ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ਬ੍ਰਾਂਡ ਪੰਜਾਬ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਪਾਸ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ ਹੈ। ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ ਹੈ। ਪੰਜਾਬ ਨਿਵੇਸ਼ ਸੰਮੇਲਨ ਵਿੱਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ ਕੇ ਵਿਚਰਨਾ ਚਾਹੀਦਾ ਹੈ।
ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ਨਿਵੇਸ਼ ਪੰਜਾਬ ਸੰਮੇਲਨ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ਬ੍ਰਾਂਡ ਪੰਜਾਬ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ।
ਸੂਬੇ ਨੂੰ ਦੇਸ਼ ਦਾ ਸਨਅਤੀ ਧੁਰਾ ਬਣਾਉਣਾ ਸਮੇਂ ਦੀ ਲੋੜ – ਭਗਵੰਤ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਦਿੱਗਜ਼ਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਕੌਮੀ ਜੀ.ਡੀ.ਪੀ. ਵਿੱਚ ਸੂਬੇ ਦਾ ਤਿੰਨ ਫੀਸਦੀ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਗਾਂ ਵਾਲੀ ਧਰਤੀ ਹੈ ਜਿਸ ਦੀ ਉਪਜਾਊ ਜ਼ਮੀਨ ਅਤੇ ਨਿਵੇਕਲੇ ਸੁਭਾਅ ਵਾਲੇ ਲੋਕ ਹਨ ਜੋ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਟਾਰਟ ਅੱਪਜ਼ ਵਿੱਚ ਸੂਬਾ ਪਹਿਲੇ ਨੰਬਰ ‘ਤੇ ਹੈ ਅਤੇ ਪੰਜਾਬ ਦੇ ਉੱਦਮੀਆਂ ਨੇ ਵਿਸ਼ਵ ਦੇ ਅਰਥਚਾਰੇ ਵਿੱਚ ਅਮਿੱਟ ਛਾਪ ਛੱਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਛਲਾਵਾ ਸੀ ਅਤੇ ਇਸ ਦਾ ਕੋਈ ਸਾਰਥਕ ਉਦੇਸ਼ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਅੜਿੱਕੇ ਡਾਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਜੋਂ ਸਹੂਲਤ ਵਜੋਂ ਕੰਮ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਆਪਣੇ ਯੂਨਿਟ ਸਥਾਪਤ ਕਰਨ ਦੀ ਚੋਣ ਕਰਨ ਵਾਲੇ ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।