Liquor Scam: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਝਟਕਾ, ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ
ਇਨਫੋਰਸਮੈਂਟ ਡਾਇਰੈਕਟੋਰੇਟ ਨੇ 4 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਅਗਲੇ ਦਿਨ ਰਾਉਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਪਹਿਲਾਂ 10 ਅਕਤੂਬਰ ਅਤੇ ਫਿਰ 13 ਅਕਤੂਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਸੰਜੇ ਸਿੰਘ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਤੇ ਸੁਣਵਾਈ ਕਰਦਿਆਂ ਹੁਣ ਹਾਈਕੋਰਟ ਨੇ ਇਸਨੂੰ ਰੱਦ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਸ਼ਰਾਬ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਸਦੀ ਗ੍ਰਿਫਤਾਰੀ ਅਤੇ ਈਡੀ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਵੀਰਵਾਰ ਨੂੰ ਸੰਜੇ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਈਡੀ ਨੇ ਸੰਜੇ ਸਿੰਘ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਬਣਾਇਆ ਗਿਆ ਸੀ, ਇਸ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਨੀ ਲਾਂਡਰਿੰਗ ਜਾਂਚ ਦੇ ਸਬੰਧ ‘ਚ ਹੋਈ ਸੀ ਗ੍ਰਿਫ਼ਤਾਰੀ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਨੀਤੀ ਵਿੱਚ ਕਥਿਤ ਘੁਟਾਲੇ ਦੇ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਨੇ ਸੰਜੇ ਸਿੰਘ ਨੂੰ 5 ਅਕਤੂਬਰ ਨੂੰ ਰਾਉਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਸੰਜੇ ਸਿੰਘ ਨੂੰ ਪਹਿਲਾਂ 10 ਅਕਤੂਬਰ ਅਤੇ ਫਿਰ 13 ਅਕਤੂਬਰ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਸੀ।
ਸੰਜੇ ਸਿੰਘ ਨੂੰ ਈਡੀ ਦੀ ਰਿਮਾਂਡ ਦੀ ਮਿਆਦ 13 ਅਕਤੂਬਰ ਨੂੰ ਖ਼ਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੰਜੇ ਸਿੰਘ ਨੇ 13 ਅਕਤੂਬਰ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਰਿਮਾਂਡ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ।