India Canada issue: ਭਾਰਤ ਨੇ ਕੈਨੇਡਾ ਦੇ ਲੋਕਾਂ ਲਈ ਵੀਜ਼ਾ ਸੇਵਾ ‘ਤੇ ਲਗਾਈ ਰੋਕ
ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਹਰਦੀਪ ਸਿੰਘ ਨਿੱਝਰ ਦੀ ਮੌਤ ਨੇ ਦੋਵੇਂ ਮੁਲਕਾਂ ਨੂੰ ਇੱਕ-ਦੂਜੇ ਦੇ ਖਿਲਾਫ ਲਿਆ ਕੇ ਖੜਾ ਕਰ ਦਿੱਤਾ ਹੈ। ਕੈਨੇਡਾ ਵਾਲੇ ਪਾਸੇ ਤੋਂ ਬਿਆਨਬਾਜ਼ੀ ਸ਼ੁਰੂ ਹੋਈ ਅਤੇ ਫਿਰ ਕਾਰਵਾਈ ਦਾ ਸਿਲਸਿਲਾ ਸ਼ੁਰੂ ਹੋ ਗਿਆ। ਜਦੋਂ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਦੇਸ਼ ਛੱਡਣ ਲਈ ਕਿਹਾ ਤਾਂ ਭਾਰਤ ਨੇ ਵੀ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਲਈ ਪੰਜ ਦਿਨਾਂ ਦਾ ਅਲਟੀਮੇਟਮ ਦਿੱਤਾ। ਹੁਣ ਭਾਰਤ ਨੇ ਹੁਣ ਉਸਦੇ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਇਕ ਵੱਡਾ ਕਦਮ ਚੁੱਕਦੇ ਹੋਏ ਭਾਰਤ ਨੇ ਫਿਲਹਾਲ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ‘ਤੇ ਰੋਕ ਲਗਾ ਦਿੱਤੀ ਹੈ। ਭਾਰਤ ਵੱਲੋਂ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਅਗਲੀ ਸੂਚਨਾ ਤੱਕ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁਅੱਤਲ ਰਹੇਗੀ।
ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਮੌਤ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਸਭ ਤੋਂ ਪਹਿਲਾਂ ਭਾਰਤ ਵਿਰੁੱਧ ਬਿਆਨਬਾਜ਼ੀ ਕਰਨੀ ਸ਼ੁਰੂ ਕੀਤੀ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਬਹੁਤ ਗੰਭੀਰ ਦੋਸ਼ ਲਾਏ, ਜਿਸ ‘ਚ ਉਨ੍ਹਾਂ ਨੇ ਨਿੱਝਰ ਦੀ ਮੌਤ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ।
Important notice from Indian Mission | “Due to operational reasons, with effect from 21 September 2023, Indian visa services have been suspended till further notice. Please keep checking BLS website for further updates,” India Visa Application Center Canada says. pic.twitter.com/hQz296ewKC
— ANI (@ANI) September 21, 2023
ਇਹ ਵੀ ਪੜ੍ਹੋ
ਨਾਲ ਹੀ ਭਾਰਤ ਨੇ ਕੈਨੇਡਾ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਉੱਥੇ ਰਹਿਣ ਵਾਲੇ ਭਾਰਤੀ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਵਧਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਨਫ਼ਰਤੀ ਅਪਰਾਧਾਂ ਦੇ ਮੱਦੇਨਜ਼ਰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਹਾਲ ਹੀ ਵਿੱਚ ਕੈਨੇਡੀਅਨ ਪਾਰਲੀਮੈਂਟ ਦੇ ਮੈਂਬਰ ਚੰਦਰ ਆਰੀਆ ਨੇ ਦਾਅਵਾ ਕੀਤਾ ਸੀ ਕਿ ਗੁਰਪਤਵੰਤ ਸਿੰਘ ਪੰਨੂ ਦੇ ਸਮਰਥਕਾਂ ਨੇ ਕੈਨੇਡੀਅਨ-ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਹੈ। ਉਸ ਨੇ ਖਾਲਿਸਤਾਨ ਬਾਰੇ ਰਾਏਸ਼ੁਮਾਰੀ ਕਰਵਾਈ ਅਤੇ ਇੱਥੇ ਪਹੁੰਚੇ ਲੋਕਾਂ ਨੇ ਹਿੰਦੂ ਭਾਈਚਾਰੇ ਨੂੰ ਧਮਕੀ ਦਿੱਤੀ ਅਤੇ ਉਨ੍ਹਾਂ ਭਾਰਤ ਜਾਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਸਥਾਨਕ ਹਿੰਦੂ ਭਾਈਚਾਰੇ ਦੇ ਲੋਕ ਡਰ ਵਿੱਚ ਹਨ।
ਕੈਨੇਡਾ ‘ਚ ਖਾਲਿਸਤਾਨੀਆਂ ਵੱਲੋਂ ਭਾਰਤ ਖਿਲਾਫ ਪ੍ਰਦਰਸ਼ਨ
ਪੰਜਾਬ ਤੋਂ ਬਾਹਰ ਕੈਨੇਡਾ ਵਿੱਚ ਸਿੱਖਾਂ ਦੀ ਸਭ ਤੋਂ ਵੱਧ ਗਿਣਤੀ ਹੈ ਅਤੇ ਖਾਲਿਸਤਾਨ ਦੇ ਸਮਰਥਨ ਵਿੱਚ ਕਈ ਵਿਰੋਧ ਪ੍ਰਦਰਸ਼ਨ ਵੇਖੇ ਗਏ ਹਨ। ਅਮਰੀਕਾ, ਆਸਟ੍ਰੇਲੀਆ, ਕੈਨੇਡਾ ਤੋਂ ਇਲਾਵਾ ਭਾਰਤ ਵਿਚ ਵੀ ਖਾਲਿਸਤਾਨ ਸਮਰਥਕਾਂ ਖਿਲਾਫ ਕਾਰਵਾਈਆਂ ਹੋਈਆਂ, ਜਿਥੇ ਖਾਲਿਸਤਾਨ ਸਮਰਥਕਾਂ ਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ। ਭਾਰਤੀ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ। ਭੰਨਤੋੜ ਅਤੇ ਕੰਧਾਂ ‘ਤੇ ਇਤਰਾਜ਼ਯੋਗ ਗੱਲਾਂ ਲਿਖੀਆਂ। ਰਿਪੋਰਟਾਂ ਦੀ ਮੰਨੀਏ ਤਾਂ ਭਾਰਤ ਨੇ ਜੂਨ ਮਹੀਨੇ ਵਿੱਚ ਕੈਨੇਡਾ ਵਿੱਚ ਆਪਣੇ ਡਿਪਲੋਮੈਟ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਸੀ। ਭਾਰਤ ਨੇ ਟਰੂਡੋ ਸ਼ਾਸਨ ਨੂੰ ਰਸਮੀ ਤੌਰ ‘ਤੇ ਸ਼ਿਕਾਇਤ ਕੀਤੀ ਸੀ।
ਪ੍ਰਭਾਵਿਤ ਖੇਤਰਾਂ ਵਿੱਚ ਜਾਣ ਤੋਂ ਬਚਣ ਭਾਰਤੀ ਨਾਗਰਿਕ
ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਆਪਣੇ ਬਿਆਨ ‘ਚ ਕਿਹਾ ਕਿ ‘ਭਾਰਤ ਵਿਰੋਧੀ ਏਜੰਡੇ ਦਾ ਵਿਰੋਧ’ ਕਰ ਰਹੇ ਭਾਰਤੀ ਡਿਪਲੋਮੈਟਾਂ ਅਤੇ ਨਾਗਰਿਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਮੰਤਰਾਲੇ ਨੇ ਕਿਹਾ, “ਇਸ ਲਈ, ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਦੇਖੀਆਂ ਗਈਆਂ ਹਨ।