ਦੇਵੇਂਦਰ ਫੜਨਵੀਸ ਕੱਲ੍ਹ ਚੁੱਕਣਗੇ ਮਹਾਰਾਸ਼ਟਰ ਦੇ ਨਵੇਂ ਸੀਐਮ ਦੀ ਸਹੁੰ, ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ
Davendra Fadanvis: ਮਹਾਰਾਸ਼ਟਰ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਸਵਾਲ ਦਾ ਜਵਾਬ ਅੱਜ ਮਿਲ ਗਿਆ ਹੈ। ਭਾਜਪਾ ਨੇ ਰਾਜ ਦੀ ਕਮਾਨ ਦੇਵੇਂਦਰ ਫੜਨਵੀਸ ਨੂੰ ਸੌਂਪ ਦਿੱਤੀ ਹੈ। ਉਹ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਉਹ 2014 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਸ਼ਿੰਦੇ ਸਰਕਾਰ ਵਿੱਚ ਉਹ ਉਪ ਮੁੱਖ ਮੰਤਰੀ ਵੀ ਰਹੇ ਹਨ।
ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਜਪਾ ਕੋਰ ਕਮੇਟੀ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਫੜਨਵੀਸ ਨੇ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕਰ ਦਿੱਤਾ ਹੈ। ਉਹ ਭਲਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।
ਭਾਜਪਾ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਮਹਾਯੁਤੀ ਦੇ ਨੇਤਾ ਮਹਾਰਾਸ਼ਟਰ ਦੇ ਰਾਜਪਾਲ ਨੂੰ ਮਿਲੇ ਅਤੇ ਆਪਣਾ ਦਾਅਵਾ ਪੇਸ਼ ਕਰਨਗੇ। ਭਾਜਪਾ ਦੀ ਮਹਾਰਾਸ਼ਟਰ ਇਕਾਈ ਦੇ ਨੇਤਾ ਸੁਧੀਰ ਮੁਨਗੰਟੀਵਾਰ ਨੇ ਪਹਿਲਾ ਹੀ ਮੀਡੀਆ ਨੂੰ ਦੱਸ ਦਿੱਤਾ ਸੀ ਕਿ ਮਹਾਯੁਤੀ ਸਹਿਯੋਗੀ ਰਾਜ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਬੁੱਧਵਾਰ ਨੂੰ ਦੁਪਹਿਰ 3.30 ਵਜੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਮਿਲਣਗੇ।
ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ, ਭਾਰਤੀ ਜਨਤਾ ਪਾਰਟੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਮਹਾਰਾਸ਼ਟਰ ਵਿਧਾਨਕਾਰ ਪਾਰਟੀ ਦੀ ਬੈਠਕ ਲਈ ਅਬਜ਼ਰਵਰ ਬਣਾਇਆ ਸੀ।
ਦੌੜ ਵਿਚ ਸਭ ਤੋਂ ਅੱਗੇ ਸਨ ਦੇਵੇਂਦਰ ਫੜਨਵੀਸ
ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਦੇਵੇਂਦਰ ਫੜਨਵੀਸ ਇਸ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਸਨ। ਉਹ 2014 ਵਿੱਚ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਸਨ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਮਹਾਯੁਤੀ ਗਠਜੋੜ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਗਠਜੋੜ ਨੇ 230 ਵਿਧਾਨ ਸਭਾ ਸੀਟਾਂ ਜਿੱਤੀਆਂ ਹਨ। ਇਸ ਵਿੱਚ ਭਾਜਪਾ ਨੂੰ ਸਭ ਤੋਂ ਵੱਧ 132 ਸੀਟਾਂ ਮਿਲੀਆਂ ਹਨ। ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੇ 57 ਅਤੇ ਅਜੀਤ ਪਵਾਰ ਦੀ ਐਨਸੀਪੀ ਨੇ 41 ਸੀਟਾਂ ਜਿੱਤੀਆਂ ਹਨ।
ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣੇ ਗਏ ਫੜਨਵੀਸ
ਬੁੱਧਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਦੇਵੇਂਦਰ ਫੜਨਵੀਸ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਨੇਤਾ ਚੁਣਿਆ ਗਿਆ। ਇਸ ਤਰ੍ਹਾਂ ਉਹ ਹੁਣ ਤੀਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਨੂੰ ਦੇਖਣ ਲਈ ਮਹਾਯੁਤੀ ਦੇ ਸਹਿਯੋਗੀ ਦਲਾਂ (ਭਾਜਪਾ, ਸ਼ਿਵ ਸੈਨਾ ਅਤੇ ਐਨਸੀਪੀ) ਦੇ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚ ਸਕਦੇ ਹਨ। ਉਹ ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ‘ਚ 5 ਦਸੰਬਰ ਨੂੰ ਨਵੇਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਵੇਗਾ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ- ਕਿਸਾਨਾਂ ਨੇ ਅੰਦੋਲਨ ਕੀਤਾ ਹੋਰ ਤੇਜ਼, ਸਰਕਾਰ ਨੇ ਹੱਲ ਕੱਢਣ ਲਈ ਚੁੱਕਿਆ ਇਹ ਕਦਮ
ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜੋਰਾਂ ਤੇ
5 ਦਸੰਬਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਮਹਾਰਾਸ਼ਟਰ ਭਾਜਪਾ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਸਮਾਗਮ ਦੀਆਂ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ। ਉਹ ਦੱਖਣੀ ਮੁੰਬਈ ‘ਚ ਵੀ ਸਮਾਗਮ ਵਾਲੀ ਥਾਂ ‘ਤੇ ਪਹੁੰਚ ਕੇ ਆਪਣੀ ਦੇਖਰੇਖ ਵਿੱਚ ਸਾਰੇ ਪ੍ਰਬੰਧ ਕਰਵਾ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਸਹੁੰ ਚੁੱਕ ਸਮਾਗਮ ਲਈ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਪ੍ਰੋਗਰਾਮ ‘ਚ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਹੋਰ ਵੱਡੇ ਨੇਤਾ ਵੀ ਸ਼ਾਮਲ ਹੋ ਸਕਦੇ ਹਨ।