04 May 2023 18:43 PM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਦਾ ਪ੍ਰਬੰਧ ਕੀਤਾ ਗਿਆ
ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਆਤਮਾ ਦੀ ਸ਼ਾਂਤੀ ਲਈ ਕੀਤੀ ਗਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਵੀ ਸਾਂਝਾ ਕੀਤਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਜਾਉਣ ਦੀ ਜਿੰਮੇਦਾਰ ਹੁਣ ਉਨ੍ਹਾਂ ਦੇ ਸਿਰ ਤੇ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਨਾਲ ਪਿਤਾ ਦਾ ਗਮ ਸਾਂਝਾ ਕੀਤਾ।
ਇਸ ਮੌਕੇ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਪਿੰਡ ਬਾਦਲ ਵਿੱਚ ਗੁਰਦੁਆਰਾ ਸਾਹਿਬ, ਮੰਦਿਰ ਅਤ ਮਸਜਿਦ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਬਣਾਏ ਸਨ। ਉਨ੍ਹਾਂ ਕਿਹਾ ਕਿ ਜੇਕਰ ਦੀਵਾ ਲੈ ਕੇ ਲੱਭਣ ਜਾਵਾਂਗੇ ਸਿਆਸੀ ਦੁਨੀਆ ਵਿਚ ਕਦੇ ਵੀ ਪ੍ਰਕਾਸ਼ ਸਿੰਘ ਬਾਦਲ ਵਰਗੀ ਸ਼ਖਸੀਅਤ ਨਹੀਂ ਮਿਲੇਗੀ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ 1970 ਤੋਂ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਦੁਨੀਆਂ ਤੋਂ ਜਾਣ ਤੱਕ ਜਦੋਂ ਵੀ ਦੇਸ਼ ਦੇ ਕੋਈ ਵੀ ਮੁਸੀਬਤ ਆਈ ਉਹ ਹਮੇਸ਼ਾ ਦੇਸ਼ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਏ ਦਿਖਾਈ ਦਿੱਤੇ।
ਭਾਜਪਾ ਆਗੂ ਅਤੇ ਸੁਖਬੀਰ ਸਿੰਘ ਬਾਦਲ ਦੇ ਚਚੇਰੇ ਭਰ੍ਹਾਂ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਅੱਜ ਭਾਰੀ ਸੰਖਿਆ ਦੇ ਵਿਚ ਅੰਤਿਮ ਅਰਦਾਸ ਦੇ ਵਿੱਚ ਸਾਰੀਆਂ ਸ਼ਖਸੀਅਤਾਂ ਪਹੁੰਚੀਆਂ ਹਨ। ਉਨ੍ਹਾਂ ਦੇ ਇੱਥੇ ਆਉਣ ਨਾਲ ਬਾਦਲ ਪਰਿਵਾਰ ਦਾ ਦੁੱਖ ਵੰਡਿਆ ਗਿਆ ਹੈ। ਉਨ੍ਹਾਂ ਦੇ ਜ਼ਖਮ ਉਤੇ ਮੱਲ੍ਹਮ ਲੱਗੀ ਹੈ।
ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜੇਕਰ ਸਾਡੇ ਪਰਿਵਾਰ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਉਹ ਸਾਰੀ ਸੰਗਤ ਅਤੇ ਇੱਥੇ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ ਤੋਂ ਮੁਆਫ਼ੀ ਚਾਹੁੰਦੇ ਹਨ। ਨਾਲ ਹੀ ਉਨ੍ਹਾਂ ਨੇ ਸਾਰੇ ਆਗੂਆਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ।