ਚੰਡੀਗੜ੍ਹ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ
ਕੌਮੀ ਇਨਸਾਫ ਮੋਰਚੇ ਵੱਲੋਂ ਮੋਹਾਲੀ ਚੰਡੀਗੜ੍ਹ ਬਾਰਡਰ ਤੇ ਲਾਏ ਮੋਰਚੇ ਦੌਰਾਨ ਮੋਰਚੇ ਵਿਚ ਸ਼ਾਮਲ ਪ੍ਰਦਰਸ਼ਨਕਾਰੀਆਂ ਦੀ ਬੀਤੇ ਕੱਲ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਮੋਰਚੇ ਵਿਚ ਸ਼ਾਮਲ ਕਈ ਆਗੂਆਂ ਅਤੇ ਹੋਰ ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਹੈ।
ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ
ਚੰਡੀਗੜ੍ਹ ਦੇ ਥਾਣਾ 39 ਵਿਚ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕੀਤੀ ਐਫ ਆਈ ਆਰ ਵਿਚ ਜਗਤਾਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਦੇ ਨਾਮ ਦਰਜ ਹਨ।
ਝੜਪ ਵਿਚ ਪੁਲਿਸ ਦੀ ਕਈ ਜਵਾਨ ਜ਼ਖਮੀ
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੋਰਚੇ ਵੱਲੋਂ
ਮੁੱਖ ਮੰਤਰੀ ਦੀ ਰਿਹਾਇਸ਼ ਵੱਲੋਂ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ ਵਿੱਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਅੱਗੇ ਵਧਣ ਲਈ ਬਜਿੱਦ ਸਨ ਪਰ ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਕਾਰੀਆਂ ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ ਅਤੇ ਪੁਲਿਸ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਸੀ।
ਨਾਕਾ ਛੱਡ ਕੇ ਪਿੱਛੇ ਭੱਜੀ ਪੁਲਿਸ
ਟਕਰਾਅ ਤੋਂ ਬਾਅਦ ਚੰਡੀਗੜ੍ਹ ਪੁਲਿਸ ਨਾਕਾ ਛੱਡ ਕੇ ਪਿੱਛੇ ਭੱਜ ਗਈ। ਮੁਜ਼ਹਰਾਕਾਰੀਆਂ ਦੀ ਅਗਵਾਈ ਨਹਿੰਗ ਸਿੰਘ ਕਰ ਰਹੇ ਹਨ। ਮੋਹਾਲੀ ਪੁਲਿਸ ਦੇ ਮਟੌਰ ਥਾਣੇ ਵਿੱਚ ਵੀ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਇਕ ਹੋਰ ਜੱਥਾ ਮੁੱਖ ਮੰਤਰੀ ਦੀ ਰਿਹਾਇਸ ਵੱਲ ਭੇਜਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਵੱਡੀ ਪੱਧਰ ਉਤੇ ਅੱਜ ਪੁਲਿਸ ਲਗਾਈ ਗਈ ਹੈ।
ਜ਼ਿਕਰਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਪਿਛਲੇ ਇਕ ਮਹੀਨੇ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਆਪਣੇ ਜੱਥੇ ਚੰਡੀਗੜ੍ਹ ਭੇਜੇ ਜਾ ਰਹੇ ਸਨ।