ਆਬਕਾਰੀ ਨੀਤੀ ਘਪਲਾ: 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਸਿਸੋਦੀਆ
Delhi Excise Policy: ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਨੇ ਅਦਾਲਤ ਤੋਂ ਸਿਸੋਦੀਆ ਦੇ ਰਿਮਾਂਡ ਦੀ ਮੰਗ ਕੀਤੀ ਤਾਂ ਸਿਸੋਦੀਆ ਦੇ ਵਕੀਲ
ਦਿੱਲੀ ਨਿਊਜ : ਸੀਬੀਆਈ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਤੋਂ ਅੱਠ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਕੱਲ੍ਹ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਸ ਗ੍ਰਿਫਤਾਰੀ ਖਿਲਾਫ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।
ਸੀਬੀਆਈ ਨੇ ਸਿਸੋਦੀਆਂ ਨੂੰ ਰਾਉਜ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ
2021-22 ਦੀ ਆਬਕਾਰੀ ਨੀਤੀ (ਹੁਣ ਰੱਦ ਕੀਤੀ ਜਾ ਚੁੱਕੀ) ਨੂੰ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਰਾਉਜ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਸੋਮਵਾਰ ਨੂੰ ਅਦਾਲਤ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ, ਪਰ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਇਹ ਫ਼ੈਸਲਾ ਨਿੱਜੀ ਤੌਰ ‘ਤੇ ਲਿਆ।
4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜਿਆ
ਸੀਬੀਆਈ ਨੇ ਅਦਾਲਤ ਨੂੰ ਕਿਹਾ ਕਿ ਉਸ ਨੂੰ ਪੁੱਛਗਿੱਛ ਲਈ ਸਿਸੋਦੀਆ ਦੀ ਹਿਰਾਸਤ ਦੀ ਲੋੜ ਹੈ। ਇਸ ਦੇ ਨਾਲ ਹੀ ਸਿਸੋਦੀਆ ਦੇ ਵਕੀਲ ਨੇ ਸੀਬੀਆਈ ਦੀ ਉਨ੍ਹਾਂ ਨੂੰ ਹਿਰਾਸਤ ਦੇਣ ਦੀ ਬੇਨਤੀ ਦਾ ਵਿਰੋਧ ਕੀਤਾ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਸੀਬੀਆਈ ਅਤੇ ਸਿਸੋਦੀਆ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਭਾਜਪਾ ਦਾ ਆਮ ਆਦਮੀ ਪਾਰਟੀ ਤੇ ਨਿਸ਼ਾਨਾ
ਇਸ ਮਾਮਲੇ ਤੇ ਦੱਖਣੀ ਦਿੱਲੀ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਗੰਭੀਰ ਦੋਸ਼ ਲਾਏ ਹਨ। ਟੀਵੀ9 ਨਾਲ ਗੱਲਬਾਤ ਦੌਰਾਨ ਰਮੇਸ਼ ਬਿਧੂੜੀ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ‘ਚ ਘਪਲੇ ਕਰਨ ਲਈ ਕਈ ਮੋਬਾਈਲ ਫੋਨਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ 40 ਤੋਂ 45 ਦੇ ਕਰੀਬ ਮੋਬਾਈਲ ਫੋਨ ਵਰਤੇ ਗਏ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਨਸ਼ਟ ਕਰ ਦਿੱਤਾ ਗਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ