ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਅਤੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਵਾਲ ਜਵਾਬ ਕੀਤੇ ਗਏ। ਸੀਬੀਆਈ ਨੂੰ ਬੁੱਧਵਾਰ (26 ਜੂਨ) ਨੂੰ ਅਰਵਿੰਦ ਕੇਜਰੀਵਾਲ ਨੂੰ ਸਬੰਧਤ ਹੇਠਲੀ ਅਦਾਲਤ ਵਿੱਚ ਪੇਸ਼ ਕਰਨ ਦੀ ਇਜਾਜ਼ਤ ਵੀ ਮਿਲ ਗਈ ਹੈ। ਕੇਜਰੀਵਾਲ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਆਪਣੀ ਪਟੀਸ਼ਨ ਦੀ ਸੁਣਵਾਈ ਤੋਂ ਪਹਿਲਾਂ ਇਹ ਸਵਾਲ ਜਵਾਬ ਕੀਤੇ ਗਏ ਹਨ। ਉਹਨਾਂ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਸੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿਛ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅਜਿਹਾ ਖਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕੇਜਰੀਵਾਲ ਖਿਲਾਫ ਵੱਡੀ ਸਾਜਿਸ਼ ਰਚ ਰਹੀ ਹੈ। ਸੀਬੀਆਈ ਵੱਲੋਂ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਸੀਬੀਆਈ ਅਧਿਕਾਰੀਆਂ ਨਾਲ ਮਿਲ ਕੇ ਵੱਡੀ ਸਾਜ਼ਿਸ਼ ਰਚੀ ਹੈ। ਇਹ ਸਭ ਸੀਐਮ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ।
ਇਸ ਦੌਰਾਨ, ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇੱਕ ਅਧੀਨ ਅਦਾਲਤ ਦੁਆਰਾ ਮੁੱਖ ਮੰਤਰੀ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ‘ਤੇ ਹਾਈ ਕੋਰਟ ਦੁਆਰਾ ਲਗਾਈ ਗਈ ਅੰਤਰਿਮ ਰੋਕ ਨਾਲ ਸਹਿਮਤ ਨਹੀਂ ਹੈ ਅਤੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਦਿੱਲੀ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਤੇ ਰੋਕ ਲਾ ਦਿੱਤੀ ਸੀ।
ਸੀਬੀਆਈ ਅਦਾਲਤ ਤੋਂ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਮੰਗ ਸਕਦੀ ਹੈ।