ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਬਣੇਗੀ ਯਾਦਗਾਰ… ਵਿਵਾਦਾਂ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਐਲਾਨ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਰਾਤ ਐਲਾਨ ਕੀਤਾ ਕਿ ਉਹਨਾਂ ਦਾ ਸਮਾਰਕ ਬਣੇਗਾ। ਇਸ ਦੇ ਲਈ ਇੱਕ ਟਰੱਸਟ ਬਣਾਇਆ ਜਾਵੇਗਾ। ਅਗਲੇ 3-4 ਦਿਨਾਂ ਵਿੱਚ ਯਾਦਗਾਰ ਦੀ ਜਗ੍ਹਾ ਦਾ ਫੈਸਲਾ ਕਰ ਲਿਆ ਜਾਵੇਗਾ। ਪਰਿਵਾਰ ਨੇ ਯਾਦਗਾਰ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਜਤਾਈ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ। ਸੂਤਰਾਂ ਦਾ ਕਹਿਣਾ ਹੈ ਕਿ ਅਗਲੇ 3-4 ਦਿਨਾਂ ਵਿਚ ਯਾਦਗਾਰ ਦੀ ਜਗ੍ਹਾ ਦਾ ਫੈਸਲਾ ਕਰ ਲਿਆ ਜਾਵੇਗਾ। ਮਨਮੋਹਨ ਸਿੰਘ ਦੇ ਪਰਿਵਾਰ ਨੂੰ ਯਾਦਗਾਰ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਪਰਿਵਾਰ ਨੇ ਯਾਦਗਾਰ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਜਤਾਈ ਹੈ। ਹਾਲਾਂਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਸਵੇਰੇ 11.45 ਵਜੇ ਨਿਗਮਬੋਧ ਘਾਟ ‘ਤੇ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਅੱਜ ਦੇਰ ਰਾਤ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਸਬੰਧੀ ਇੱਕ ਬਿਆਨ ਜਾਰੀ ਕੀਤਾ ਗਿਆ। ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਸਮਾਰਕ ਸਥਾਨ ਬਾਰੇ ਸਵੇਰੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੂਚਿਤ ਕੀਤਾ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸਵੇਰ ਦੀ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਡਾ: ਮਨਮੋਹਨ ਸਿੰਘ ਦੇ ਪਰਿਵਾਰ ਨੂੰ ਦੱਸਿਆ ਕਿ ਸਰਕਾਰ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ।
ਦੱਸ ਦਈਏ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਡਾਕਟਰ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਦੇ ਨਿਰਮਾਣ ਨੂੰ ਲੈ ਕੇ ਗੱਲਬਾਤ ਕੀਤੀ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ਬਣਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਸੀ।
ਪਰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਸਵੇਰੇ 11.45 ਵਜੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ, ਪਰ ਯਾਦਗਾਰ ਬਾਰੇ ਕੁਝ ਨਹੀਂ ਕਿਹਾ ਗਿਆ। ਜਦਕਿ ਕਾਂਗਰਸ ਨੇ ਮੰਗ ਕੀਤੀ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਸਸਕਾਰ ਉਸੇ ਥਾਂ ਕੀਤਾ ਜਾਵੇ, ਜਿੱਥੇ ਯਾਦਗਾਰ ਬਣਾਈ ਜਾਵੇਗੀ।
ਕੌਮੀ ਰਾਜਧਾਨੀ ਵਿੱਚ ਬਣਾਈ ਜਾਵੇਗੀ ਮਨਮੋਹਨ ਸਿੰਘ ਦੀ ਯਾਦਗਾਰ
ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਰਾਜਧਾਨੀ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਾਂਗਰਸ ‘ਤੇ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਇਲਜ਼ਾਮ ਲਾਇਆ। ਸੂਤਰਾਂ ਨੇ ਕਿਹਾ ਕਿ ਯਾਦਗਾਰ ਦੇ ਫੈਸਲੇ ਬਾਰੇ ਕਾਂਗਰਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ, ਪਰ ਇਹ ਵੀ ਕਿਹਾ ਕਿ ਯਾਦਗਾਰ ਬਣਾਉਣ ਲਈ ਢੁਕਵੀਂ ਥਾਂ ਲੱਭਣ ਲਈ ਕੁਝ ਦਿਨ ਲੱਗਣਗੇ।
ਇਹ ਵੀ ਪੜ੍ਹੋ
ਇੱਕ ਸਰਕਾਰੀ ਸੂਤਰ ਨੇ ਕਿਹਾ, “ਕਾਂਗਰਸ ਨੂੰ ਮਨਮੋਹਨ ਸਿੰਘ ਦੇ ਸਨਮਾਨ ਵਿੱਚ ਇੱਕ ਯਾਦਗਾਰ ਬਣਾਉਣ ਦੇ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ, ਪਰ ਉਹ ਇਸ ਮੁੱਦੇ ‘ਤੇ ਰਾਜਨੀਤੀ ਵਿੱਚ ਰੁੱਝੇ ਹੋਏ ਹਨ।” ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ, ‘ਸਰਕਾਰ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ। ਇਸ ਦੌਰਾਨ, ਅੰਤਿਮ ਸੰਸਕਾਰ ਅਤੇ ਹੋਰ ਰਸਮੀ ਕਾਰਵਾਈਆਂ ਹੋ ਸਕਦੀਆਂ ਹਨ ਕਿਉਂਕਿ ਇੱਕ ਟਰੱਸਟ ਦਾ ਗਠਨ ਕੀਤਾ ਜਾਣਾ ਹੈ ਅਤੇ ਇਸਦੇ ਲਈ ਜਗ੍ਹਾ ਅਲਾਟ ਕੀਤੀ ਜਾਣੀ ਹੈ।
ਕਾਂਗਰਸ ‘ਤੇ ਸਿਆਸਤ ਕਰਨ ਦਾ ਇਲਜ਼ਾਮ
ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੀ ਅਗਵਾਈ ਕਰਨ ਵਾਲੇ ਅਤੇ ਆਰਥਿਕ ਸੁਧਾਰਾਂ ਵਿੱਚ ਅਹਿਮ ਯੋਗਦਾਨ ਕਰਨ ਵਾਲੇ ਡਾ.ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ 2004 ਤੋਂ 2014 ਦਰਮਿਆਨ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ।
ਕਾਂਗਰਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੰਘ ਦੇ ਅੰਤਿਮ ਸੰਸਕਾਰ ਅਤੇ ਸਮਾਰਕ ਲਈ ਜਗ੍ਹਾ ਨਾ ਮਿਲਣਾ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਜਾਣਬੁੱਝ ਕੇ ਅਪਮਾਨ ਹੈ। ਕਾਂਗਰਸ ਨੇ ਇਹ ਮੁੱਦਾ ਉਦੋਂ ਉਠਾਇਆ ਜਦੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਸਵੇਰੇ 11.45 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।