ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂ ਨਤਮਸਤਕ ਹੋ ਰਹੇ ਹਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ।
ਇਸ ਮੌਕੇ ਸਵੇਰੇ 9 ਵਜੇ ਤੋਂ ਲੈ ਕੇ 12 ਵਜੇ ਤੱਕ ਸੰਗਤਾਂ ਨੂੰ ਅੱਜ ਜਲੋਅ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਗੁਰੂ ਘਰ ਆਏ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈਆਂ ਦਿੱਤੀਆਂ।
ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ।
ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਸਵੇਰੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ।
ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਜਾ ਰਹੇ ਹਨ ਅਤੇ ਸੇਵਾ ਕੀਤੀ ਜਾ ਰਹੀ ਹੈ।
ਅੱਜ ਸਵੇਰੇ ਗੁਰੁਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।