ਦਿੱਲੀ LG ਹਾਊਸ ‘ਚ ਪ੍ਰਕਾਸ਼ ਪੁਰਬ ਸਮਾਰੋਹ, PM ਮੋਦੀ ਨੇ ਕੀਤੀ ਸ਼ਿਰਕਤ, ਸੁਣੀ ਗੁਰਬਾਣੀ
ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਪ੍ਰਕਾਸ਼ ਪੁਰਬ ਸਮਾਰੋਹ ਵਿੱਚ ਸ਼ਿਰਕਤ ਕੀਤੀ। ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਬਦ ਕੀਰਤਨ ਵਿੱਚ ਹਿੱਸਾ ਲਿਆ ਅਤੇ ਗੁਰਬਾਣੀ ਸੁਣੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਦਿੱਲੀ ਵਿੱਚ ਲੈਫਟੀਨੈਂਟ ਗਵਰਨਰ ਦੀ ਰਿਹਾਇਸ ‘ਤੇ ਆਯੋਜਿਤ ਪ੍ਰਕਾਸ਼ ਪੁਰਬ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਸ਼ਬਦ ਕੀਰਤਨ ਵਿੱਚ ਹਿੱਸਾ ਲਿਆ ਅਤੇ ਗੁਰਬਾਣੀ ਸੁਣੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਦਿੱਲੀ ਵਿੱਚ ਲੈਫਟੀਨੈਂਟ ਗਵਰਨਰ ਦੇ ਨਿਵਾਸ ਸਥਾਨ ‘ਤੇ ਪਹਿਲੀ ਫੇਰੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਵ ਮੰਗਲਵਾਰ ਨੂੰ ਮਨਾਇਆ ਜਾਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਸ਼ਬਦ ਕੀਰਤਨ ਰਾਹੀਂ ਯਾਦ ਕੀਤਾ ਜਾਂਦਾ ਹੈ। ਇਹ ਸਮਾਗਮ ਸਿੱਖ ਪਰੰਪਰਾ ਅਤੇ ਗੁਰਬਾਣੀ ਨੂੰ ਸਮਰਪਿਤ ਹੈ। ਪ੍ਰਕਾਸ਼ ਪੁਰਬ ਵਿੱਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਵਿੱਚ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨ ਅਤੇ ਸਿੱਖਿਆਵਾਂ
ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਮੋਢੀ ਅਤੇ ਪਹਿਲੇ ਗੁਰੂ ਸਨ। ਉਨ੍ਹਾਂ ਦਾ ਜਨਮ 15 ਅਪ੍ਰੈਲ 1469 ਨੂੰ ਰਾਇ ਭੋਇ ਦੀ ਤਲਵੰਡੀ (ਮੌਜੂਦਾ ਨਨਕਾਣਾ ਸਾਹਿਬ, ਪਾਕਿਸਤਾਨ) ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਮ ਮਹਿਤਾ ਕਾਲੂ ਜੀ ਅਤੇ ਮਾਤਾ ਦਾ ਨਾਮ ਮਾਤਾ ਤ੍ਰਿਪਤਾ ਜੀ ਸੀ। ਉਨ੍ਹਾਂ ਦੀ ਵੱਡੀ ਭੈਣ ਬੇਬੇ ਨਾਨਕੀ ਜੀ ਸਨ।
ਗੁਰੂ ਨਾਨਕ ਦੇਵ ਜੀ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ, ਸਮਾਜਿਕ ਬਰਾਬਰੀ ਅਤੇ ਧਾਰਮਿਕ ਏਕਤਾ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਜਾਤ-ਪਾਤ, ਊਚ-ਨੀਚ, ਅੰਧਵਿਸ਼ਵਾਸ ਅਤੇ ਭੇਦਭਾਵ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਝਾਇਆ ਕਿ ਪਰਮਾਤਮਾ ਇੱਕ ਹੈ ਅਤੇ ਸਾਰੇ ਮਨੁੱਖ ਉਸ ਦੀ ਸੰਤਾਨ ਹਨ।
ਗੁਰੂ ਸਾਹਿਬ ਦੀਆਂ ਤਿੰਨ ਮੁੱਖ ਸਿੱਖਿਆਵਾਂ
ਨਾਮ ਜਪੋ, ਕਿਰਤ ਕਰੋ, ਵੰਡ ਛਕੋ
ਇਹ ਵੀ ਪੜ੍ਹੋ
ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਰਾਹੀਂ ਵੱਖ-ਵੱਖ ਦੇਸ਼ਾਂ ਅਤੇ ਇਲਾਕਿਆਂ ਵਿੱਚ ਜਾ ਕੇ ਸੱਚ, ਪਿਆਰ ਅਤੇ ਮਨੁੱਖਤਾ ਦਾ ਸੰਦੇਸ਼ ਫੈਲਾਇਆ। ਉਨ੍ਹਾਂ ਨੇ 1539 ਵਿੱਚ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤ ਸਮਾਈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।


