Canada ‘ਚ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮੁੱਦੇ ‘ਤੇ ਮੰਤਰੀ ਧਾਲੀਵਾਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

Updated On: 

08 Jun 2023 11:44 AM

ਉੱਧਰ ਕੈਨੇਡਾ ਸਰਕਾਰ ਵੱਲੋਂ ਡਿਪੋਰਟ ਕਰਨ ਦੇ ਫੈਸਲੇ ਖਿਲਾਫ਼ ਸਾਰੇ 700 ਵਿਦਿਆਰਥੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ ਵਿੱਚ ਪੰਜਾਬੀ ਸਿੰਗਰ ਸ਼ੈਰੀ ਮਾਨ ਤੇ ਐਲੀ ਮਾਂਗਟ ਵੀ ਬੀਤੇ ਦਿਨੀਂ ਧਰਨੇ ਵਿੱਚ ਸ਼ਾਮਲ ਹੋਏ ਸਨ।

Canada ਚ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮੁੱਦੇ ਤੇ ਮੰਤਰੀ ਧਾਲੀਵਾਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
Follow Us On

ਚੰਡੀਗੜ੍ਹ ਨਿਊਜ। ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਦੱਸ ਦੇਈਏ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।

ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ। ਉਨ੍ਹਾਂ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।

ਹਰਸਿਮਰਤ ਕੌਰ ਨੇ ਵੀ ਲਿੱਖਿਆ ਵਿਦੇਸ਼ ਮੰਤਰੀ ਨੂੰ ਪੱਤਰ

ਉੱਧਰ ਲੋਕ ਸਭਾ ਸਾਂਸਦ ਅਤੇ ਅਕਾਲੀ ਦਲ ਆਗੂ ਹਰਸਿਮਰਤ ਕੌਰ ਬਾਦਲ ਨੇ ਵੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ ਫਰਜ਼ੀ ਸੰਸਥਾਵਾਂ ਤੇ ਉਹਨਾਂ ਦੇ ਅਧਿਕਾਰਤ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ, ਜਿਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਹਨਾਂ ਲਿੱਖਿਆ ਕਿ ਇਸ ਘੁਟਾਲੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਕੇਸ ਹਮਦਰਦੀ ਨਾਲ ਵਿਚਾਰੇ ਜਾਣੇ ਚਾਹੀਦੇ ਹਨ। ਉਹਨਾਂ ਨੇ ਆਪਣੀਆਂ ਹੁਨਰ ਪ੍ਰਾਪਤੀਆਂ ਦੀਆਂ ਡਿਗਰੀਆਂ ਹਾਸਲ ਕਰਕੇ ਸਥਾਈ ਨਾਗਰਿਕਤਾ ਲਈ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ। ਹੁਣ ਇਨ੍ਹਾਂ ਨੂੰ ਬਿਨਾਂ ਰੁਕਾਵਟ ਸਥਾਈ ਨਾਗਰਿਕਤਾ ਮਿਲਣੀ ਚਾਹੀਦੀ ਹੈ।

ਇਹ ਹੈ ਪੂਰਾ ਮਾਮਲਾ ?

ਜਲੰਧਰ ਦੇ ਇਕ ਟਰੈਵਲ ਏਜੰਟ ਨੇ 2018 ਤੋਂ 2022 ਦਰਮਿਆਨ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਇਕ ਪ੍ਰਾਈਵੇਟ ਕਾਲਜ ਦੇ ਆਫਰ ਲੈਟਰ ਦਿਵਾ ਕੇ ਉਨ੍ਹਾਂ ਦੇ ਕੈਨੇਡਾ ਦੇ ਵੀਜ਼ੇ ਲਗਵਾ ਦਿੱਤੇ, ਜਿਸ ਲਈਹਰ ਇੱਕ ਵਿਦਿਆਰਥੀ ਤੋਂ ਲੱਖਾਂ ਰੁਪਏ ਵਸੂਲੇ ਗਏ। ਜ਼ਿਆਦਾਤਰ ਵਿਦਿਆਰਥੀ ਟੋਰਾਂਟੋ ਗਏ ਸਨ। ਜਿਸ ਤੋਂ ਬਾਅਦ ਟਰੈਵਲ ਏਜੰਟ (Travel Agent) ਨੇ ਸਾਰਿਆਂ ਨਾਲ ਸੰਪਰਕ ਕਰ ਕੇ ਸਭ ਨੂੰ ਇਕੋ ਹੀ ਗੱਲ ਕਹੀ ਕਿ ਜਿਸ ਕਾਲਜ ‘ਚ ਉਹ ਜਾ ਰਹੇ ਹਨ, ਉੱਥੋਂ ਦੀਆਂ ਸਾਰੀਆਂ ਸੀਟਾਂ ਫੁੱਲ ਹੋ ਚੁੱਕੀਆਂ ਹਨ ਅਤੇ ਸਭ ਨੂੰ ਅਗਲੇ ਸਮੈਸਟਰ ‘ਚ ਸੀਟਾਂ ਦਿਵਾਈਆਂ ਜਾਣਗੀਆਂ।

ਟਰੈਵਲ ਏਜੰਟ ਨੇ ਵਿਦਿਆਰਥੀਆਂ ਦਾ ਭਰੋਸਾ ਜਿੱਤਣ ਲਈ ਉਨ੍ਹਾਂ ਨੂੰ ਕੁੱਝ ਰਕਮ ਵੀ ਮੋੜ ਦਿੱਤੀ ਤਾਂ ਕਿ ਵਿਦਿਆਰਥੀਆਂ ਦਾ ਉਸ ‘ਤੇ ਭਰੋਸਾ ਬਣਿਆ ਰਹੇ। ਟਰੈਵਲ ਏਜੰਟ ਨੇ ਉੱਥੇ ਪੁੱਜੇ ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ਚ ਦਾਖ਼ਲਾ ਲੈਣ ਦੀ ਗੱਲ ਕਹੀ। ਉੱਧਰ, ਕੈਨੇਡਾ ਦੀ ਸੀਮਾ ਸੁਰੱਖਿਆ ਏਜੰਸੀ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਟਰੈਵਲ ਏਜੰਟ ਵੱਲੋਂ ਫਰਜੀ ਤਰੀਕੇ ਨਾਲ ਕੈਨੇਡਾ ਭੇਜਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਅਰਜ਼ੀ ‘ਤੇ ਉਸ ਦੇ ਹਸਤਾਖ਼ਰ ਨਹੀਂ ਹਨ, ਜਿਸ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ