PHOTOS: ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ, ਵੇਖੋ ਤਸਵੀਰਾਂ….
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸੂਬਾ ਭਰ ਵਿੱਚ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਸ ਧਰਤੀ ਤੋਂ ਅਤਿ ਆਧੁਨਿਕ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
Updated On: 11 May 2023 19:20 PM
ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਰਕਾਰ ਤੁਹਾਡੇ ਦੁਆਰ ਨਾਂ ਹੇਠ ਲੋਕ ਪੱਖੀ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਦੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ 'ਤੇ ਲਿਆਏਗਾ ਜਿਸ ਨਾਲ ਉਨ੍ਹਾਂ ਨੂੰ ਅਸਲ ਅਰਥਾਂ 'ਚ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਸਰਵੋਤਮ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿਚ ਬਹੁਤ ਸਹਾਈ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸੂਬਾ ਭਰ ਵਿੱਚ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਸ ਧਰਤੀ ਤੋਂ ਅਤਿ ਆਧੁਨਿਕ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਸ਼ੂਗਰ ਮਿੱਲ ਦਾ ਮਸਲਾ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬਹੁਮੁੱਲੇ ਜਲ ਸਰੋਤਾਂ ਦੀ ਸੰਭਾਲ ਲਈ ਘੱਗਰ ਵਰਗੇ ਕੁਦਰਤੀ ਜਲ ਸਰੋਤਾਂ ਦੇ ਬੰਨ੍ਹ ਮਜ਼ਬੂਤ ਕਰਕੇ ਇਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜਲ ਸਰੋਤਾਂ ਦੀ ਸਮੇਂ ਸਿਰ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।
ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।