ਕਹਿਰ ਦੀ ਗਰਮੀ ਨੂੰ ਲੈ ਕੇ ਮੌਸਮ ਵਿਭਾਗ ਦਾ ਵੱਡਾ ਅਪਡੇਟ, ਦੱਸਿਆ ਕਦੋਂ ਮਿਲੇਗੀ ਰਾਹਤ

Updated On: 

22 May 2024 10:50 AM IST

Weather Update: ਪਿਛਲੇ ਕੁਝ ਸਾਲਾਂ 'ਚ ਦੇਸ਼ ਦੇ ਕਈ ਹਿੱਸਿਆਂ 'ਚ ਭਿਆਨਕ ਗਰਮੀ ਦੇਖਣ ਨੂੰ ਮਿਲੀ ਹੈ। ਤਾਪਮਾਨ 'ਚ ਵਾਧੇ ਦਾ ਅਸਰ ਲੋਕਾਂ ਦੀ ਸਿਹਤ 'ਤੇ ਵੀ ਪਿਆ ਹੈ। ਕਈ ਰਾਜਾਂ ਵਿੱਚ ਬਿਜਲੀ ਦੀ ਮੰਗ ਵੀ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਤੱਕ ਕੜਾਕੇ ਦੀ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ।

ਕਹਿਰ ਦੀ ਗਰਮੀ ਨੂੰ ਲੈ ਕੇ ਮੌਸਮ ਵਿਭਾਗ ਦਾ ਵੱਡਾ ਅਪਡੇਟ, ਦੱਸਿਆ ਕਦੋਂ ਮਿਲੇਗੀ ਰਾਹਤ

(Photo Credit: TV9hindi.com)

Follow Us On

Weather Update: ਮੰਗਲਵਾਰ ਨੂੰ ਲਗਾਤਾਰ ਪੰਜਵੇਂ ਦਿਨ ਦੇਸ਼ ਦੇ ਵੱਡੇ ਹਿੱਸੇ ਵਿੱਚ ਭਿਆਨਕ ਗਰਮੀ ਜਾਰੀ ਰਹੀ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਵਿੱਚ ਤਾਪਮਾਨ ਰਿਕਾਰਡ ਤੋੜ ਰਿਹਾ ਹੈ। ਹੁਣ ਕੜਾਕੇ ਦੀ ਗਰਮੀ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਚੇਤਾਵਨੀ ਆਈ ਹੈ।

ਪੀਟੀਆਈ ਦੀ ਰਿਪੋਰਟ ਮੁਤਾਬਕ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਇਨ੍ਹਾਂ ਰਾਜਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਕਮਜ਼ੋਰ ਇਮੂਊਨਿਟੀ ਵਾਲੇ ਲੋਕਾਂ ਨੂੰ ਬਹੁਤ ਜ਼ਿਆਦਾ ਦੇਖਭਾਲ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ ਨੀਵੀਆਂ ਪਹਾੜੀਆਂ ਵਿੱਚ ਅਗਲੇ ਪੰਜ ਦਿਨਾਂ ਤੱਕ ਅੱਤ ਦੀ ਗਰਮੀ ਜਾਰੀ ਰਹੇਗੀ।

45 ਡਿਗਰੀ ਸੈਲਸੀਅਸ ਤੋਂ ਪਾਰ ਪਾਰਾ

ਰਾਜਸਥਾਨ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਬਹੁਤ ਸਾਰੇ ਲੋਕਾਂ ਨੇ ਦੁਪਹਿਰ ਨੂੰ ਘਰ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦਿੱਤੀ। ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਵੀ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਰਿਆਣਾ ਦੇ ਸਿਰਸਾ ਵਿੱਚ ਮੰਗਲਵਾਰ ਨੂੰ ਪਾਰਾ 47.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਅਤੇ ਇਹ ਦੇਸ਼ ਦਾ ਸਭ ਤੋਂ ਗਰਮ ਸਥਾਨ ਰਿਹਾ। ਦਿੱਲੀ ਵਿੱਚ ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ, ਪਰ ਇਹ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਰਿਹਾ।

ਇਹ ਵੀ ਪੜ੍ਹੋ: ਜਗਰਾਓਂ ਚ ਕਿਸਾਨਾਂ ਦੀ ਮਹਾਂਪਚਾਇਤ, ਲੋਕਾ ਸਭਾ ਚੋਣਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ

ਦਿੱਲੀ ‘ਚ ਉੱਚ ਪੱਧਰ ਤੇ ਪਹੁੰਚੀ ਬਿਜਲੀ ਦੀ ਖਪਤ

ਰਾਜਧਾਨੀ ‘ਚ ਬਿਜਲੀ ਦੀ ਵੱਧ ਤੋਂ ਵੱਧ ਮੰਗ ਮੰਗਲਵਾਰ ਦੁਪਹਿਰ ਨੂੰ 7,717 ਮੈਗਾਵਾਟ ਦੇ ਉੱਚ ਪੱਧਰ ‘ਤੇ ਪਹੁੰਚ ਗਈ। ਘਰਾਂ ਅਤੇ ਦਫ਼ਤਰਾਂ ਵਿੱਚ ਏਅਰ ਕੰਡੀਸ਼ਨਰਾਂ ਦੀ ਵਰਤੋਂ ਵਧਣ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ। ਅਗਲੇ ਕੁਝ ਦਿਨਾਂ ਵਿੱਚ ਬਿਜਲੀ ਦੀ ਮੰਗ 8,000 ਮੈਗਾਵਾਟ ਤੋਂ ਵੱਧ ਹੋਣ ਦੀ ਸੰਭਾਵਨਾ ਹੈ, ਜੋ ਕਿ ਇਸ ਗਰਮੀ ਦੇ ਮੌਸਮ ਤੇ ਅੰਤ ਤੱਕ ਲਗਭਗ 8,200 ਮੈਗਾਵਾਟ ਤੱਕ ਪਹੁੰਚ ਸਕਦੀ ਹੈ।

ਹਿਮਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਮਾਮੂਲੀ ਰਾਹਤ

ਆਈਐਮਡੀ ਨੇ ਪਹਿਲਾਂ ਹੀ ਭਾਰਤ ਵਿੱਚ ਅਪ੍ਰੈਲ-ਜੂਨ ਦੀ ਮਿਆਦ ਦੌਰਾਨ ਭਿਆਨਕ ਗਰਮੀ ਦੀ ਚੇਤਾਵਨੀ ਦਿੱਤੀ ਸੀ। ਮੰਗਲਵਾਰ ਨੂੰ ਤੂਫਾਨ ਅਤੇ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਪਾਰੇ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਜਦਕਿ ਊਨਾ ਅਤੇ ਨੇਰੀ ‘ਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42.4 ਡਿਗਰੀ ਅਤੇ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਸਮੇਂ ਕੋਈ ਰਾਹਤ ਨਹੀਂ ਮਿਲੇਗੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵੇਲੇ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਹੋ ਸਕਦਾ ਹੈ। ਰਾਜਸਥਾਨ ‘ਚ ਤਾਪਮਾਨ ਹੋਰ ਵਧ ਗਿਆ ਹੈ ਅਤੇ ਝੁੰਝੁਨੂ ਦਾ ਪਿਲਾਨੀ ਮੰਗਲਵਾਰ ਨੂੰ 47.2 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ।