਤ ਦੀਪਕੇ ਵੱਲੋਂ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਸ਼ੁੱਕਰਵਾਰ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਉੱਤੇ ਪਾਬੰਦੀ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਅਦਾਲਤ ਨੇ ਪੁਲਿਸ ਵੱਲੋਂ ਦਿੱਤੇ ਗਏ ਇਸ ਭਰੋਸੇ ਨੂੰ ਰਿਕਾਰਡ ‘ਤੇ ਦਰਜ ਕੀਤਾ ਕਿ ਪ੍ਰਦਰਸ਼ਨਕਾਰੀਆਂ ਦੀਆਂ ਸਰਗਰਮੀਆਂ ਨੂੰ ਕੰਟਰੋਲ ਕਰਨ ਅਤੇ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਡਿਵੀਜ਼ਨ ਬੈਂਚ ਵੱਲੋਂ ਕਨਾਟ ਪਲੇਸ ਦੇ ਇੱਕ ਵਪਾਰੀ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾ ਰਹੀ ਸੀ। ਇਸ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਨੂੰ ਵਿਰੋਧ ਪ੍ਰਦਰਸ਼ਨ ਕੰਟਰੋਲ ਕਰਨ ਦੀ ਹਦਾਇਤ ਦੇਣ ਦੀ ਮੰਗ ਕੀਤੀ ਗਈ ਸੀ।

ਪਟੀਸ਼ਨਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮੱਧ ਦਿੱਲੀ ਵਿੱਚ ਅਜਿਹੇ ਪ੍ਰਦਰਸ਼ਨਾਂ ਕਰਕੇ ਜੇਕਰ ਇੱਕ ਹੋਰ ਵੀਕੈਂਡ ‘ਤੇ ਦੁਕਾਨਾਂ ਬੰਦ ਰਹੀਆਂ, ਤਾਂ ਵਪਾਰੀ ਅਤੇ ਦੁਕਾਨਦਾਰ ਸੜਕਾਂ ‘ਤੇ ਆ ਜਾਣਗੇ ਅਤੇ ਉਨ੍ਹਾਂ ਦਾ ਭਾਰੀ ਆਰਥਿਕ ਨੁਕਸਾਨ ਹੋਵੇਗਾ। ਇਸ ‘ਤੇ ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਸੀਜੇਪੀ ਦੀਆਂ ਹਰਕਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਗਏ ਹਨ ਅਤੇ ਵਪਾਰੀਆਂ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਿਆ ਜਾਵੇਗਾ। ਜਦੋਂ ਪਟੀਸ਼ਨਰ ਦੇ ਵਕੀਲ ਨੇ ਸੀਜੇਪੀ ਨੂੰ ਰੋਕਣ ਲਈ ਕੋਈ ਖ਼ਾਸ ਹੁਕਮ ਜਾਰੀ ਕਰਨ ਦੀ ਦੁਬਾਰਾ ਮੰਗ ਕੀਤੀ, ਤਾਂ ਬੈਂਚ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਜ਼ਿੱਦ ਨਾ ਕੀਤੀ ਜਾਵੇ ਕਿਉਂਕਿ ਅਦਾਲਤ ਆਪਣਾ ਫ਼ੈਸਲਾ ਪਹਿਲਾਂ ਹੀ ਦੇ ਚੁੱਕੀ ਹੈ।

ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਦੇ ਸਮਰਥਨ ‘ਚ ਤਿਰੰਗਾ ਮਾਰਚ ਦਾ ਸੱਦਾ

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੀਜੇਪੀ ਮੁਖੀ ਅਭਿਜੀਤ ਦੀਪਕੇ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸ਼ੁੱਕਰਵਾਰ ਨੂੰ ਕੌਮੀ ਝੰਡੇ ਤਿਰੰਗੇ ਸਮੇਤ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਇਕੱਠੇ ਹੋਣ। ਉਨ੍ਹਾਂ ਦੋਸ਼ ਲਾਇਆ ਕਿ ਸੀਜੇਪੀ ਦੇ ਸੀਨੀਅਰ ਮੈਂਬਰਾਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਸਿਰਫ਼ ਤਿਰੰਗਾ ਲਹਿਰਾਉਣ ਕਾਰਨ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਸ਼ਾਂਤੀ ਮੁਚੱਲਕੇ (ਬਾਂਡ) ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਜੰਤਰ-ਮੰਤਰ ਵਿੱਚ ਜ਼ਬਰਦਸਤੀ ਦਾਖ਼ਲ ਹੋਣ ਦੇ ਦੋਸ਼ਾਂ ਤਹਿਤ ਬੁੱਧਵਾਰ ਨੂੰ ਅਦਾਲਤ ਵੱਲੋਂ 5 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਕਾਰਵਾਈ ਦੇ ਵਿਰੋਧ ਵਜੋਂ ਹੀ ਉਸੇ ਦਿਨ ਦੀਪਕੇ ਵੱਲੋਂ ਸੈਂਟਰਲ ਪਾਰਕ ਵਿੱਚ ਇਸ ਵੱਡੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।

Loading...
Unable to load recommendations.
Follow Us