ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣਗੇ 1942 ਸ਼ਰਧਾਲੂ, ਦੂਤਾਵਾਸ ਵੱਲੋਂ ਜਾਰੀ ਵੀਜ਼ਾ
ਸਿੱਖ ਸ਼ਰਧਾਲੂਆਂ ਦਾ ਜੱਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ। ਇਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ 'ਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਦੀ ਤਸਵੀਰ
SGPC: ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜੱਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜੱਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸ-ਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਿਆ ਜਾਣਾ ਹੈ।
ਇਹ ਜੱਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ। ਇਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ‘ਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ, ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ।
ਇਸੇ ਦੌਰਾਨ ਓਐਸਡੀ ਸਤਬੀਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਵੀਜ਼ਾਂ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਦਿੱਤਾ ਜਾਂਦਾ। ਇਸ ਨਾਲ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਸੀ।
ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ‘ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਖੁਲ੍ਹ-ਦਿਲੀ ਨਾਲ ਵੀਜ਼ਾਂ ਦੇਣ ਲਈ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ।