ਲੋਕ ਸਭਾ ਹੀ ਨਹੀਂ ਵਿਧਾਨ ਸਭਾ ਸੀਟਾਂ ‘ਚ ਵੀ ਹੋਵੇਗਾ 50% ਵਾਧਾ, 2051 ਤੱਕ ਫ੍ਰੀਜ਼ ਰਹੇਗੀ ਹੱਦਬੰਦੀ
ਸੰਸਦ ਵਿੱਚ ਅਗਲੇ ਹਫ਼ਤੇ ਹੋਣ ਵਾਲੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਕੇਂਦਰੀ ਕੈਬਨਿਟ ਨੇ ਅੱਜ ਸ਼ੁੱਕਰਵਾਰ ਨੂੰ ਹੱਦਬੰਦੀ ਨਾਲ ਸਬੰਧਤ ਨਵੇਂ ਮਹਿਲਾ ਰਾਖਵਾਂਕਰਨ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਵੇਂ ਪ੍ਰਸਤਾਵ ਅਨੁਸਾਰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਲੋਕ ਸਭਾ ਅਤੇ ਹਰੇਕ ਸੂਬੇ ਦੀ ਵਿਧਾਨ ਸਭਾ ਦੀਆਂ ਸੀਟਾਂ ਦੀ ਗਿਣਤੀ ਵਿੱਚ 50-50 ਫ਼ੀਸਦੀ ਵਾਧਾ ਕੀਤਾ ਜਾਵੇਗਾ।
ਸੰਸਦ ਵਿੱਚ ਅਗਲੇ ਹਫ਼ਤੇ ਹੋਣ ਵਾਲੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਕੇਂਦਰੀ ਕੈਬਨਿਟ ਨੇ ਅੱਜ ਸ਼ੁੱਕਰਵਾਰ ਨੂੰ ਹੱਦਬੰਦੀ ਨਾਲ ਸਬੰਧਤ ਨਵੇਂ ਮਹਿਲਾ ਰਾਖਵਾਂਕਰਨ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਵੇਂ ਪ੍ਰਸਤਾਵ ਅਨੁਸਾਰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਲੋਕ ਸਭਾ ਅਤੇ ਹਰੇਕ ਸੂਬੇ ਦੀ ਵਿਧਾਨ ਸਭਾ ਦੀਆਂ ਸੀਟਾਂ ਦੀ ਗਿਣਤੀ ਵਿੱਚ 50-50 ਫ਼ੀਸਦੀ ਵਾਧਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੀਟਾਂ ਦੀ ਗਿਣਤੀ ਵਿੱਚ ਕੀਤੇ ਜਾਣ ਵਾਲੇ ਇਸ ਬਦਲਾਅ ਨੂੰ ਸਾਲ 2051 ਤੱਕ ਫ੍ਰੀਜ਼ ਰੱਖਣ ਦੀ ਵਿਵਸਥਾ ਕੀਤੀ ਗਈ ਹੈ।
ਸਿਆਸੀ ਸੂਤਰਾਂ ਮੁਤਾਬਕ ਇਸ ਸੋਧ ਬਿੱਲ ਨੂੰ ਅਗਲੇ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਬਨਿਟ ਨੇ ਕੁਝ ਅਹਿਮ ਸੋਧਾਂ ਸਮੇਤ ਇਸ ਨਵੇਂ ਬਿੱਲ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹੱਦਬੰਦੀ ਤੋਂ ਬਾਅਦ ਲੋਕ ਸਭਾ ਵਿੱਚ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਿਸੇ ਵੀ ਸੂਬੇ ਦੀ ਹਿੱਸੇਦਾਰੀ ਘੱਟ ਨਾ ਹੋਵੇ।
ਸੰਵਿਧਾਨ ਦੇ ਕੁੱਲ 8 ਅਨੁਛੇਦਾਂ ਵਿੱਚ ਹੋਵੇਗੀ ਸੋਧ
ਸੂਤਰਾਂ ਅਨੁਸਾਰ ਇਸ ਪ੍ਰਕਿਰਿਆ ਤਹਿਤ ਸੰਵਿਧਾਨ ਦੇ ਕੁੱਲ 8 ਅਨੁਛੇਦਾਂ ਵਿੱਚ ਸੋਧ ਕੀਤੀ ਜਾਵੇਗੀ। ਮਹਿਲਾ ਰਾਖਵਾਂਕਰਨ ਲਈ ਹੱਦਬੰਦੀ ਬਿੱਲ ਸਮੇਤ ਕੁੱਲ 3 ਨਵੇਂ ਬਿੱਲ ਸੰਸਦ ਵਿੱਚ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 2 ਬਿੱਲ ਸੰਵਿਧਾਨਕ ਸੋਧਾਂ (131ਵੀਂ ਅਤੇ 132ਵੀਂ) ਨਾਲ ਸਬੰਧਤ ਹੋਣਗੇ। ਦੂਜੇ ਪਾਸੇ, ਇਸ ਨਵੇਂ ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾਂ ਲੋਕ ਸਭਾ ਵਿੱਚ ਪਹਿਲਾਂ ਤੋਂ ਪੇਸ਼ ਕੀਤੇ ਜਾ ਚੁੱਕੇ 2 ਪੁਰਾਣੇ ਬਿੱਲਾਂ ਨੂੰ ਵਾਪਸ ਲਿਆ ਜਾਵੇਗਾ।
ਜਾਣਕਾਰੀ ਮੁਤਾਬਕ ਖ਼ਾਸ ਤੌਰ ‘ਤੇ ਦੱਖਣੀ ਸੂਬੇ ਹੱਦਬੰਦੀ ਦੇ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਚਿੰਤਤ ਸਨ। ਉਨ੍ਹਾਂ ਦੀਆਂ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੇ ਹਰੇਕ ਸੂਬੇ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ 50 ਫ਼ੀਸਦੀ ਵਧਾਉਣ ‘ਤੇ ਸਹਿਮਤੀ ਜਤਾਈ ਹੈ। ਇਸ ਤਰ੍ਹਾਂ ਲੋਕ ਸਭਾ ਅਤੇ ਵਿਧਾਨ ਸਭਾ ਦੋਵਾਂ ਦੀਆਂ ਸੀਟਾਂ ਵਿੱਚ 50 ਫ਼ੀਸਦੀ ਵਾਧਾ ਹੋਵੇਗਾ। ਨਵੀਂ ਹੱਦਬੰਦੀ ਤਹਿਤ ਚੋਣ ਕਮਿਸ਼ਨ ਵੱਲੋਂ ਚੋਣ ਹਲਕਿਆਂ ਦੀਆਂ ਹੱਦਾਂ ਮੁੜ ਤੈਅ ਕੀਤੀਆਂ ਜਾਣਗੀਆਂ ਅਤੇ ਸਾਲ 2051 ਤੱਕ ਸੀਟਾਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।
2011 ਦੀ ਮਰਦਮਸ਼ੁਮਾਰੀ ਬਣੇਗੀ ਹੱਦਬੰਦੀ ਦਾ ਆਧਾਰ
ਨਵੇਂ ਪ੍ਰਸਤਾਵਿਤ ਬਿੱਲ ਵਿੱਚ ਵਧਾਈਆਂ ਗਈਆਂ ਸੀਟਾਂ ਦੀ ਹੱਦਬੰਦੀ ਸਾਲ 2011 ਦੀ ਮਰਦਮਸ਼ੁਮਾਰੀ ਦੇ ਆਧਾਰ ‘ਤੇ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਹਰੇਕ ਸੂਬੇ ਲਈ ਸੀਟਾਂ ਦੇ ਮੌਜੂਦਾ ਅਨੁਪਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕੀਤੇ ਬਿਨਾਂ ਸੰਸਦੀ ਚੋਣ ਹਲਕਿਆਂ ਦੀ ਹੱਦਬੰਦੀ ਕਰਨ ਦਾ ਪ੍ਰਸਤਾਵ ਰੱਖਿਆ ਹੈ।
ਇਹ ਵੀ ਪੜ੍ਹੋ
ਇਸ ਨਵੀਂ ਪ੍ਰਸਤਾਵਿਤ ਸੋਧ ਤਹਿਤ ਹੱਦਬੰਦੀ ਰਾਹੀਂ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਦੀ ਗਿਣਤੀ ਵਧਾ ਕੇ ਵੱਧ ਤੋਂ ਵੱਧ 850 ਤੱਕ ਕਰਨ ਦੀ ਯੋਜਨਾ ਹੈ। ਇਨ੍ਹਾਂ 850 ਸੀਟਾਂ ਵਿੱਚੋਂ 835 ਸੀਟਾਂ ਵੱਖ-ਵੱਖ ਸੂਬਿਆਂ ਲਈ ਅਤੇ 15 ਸੀਟਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਨਿਰਧਾਰਤ ਕੀਤੀਆਂ ਜਾਣਗੀਆਂ। ਸੱਤਾਧਾਰੀ ਧਿਰ ਦਾ ਮੰਨਣਾ ਹੈ ਕਿ ਇਸ ਬਦਲਾਅ ਨਾਲ ਅਗਲੀਆਂ ਲੋਕ ਸਭਾ ਚੋਣਾਂ (2029) ਤੋਂ ਪਹਿਲਾਂ ਸੰਸਦ ਅਤੇ ਸੂਬਾ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਰਾਹ ਪੱਧਰਾ ਹੋ ਜਾਵੇਗਾ।
ਸੰਵਿਧਾਨਕ ਸੋਧ ਲਈ ਲੋੜੀਂਦੇ ਬਹੁਮਤ ਦਾ ਦਾਅਵਾ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਅਹਿਮ ਮੀਟਿੰਗ ਦੁਪਹਿਰ ਇੱਕ ਵਜੇ ‘ਸੇਵਾ ਤੀਰਥ’ ਵਿਖੇ ਬੁਲਾਈ ਗਈ ਸੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਵੀ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਹ ਚਰਚਿਤ ਬਿੱਲ ਪੇਸ਼ ਕੀਤਾ ਸੀ, ਪਰ ਉਦੋਂ ਇਸ ਨੂੰ ਲੋਕ ਸਭਾ ਦੀ ਮਨਜ਼ੂਰੀ ਨਹੀਂ ਮਿਲ ਸਕੀ ਸੀ। ਹੁਣ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਕੋਲ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਲੋੜੀਂਦੀ ਗਿਣਤੀ ਵਿੱਚ ਸੰਸਦ ਮੈਂਬਰਾਂ ਦਾ ਸਮਰਥਨ ਮੌਜੂਦ ਹੈ। ਦੱਸ ਦੇਈਏ ਕਿ ਕਿਸੇ ਵੀ ਸੰਵਿਧਾਨਕ ਸੋਧ ਬਿੱਲ ਨੂੰ ਪਾਸ ਕਰਵਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਵਿੱਚ ਦੋ-ਤਿਹਾਈ ਬਹੁਮਤ ਹੋਣਾ ਲਾਜ਼ਮੀ ਹੁੰਦਾ ਹੈ।
DMK, NCP ਤੇ BRS ਵੱਲੋਂ ਸਮਰਥਨ ਦੇ ਆਸਾਰ
ਸਿਆਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦ੍ਰਵਿੜ ਮੁਨੇਤਰ ਕੜਗਮ, ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਅਤੇ ਭਾਰਤ ਰਾਸ਼ਟਰ ਸਮਿਤੀ (BRS) ਵੱਲੋਂ ਇਸ ਬਿੱਲ ਦੇ ਹੱਕ ਵਿੱਚ ਸਮਰਥਨ ਦਿੱਤੇ ਜਾਣ ਦੀ ਉਮੀਦ ਹੈ। ਹਾਲਾਂਕਿ, ਵਿਰੋਧੀ ਪਾਰਟੀਆਂ ਦਾ ‘ਇੰਡੀਆ’ (INDIA) ਗਠਜੋੜ ਇਸ ਬਿੱਲ ਦਾ ਵਿਰੋਧ ਕਰ ਰਿਹਾ ਹੈ। ਵਿਰੋਧੀ ਗਠਜੋੜ ਦੇ ਆਗੂ ਹੁਣ ਭਲਕੇ ਸ਼ਨੀਵਾਰ ਨੂੰ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ‘ਤੇ ਡੂੰਘਾ ਵਿਚਾਰ-ਵਟਾਂਦਰਾ ਕਰਨਗੇ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਅਗਲੇ ਹਫ਼ਤੇ ਸੰਸਦ ਦਾ 4 ਦਿਨਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਸ ਪ੍ਰੋਗਰਾਮ ਤਹਿਤ ਲੋਕ ਸਭਾ ਦੀ ਬੈਠਕ 30 ਨਵੰਬਰ ਅਤੇ 1 ਦਸੰਬਰ ਨੂੰ ਹੋਵੇਗੀ, ਜਦਕਿ ਰਾਜ ਸਭਾ ਦੀ ਬੈਠਕ 2 ਅਤੇ 3 ਦਸੰਬਰ ਨੂੰ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਬਾਰੇ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਜਦੋਂ ਸਰਕਾਰ ਕੋਈ ਸੈਸ਼ਨ ਜਾਂ ਵਿਸ਼ੇਸ਼ ਸੈਸ਼ਨ ਬੁਲਾਉਂਦੀ ਹੈ, ਤਾਂ ਇਸ ਦਾ ਮਤਲਬ ਹੁੰਦਾ ਹੈ ਕਿ ਦੇਸ਼ ਲਈ ਕੋਈ ਬੇਹੱਦ ਅਹਿਮ ਬਿੱਲ ਪਾਸ ਕਰਨਾ ਜਾਂ ਜ਼ਰੂਰੀ ਕੰਮਕਾਜ ਹੋਣਾ ਹੈ।


