Indian Students in Canada: ਡਿਪੋਰਟ ਨਹੀਂ ਹੋਣਗੇ 700 ਵਿਦਿਆਰਥੀ, ਪੱਖ ਰੱਖਣ ਦਾ ਮਿਲੇਗਾ ਮੌਕਾ – ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਬਿਆਨ
Indian Students Deportation Case: ਕੈਨੇਡਾ ਵਿੱਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਦੇ ਦਾਖ਼ਲਾ ਪੱਤਰ ਫਰਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸ ਦਈਏ ਕਿ ਇਨ੍ਹਾਂ ਵਿਦਿਆਰਥੀਆਂ ਨੇ 2017 ਤੋਂ 2019 ਦੌਰਾਨ ਕੈਨੇਡਾ ਵਿੱਚ ਪੜਾਈ ਲਈ ਐਡਮਿਸ਼ਨ ਲਈ ਸੀ।
Canada News: ਕੈਨੇਡਾ ‘ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਦਾਖਲਾ ਲੈਣ ਦੇ ਦੋਸ਼ਾਂ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਨੂੰ ਉਮੀਦ ਦੀ ਕਿਰਨ ਦਿਖਾਈ ਦੇਣ ਲੱਗੀ ਹੈ। ਪੰਜਾਬ ਅਤੇ ਭਾਰਤ ਸਰਕਾਰ ਦੇ ਦਬਾਅ ਤੋਂ ਬਾਅਦ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰ ਅਤੇ ਮੰਤਰੀ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰ ਆਏ ਹਨ। ਕੈਨੇਡਾ ਦੇ ਮੰਤਰੀ ਸੀਨ ਫਰੇਜ਼ਰ ਨੇ ਮੰਨਿਆ ਹੈ ਕਿ ਜ਼ਿਆਦਾਤਰ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਉਹ ਇੱਕ ਪ੍ਰਕਿਰਿਆ ਬਣਾਉਣਗੇ ਜਿੱਥੇ ਉਨ੍ਹਾਂ ਨੂੰ ਇਹ ਸਾਬਤ ਕਰਨ ਦਾ ਮੌਕਾ ਦਿੱਤਾ ਜਾਵੇਗਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਉਨ੍ਹਾਂ ਦਾ ਢੁਕਵਾਂ ਹੱਲ ਮੁਹਈਆ ਕਰਵਾਇਆ ਜਾਵੇਗਾ।
‘ਨਿਰਦੋਸ਼ ਵਿਦਿਆਰਥੀਆਂ ਨੂੰ ਕੈਨੇਡਾ ‘ਚ ਰਹਿਣ ਦਾ ਮਿਲੇਗਾ ਮੌਕਾ’
ਹਾਊਸ ਆਫ ਕਾਮਨਜ਼ ਵਿੱਚ ਪ੍ਰਸ਼ਨ ਕਾਲ ਦੌਰਾਨ, ਫਰੇਜ਼ਰ ਨੇ ਦੁਹਰਾਇਆ ਕਿ ਉਹ ਨਿਰਦੋਸ਼ ਵਿਦਿਆਰਥੀਆਂ ਦੀ ਮਦਦ ਕਰਨਗੇ। ਉਨ੍ਹਾਂ ਨੇ ਵਿਰੋਧੀ ਨਿਊ ਡੈਮੋਕ੍ਰੇਟਿਕ ਪਾਰਟੀ ਦੀ ਮੈਂਬਰ ਜੇਨੀ ਕਵਾਨ ਦੇ ਇੱਕ ਸਵਾਲ ਦੇ ਜਵਾਬ ਚ ਕਿਹਾ, ਮੈਨੂੰ ਇਹ ਕਹਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਧੋਖਾਧੜੀ ਦਾ ਸ਼ਿਕਾਰ ਮਾਸੂਮ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਰਹਿਣ ਦਾ ਮੌਕਾ ਮਿਲੇ। ਫਰੇਜ਼ਰ ਨੇ ਕਿਹਾ ਕਿ ਜਿਹੜੇ ਲੋਕ ਜਾਣਬੁੱਝ ਕੇ ਧੋਖਾਧੜੀ ਕਰਦੇ ਹਨ ਜਾਂ ਧੋਖਾਧੜੀ ਦੀ ਯੋਜਨਾ ਵਿੱਚ ਸ਼ਾਮਲ ਸਨ, ਉਨ੍ਹਾਂ ਨੂੰ ਕੈਨੇਡੀਅਨ ਕਾਨੂੰਨਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਭੁਗਤਣੇ ਹੋਣਗੇ।
ਇਹ ਹੈ ਮਾਮਲਾ
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਆਫਰ ਲੈਟਰ ਜਾਅਲੀ ਪਾਏ ਗਏ ਸਨ। ਜਿਸ ਤੋਂ ਬਾਅਦ ਪੰਜਾਬ ਤੋਂ ਕੈਨੇਡਾ ਤੱਕ ਹਾਹਾਕਾਰ ਮੱਚ ਗਿਆ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਵਾਰ-ਵਾਰ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਹੋਣ ਅਤੇ ਮਨੁੱਖਤਾਵਾਦੀ ਪਹੁੰਚ ਅਪਣਾਉਣ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹੇ ਵਿਦਿਆਰਥੀ ਨੂੰ ਸਜ਼ਾ ਦੇਣਾ ਬੇਇਨਸਾਫ਼ੀ ਹੈ, ਜਿਸ ਨੇ ਚੰਗੇ ਇਰਾਦੇ ਨਾਲ ਸਿੱਖਿਆ ਗ੍ਰਹਿਣ ਕੀਤੀ ਹੈ। ਪੰਜਾਬ ਅਤੇ ਕੇਂਦਰ ਸਰਕਾਰ ਇਸ ਮੁੱਦੇ ਤੇ ਲਗਾਤਾਰ ਕੈਨੇਡਾ ਸਰਕਾਰ ਦੇ ਸੰਪਰਕ ਵਿੱਚ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ