ਇਸ ਸੰਵਿਧਾਨ ‘ਚ ‘ਵਨ ਨੇਸ਼ਨ-ਵਨ ਇਲੈਕਸ਼ਨ’ ਸੰਭਵ ਨਹੀਂ, ਮੋਦੀ ਸਰਕਾਰ ‘ਤੇ ਚਿਦੰਬਰਮ ਦਾ ਹਮਲਾ
P.Chidamram On One Nation One Election: ਵਨ ਨੇਸ਼ਨ, ਵਨ ਇਲੈਕਸ਼ਨ ਬਾਰੇ ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਮੁਤਾਬਕ ਇਹ ਨੀਤੀ ਬਿਲਕੁਲ ਵੀ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਲਈ ਸੰਵਿਧਾਨ ਵਿੱਚ ਪੰਜ ਸੰਵਿਧਾਨਕ ਸੋਧਾਂ ਦੀ ਲੋੜ ਹੈ, ਜਿਸ ਲਈ ਪੀਐਮ ਮੋਦੀ ਕੋਲ ਲੋਕ ਸਭਾ ਅਤੇ ਰਾਜ ਸਭਾ ਵਿੱਚ ਲੋੜੀਂਦੀ ਗਿਣਤੀ ਨਹੀਂ ਹੈ।
ਕਾਂਗਰਸ ਨੇਤਾ ਪੀ ਚਿਦੰਬਰਮ ਨੇ ਸੋਮਵਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ਨੂੰ ਲੈ ਕੇ ਕੇਂਦਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸੰਵਿਧਾਨ ਤਹਿਤ ਇਕ ਰਾਸ਼ਟਰ-ਇਕ ਚੋਣ ਦੀ ਨੀਤੀ ਬਿਲਕੁਲ ਵੀ ਸੰਭਵ ਨਹੀਂ ਹੈ। ਇਸ ਦੇ ਲਈ ਇੱਕ ਜਾਂ ਦੋ ਨਹੀਂ ਸਗੋਂ ਘੱਟੋ-ਘੱਟ ਪੰਜ ਸੰਵਿਧਾਨਕ ਸੋਧਾਂ ਦੀ ਲੋੜ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਨ੍ਹਾਂ ਸੰਵਿਧਾਨਕ ਸੋਧਾਂ ਨੂੰ ਲੋਕ ਸਭਾ ਜਾਂ ਰਾਜ ਸਭਾ ਵਿੱਚ ਪੇਸ਼ ਕਰਨ ਲਈ ਲੋੜੀਂਦੀ ਗਿਣਤੀ ਨਹੀਂ ਹੈ।
ਪਿਛਲੇ ਮਹੀਨੇ, ਆਪਣੇ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ‘ਇੱਕ ਰਾਸ਼ਟਰ-ਇੱਕ ਚੋਣ’ ਦੀ ਜ਼ੋਰਦਾਰ ਵਕਾਲਤ ਕੀਤੀ ਸੀ ਅਤੇ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਬਣ ਰਹੀਆਂ ਹਨ। ਇਸ ਤੋਂ ਬਾਅਦ ਸਿਆਸੀ ਹਲਕਿਆਂ ‘ਚ ਚਰਚਾ ਸੀ ਕਿ ਸਰਕਾਰ ਜਲਦ ਹੀ ਇਸ ‘ਤੇ ਕੋਈ ਫੈਸਲਾ ਲੈ ਸਕਦੀ ਹੈ। ਇਨ੍ਹੀਂ ਦਿਨੀਂ ਵੀ ਚਰਚਾ ਹੈ ਕਿ ਸਰਕਾਰ ਸੰਸਦ ‘ਚ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਬਿੱਲ ਲਿਆਉਣ ਦੀ ਤਿਆਰੀ ਕਰ ਰਹੀ ਹੈ।
‘ਵਨ ਨੇਸ਼ਨ-ਵਨ ਇਲੈਕਸ਼ਨ’ ਦੇ ਖਿਲਾਫ ਹੈ ਇੰਡੀਆ ਗਠਜੋੜ
ਇਸ ਦੌਰਾਨ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਿਦੰਬਰਮ ਨੇ ਕਿਹਾ, ਮੌਜੂਦਾ ਸੰਵਿਧਾਨ ਦੇ ਤਹਿਤ ‘ਵਨ ਨੇਸ਼ਨ-ਵਨ ਇਲੈਕਸ਼ਨ’ ਸੰਭਵ ਨਹੀਂ ਹੈ। ਇਸ ਲਈ ਘੱਟੋ-ਘੱਟ ਪੰਜ ਸੰਵਿਧਾਨਕ ਸੋਧਾਂ ਦੀ ਲੋੜ ਹੈ। ਇਨ੍ਹਾਂ ਸੰਵਿਧਾਨਕ ਸੋਧਾਂ ਨੂੰ ਲੋਕ ਸਭਾ ਜਾਂ ਰਾਜ ਸਭਾ ਵਿੱਨਚ ਪੇਸ਼ ਕਰਨ ਲਈ ਮੋਦੀ ਕੋਲ ਬਹੁਮਤ ਵੀ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਇਕ ਰਾਸ਼ਟਰ, ਇਕ ਚੋਣ’ ਲਈ ਸੰਵਿਧਾਨਕ ਰੁਕਾਵਟਾਂ ਹੋਰ ਵੀ ਵੱਡੀਆਂ ਹਨ। ਇਹ ਸੰਭਵ ਨਹੀਂ ਹੈ। ਇੰਡੀਆ ਗਠਜੋੜ ਪੂਰੀ ਤਰ੍ਹਾਂ ਇਸ ਦੇ ਖਿਲਾਫ ਹੈ।
ਸ਼ਾਹੀ ਪਰਿਵਾਰ ਬਾਰੇ ਪ੍ਰਧਾਨ ਮੰਤਰੀ ਦੇ ਬਿਆਨ ‘ਤੇ ਦਿੱਤਾ ਜਵਾਬ
15 ਸਤੰਬਰ ਨੂੰ ਕੁਰੂਕਸ਼ੇਤਰ ‘ਚ ਇਕ ਰੈਲੀ ‘ਚ ਪੀਐੱਮ ਮੋਦੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਉਸ ਦਾ ਸ਼ਾਹੀ ਪਰਿਵਾਰ ਦਲਿਤਾਂ ਲਈ ਰਾਖਵਾਂਕਰਨ ਖਤਮ ਕਰਨਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ, ਉਹ ਅੰਬੇਡਕਰ ਵੱਲੋਂ ਦਿੱਤੇ ਰਾਖਵੇਂਕਰਨ ਦੇ ਇੱਕ ਹਿੱਸੇ ਨੂੰ ਵੀ ਲੁੱਟਣ ਜਾਂ ਖ਼ਤਮ ਨਹੀਂ ਹੋਣ ਦੇਣਗੇ।
ਇਸ ‘ਤੇ ਚਿਦੰਬਰਮ ਨੇ ਆਰੋਪਾਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ, ‘ਅਸੀਂ ਰਿਜ਼ਰਵੇਸ਼ਨ ਕਿਉਂ ਖਤਮ ਕਰੀਏ? ਅਸੀਂ ਉਹ ਹਾਂ ਜੋ ਕਹਿ ਰਹੇ ਹਾਂ ਕਿ 50 ਫੀਸਦੀ ਰਾਖਵਾਂਕਰਨ ਦੀ ਸੀਮਾ ਖਤਮ ਕੀਤੀ ਜਾਵੇ। ਅਸੀਂ ਜਾਤੀ ਜਨਗਣਨਾ ਦੀ ਮੰਗ ਕਰਨ ਵਾਲੇ ਹਾਂ। ਅਸੀਂ ਕਹਿ ਰਹੇ ਹਾਂ ਕਿ ਆਬਾਦੀ ਦੇ ਹਿਸਾਬ ਨਾਲ ਰਾਖਵਾਂਕਰਨ ਹੋਣਾ ਚਾਹੀਦਾ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹਰ ਗੱਲ ‘ਤੇ ਵਿਸ਼ਵਾਸ ਨਾ ਕਰੋ।
ਇਹ ਵੀ ਪੜ੍ਹੋ
ਹਰਿਆਣਾ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਕਹੀ ਇਹ ਗੱਲ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਐਲਾਨ ‘ਤੇ ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਨਹੀਂ ਕਰਦੀ। ਉਨ੍ਹਾਂ ਕਿਹਾ, ‘ਰਵਾਇਤ ਹੈ ਕਿ ਚੋਣਾਂ ਹੁੰਦੀਆਂ ਹਨ, ਵਿਧਾਇਕ ਇਕੱਠੇ ਹੁੰਦੇ ਹਨ ਅਤੇ ਉਨ੍ਹਾਂ ਦੀ ਪਸੰਦ ਪੁੱਛੀ ਜਾਂਦੀ ਹੈ। ਫਿਰ ਹਾਈਕਮਾਂਡ ਐਲਾਨ ਕਰਦੀ ਹੈ ਕਿ ਮੁੱਖ ਮੰਤਰੀ ਕੌਣ ਹੋਵੇਗਾ। ਮੈਨੂੰ ਲੱਗਦਾ ਹੈ ਕਿ ਹਰਿਆਣਾ ਵਿਚ ਵੀ ਇਹੀ ਪ੍ਰਥਾ ਅਪਣਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਵਾਅਦਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਦੀ ਵਿਕਾਸ ਦਰ ਨੂੰ ਵਾਪਸ ਲਿਆਏਗੀ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦਿਆਂ ਨਾਲ ਨਜਿੱਠੇਗੀ।