ਦਿੱਲੀ ਸੇਵਾ ਬਿੱਲ ‘ਤੇ ਲੋਕ ਸਭਾ ‘ਚ ਹੰਗਾਮਾ, ਅਮਿਤ ਸ਼ਾਹ ਬੋਲੇ- ਕਾਨੂੰਨ ਬਣਾਉਣ ਤੋਂ ਅਦਾਲਤ ਨੇ ਵੀ ਨਹੀਂ ਰੋਕਿਆ, ਕਾਂਗਰਸ-ਓਵੈਸੀ ਦਾ ਵਿਰੋਧ
ਦਿੱਲੀ ਸੇਵਾ ਬਿੱਲ ਲੋਕ ਸਭਾ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਬਿੱਲ ਪੇਸ਼ ਹੁੰਦੇ ਹੀ ਵਿਰੋਧੀ ਧਿਰ ਵੱਲੋਂ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਇਸ ਦਾ ਵਿਰੋਧ ਕੀਤਾ ਹੈ। ਉੱਥੇ ਹੀ ਅਮਿਤ ਸ਼ਾਹ ਨੇ ਕਿਹਾ ਕਿ ਸਾਨੂੰ ਇਹ ਅਧਿਕਾਰ ਸੰਵਿਧਾਨ ਤੋਂ ਮਿਲਿਆ ਹੈ।
ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਦੇ ਅਧਿਕਾਰਾਂ ਅਤੇ ਸੇਵਾਵਾਂ ਨਾਲ ਸਬੰਧਤ ਬਿੱਲ (Delhi Service Bill) ਲੋਕ ਸਭਾ ਵਿੱਚ ਪੇਸ਼ ਕਰ ਦਿੱਤਾ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਸ ਦੀ ਪੇਸ਼ ਕੀਤਾ ਹੈ। ਇਸ ਬਾਰੇ ਕੱਲ੍ਹ ਚਰਚਾ ਹੋਵੇਗੀ। ਉੱਧਰ, ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਸੂਬਾ ਸਰਕਾਰ ਦੇ ਅਧਿਕਾਰਾਂ ਦਾ ਘਾਣ ਕਰਦਾ ਹੈ। ਇਹ ਸੰਘੀ ਢਾਂਚੇ ਦੇ ਵਿਰੁੱਧ ਹੈ। ਇਹ ਉਨ੍ਹਾਂ ਦੀ ਕਬਰਗਾਹ ਬਣੇਗਾ। ਇਹ ਬਿੱਲ ਸੰਵਿਧਾਨ ਦੀ ਉਲੰਘਣਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਕਿਹਾ ਹੈ ਕਿ ਸਾਡੇ ਸੰਵਿਧਾਨ ਨੇ ਕਾਨੂੰਨ ਬਣਾਉਣ ਦਾ ਪੂਰਾ ਅਧਿਕਾਰ ਦਿੱਤਾ ਹੈ। ਅਦਾਲਤ ਨੇ ਵੀ ਕਾਨੂੰਨ ਬਣਾਉਣ ਤੋਂ ਨਹੀਂ ਰੋਕਿਆ। ਸਾਰੇ ਵਿਰੋਧ ਸਿਆਸੀ ਹਨ।
ਲੋਕ ਸਭਾ ‘ਚ ਬਿੱਲ ਖਿਲਾਫ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਵੱਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਲੋਕ ਸਭਾ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਸਪੀਕਰ ਨੇ ਹੰਗਾਮਾ ਕਰਨ ਵਾਲੇ ਵਿਰੋਧੀ ਸੰਸਦ ਮੈਂਬਰਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਏਆਈਐਮਆਈਐਮ ਦੇ ਸੰਸਦ ਅਸਦੁਦੀਨ ਓਵੈਸੀ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਚੈੱਸ ਅਤੇ ਲੂਡੋ ਦੀ ਖੇਡ ਹੈ। ਇਹ ਸੰਵਿਧਾਨ ਦੀ ਉਲੰਘਣਾ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਕੇਸੀ ਵੇਣੂਗੋਪਾਲ ਨੇ ਵਿਰੋਧ ਜਤਾਉਂਦੇ ਹੋਏ ਕਿਹਾ ਕਿ ਦਿੱਲੀ ਸੇਵਾ ਬਿੱਲ ਪੂਰੀ ਤਰ੍ਹਾਂ ਸੰਘ ਵਿਰੋਧੀ ਅਤੇ ਗੈਰ-ਜਮਹੂਰੀ ਹੈ। ਅਸੀਂ ਇਸ ਦਾ ਸਖ਼ਤ ਵਿਰੋਧ ਕਰਾਂਗੇ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਵੀ ਕਿਹਾ ਕਿ ਬਿੱਲ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।


