Kisan Protest: ਸ਼ੰਭੂ ਬਾਰਡਰ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਦੇ ਨਿਰਦੇਸ਼
ਇਸ ਤੋਂ ਪਹਿਲਾ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਜਾਂ ਕੁਝ ਸਮੇਂ ਲਈ ਤਬਦੀਲ ਕਰਨ ਲਈ ਮਨਾਵੇ।
ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਲੈਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।
ਇਸ ਤੋਂ ਪਹਿਲਾਂ 13 ਦਸੰਬਰ ਨੂੰ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਜਾਂ ਕੁਝ ਸਮੇਂ ਲਈ ਤਬਦੀਲ ਕਰਨ ਲਈ ਮਨਾਵੇ। ਕਮੇਟੀ ਨੇ ਸੁਪਰੀਮ ਕੋਰਟ ਚ ਕਿਹਾ ਸੀ ਕਿ ਕਿਸਾਨਾਂ ਨੂੰ ਸੱਦਾ ਦੇਣ ਤੋਂ ਬਾਅਦ ਵੀ ਉਹ ਨਹੀਂ ਆਏ।
ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।
ਡੀਜੀਪੀ ਨੇ ਕੀਤਾ ਮੁਲਾਕਾਤ
ਹਾਲਾਂਕਿ ਸ਼ੰਭੂ ਬਾਰਡਰ ਤੇ ਪੁਲਿਸ ਵੱਲੋਂ ਕਿਸਾਨ ਤੇ ਹੰਝੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਝਾੜਾਂ ਵੀ ਮਾਰੀਆਂ ਗਈਆਂ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ 15 ਦਸੰਬਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਸਰਹੱਦ ਪੁੱਜੇ। ਮੀਟਿੰਗ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸੁਣੀਆਂ ਗਈਆਂ ਹਨ। ਜਿਨ੍ਹਾਂ ਨੂੰ ਅੱਗੇ ਕੇਂਦਰ ਸਰਕਾਰ ਕੋਲ ਰੱਖਿਆ ਜਾਵੇਗਾ।
ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ
ਬੀਤੇ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਭੁੱਖ ਹੜਤਾਲ ਦੇ ਹੱਕ ਵਿੱਚ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢੇ ਗਏ। ਟਰੈਕਟਰ ਮਾਰਚ ਨੂੰ ਲੈਕੇ ਅੰਬਾਲਾ ਅਤੇ ਸ਼ੰਭੂ ਬਾਰਡਰ ਤੇ ਵੀ ਹਰਿਆਣਾ ਪੁਲਿਸ ਐਕਟਿਵ ਦਿਖਾਈ ਦਿੱਤੀ। ਹਿਸਾਰ, ਸੋਨੀਪਤ, ਚਰਖੀ ਦਾਦਰੀ, ਸਿਰਸਾ, ਫਤਿਹਾਬਾਦ, ਕੈਥਲ ਆਦਿ ਸ਼ਹਿਰਾਂ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢੇ ਗਏ।