AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ | sanjay singh aap rajyasabha member got bail from supreme court know full detail in punjabi Punjabi news - TV9 Punjabi

AAP ਸਾਂਸਦ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ED ਬੋਲੀ – ਜ਼ਮਾਨਤ ਮਿਲਣ ‘ਤੇ ਇਤਰਾਜ਼ ਨਹੀਂ

Updated On: 

02 Apr 2024 15:06 PM

Sanjay Singh Got Bail: ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਉਸ ਨੂੰ ਜ਼ਮਾਨਤ ਦੇਣ 'ਤੇ ਕੋਈ ਇਤਰਾਜ਼ ਨਹੀਂ ਹੈ। ਸੰਜੇ ਸਿੰਘ ਨੂੰ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 'ਆਪ' ਆਗੂ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

AAP ਸਾਂਸਦ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ED ਬੋਲੀ - ਜ਼ਮਾਨਤ ਮਿਲਣ ਤੇ ਇਤਰਾਜ਼ ਨਹੀਂ

ਸੰਜੇ ਸਿੰਘ ਦੀ ਪੁਰਾਣੀ ਤਸਵੀਰ

Follow Us On

ਦਿੱਲੀ ਦੇ ਕਥਿਤ ਸ਼ਰਾਬ ਘੁਟਾਲਾ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਇਹ ਰਾਹਤ ਮਿਲੀ ਹੈ। ਅਦਾਲਤ ਨੇ ਕਿਹਾ ਕਿ ਜ਼ਮਾਨਤ ਦੀਆਂ ਸ਼ਰਤਾਂ ਹੇਠਲੀ ਅਦਾਲਤ ਤੈਅ ਕਰੇ। ਅਦਾਲਤ ਨੇ ਕਿਹਾ ਕਿ ਸੰਜੇ ਸਿੰਘ ਆਪਣੀਆਂ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈ ਸਕਦੇ ਹਨ। ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਉਹ ਜ਼ਮਾਨਤ ‘ਤੇ ਰਹਿਣਗੇ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ‘ਤੇ ਕੋਈ ਇਤਰਾਜ਼ ਨਹੀਂ ਹੈ। ਸੰਜੇ ਸਿੰਘ ਨੂੰ ਪਿਛਲੇ ਸਾਲ 4 ਅਕਤੂਬਰ ਨੂੰ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸੰਜੇ ਸਿੰਘ ਨੂੰ ਜ਼ਮਾਨਤ ਮਿਲਣਾ ਆਮ ਆਦਮੀ ਪਾਰਟੀ ਲਈ ਵੱਡੀ ਰਾਹਤ ਹੈ, ਕਿਉਂਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ‘ਚ ਈਡੀ ਦੀ ਹਿਰਾਸਤ ‘ਚ ਹਨ। ਉਹ 15 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿੱਚ ਹਨ।

ਲੰਚ ਬ੍ਰੇਕ ਤੋਂ ਬਾਅਦ ਦੱਸੇਗੀ ਈਡੀ

ਸੁਪਰੀਮ ਕੋਰਟ ਨੇ ਈਡੀ ਨੂੰ ਕਿਹਾ ਸੀ ਕਿ ਜੇਕਰ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਆਪ ਆਗੂ ਸੰਜੇ ਸਿੰਘ ਦੀ ਹਿਰਾਸਤ ਦੀ ਲੋੜ ਹੈ ਤਾਂ ਲੰਚ ਬ੍ਰੇਕ ਤੋਂ ਬਾਅਦ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਸਿਖਰਲੀ ਅਦਾਲਤ ਨੇ ਕਿਹਾ ਕਿ ‘ਆਪ’ ਨੇਤਾ ਸੰਜੇ ਸਿੰਘ ਛੇ ਮਹੀਨੇ ਜੇਲ੍ਹ ਵਿਚ ਰਹਿ ਚੁੱਕੇ ਹਨ ਅਤੇ ਉਨ੍ਹਾਂ ‘ਤੇ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਇਨ੍ਹਾਂ ਦੋਸ਼ਾਂ ਦੀ ਟ੍ਰਾਇਲ ਦੌਰਾਨ ਜਾਂਚ ਕੀਤੀ ਜਾ ਸਕਦੀ ਹੈ।

ਸੰਜੇ ਸਿੰਘ ਦੀ ਜ਼ਮਾਨਤ ‘ਤੇ ਨਹੀਂ ਹੈ ਇਤਰਾਜ: ED

ਸੰਜੇ ਸਿੰਘ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੰਜੇ ਸਿੰਘ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਜੇਕਰ ਸੰਜੇ ਸਿੰਘ ਨੂੰ ਇਸ ਮਾਮਲੇ ‘ਚ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।

ਸੰਜੇ ਸਿੰਘ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਬੈਂਚ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੂੰ ਕਿਹਾ ਕਿ ਸੰਜੇ ਸਿੰਘ ਤੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਅਤੇ ਉਨ੍ਹਾਂ ‘ਤੇ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਦੀ ਮਾਮਲੇ ਦੀ ਸੁਣਵਾਈ ਦੌਰਾਨ ਜਾਂਚ ਕੀਤੀ ਜਾ ਸਕਦੀ ਹੈ।

ਸੰਜੇ ਸਿੰਘ ਨੇ ਹਾਈਕੋਰਟ ਅੱਗੇ ਇਸ ਆਧਾਰ ‘ਤੇ ਜ਼ਮਾਨਤ ਦੀ ਬੇਨਤੀ ਕੀਤੀ ਸੀ ਕਿ ਉਹ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿਰਾਸਤ ‘ਚ ਹਨ ਅਤੇ ਇਸ ਅਪਰਾਧ ‘ਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਹਾਈ ਕੋਰਟ ਨੇ 7 ਫਰਵਰੀ ਨੂੰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਪਰ ਹੇਠਲੀ ਅਦਾਲਤ ਨੂੰ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਸੰਜੇ ਸਿੰਘ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਸੱਚ ਕਦੇ ਮਰਦਾ ਨਹੀਂ – ਭਗਵੰਤ ਮਾਨ

ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਇਸ ਵੱਡੀ ਰਾਹਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਦਿੱਤਾ ਹੈ।

ਤਿਹਾੜ ਵਿੱਚ ਬੰਦ ਹਨ ਕੇਜਰੀਵਾਲ ਅਤੇ ਸਿਸੋਦੀਆ

ਇਸ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਨੂੰ ਸੋਮਵਾਰ ਨੂੰ ਤਿਹਾੜ ਜੇਲ੍ਹ ਲਿਆਂਦਾ ਗਿਆ ਅਤੇ ਜੇਲ੍ਹ ਨੰਬਰ 2 ਵਿੱਚ ਰੱਖਿਆ ਗਿਆ ਹੈ। ਸੰਜੇ ਸਿੰਘ ਨੂੰ ਪਹਿਲਾਂ ਜੇਲ੍ਹ ਨੰਬਰ 2 ਵਿੱਚ ਰੱਖਿਆ ਗਿਆ ਸੀ ਪਰ ਹਾਲ ਹੀ ਵਿੱਚ ਉਨ੍ਹਾਂ ਨੂੰ ਜੇਲ੍ਹ ਨੰਬਰ 5 ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ਨੰਬਰ ਇੱਕ ਵਿੱਚ ਬੰਦ ਹਨ, ਜਦੋਂਕਿ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਆਗੂ ਕੇ. ਕਵਿਤਾ ਮਹਿਲਾ ਜੇਲ੍ਹ ਦੀ ਜੇਲ੍ਹ ਨੰਬਰ 6 ਵਿੱਚ ਹੈ।

Exit mobile version