ਬਾਥਰੂਮ ‘ਚ ਖ਼ੁਦ ਨੂੰ ਲਗਾਇਆ ਨਸ਼ੇ ਦਾ ਟੀਕਾ, ਤਰਨਤਾਰਨ ‘ਚ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ

Published: 

23 Nov 2026 00:09 AM IST

ਪੰਜਾਬ ਵਿੱਚ ਨਸ਼ਿਆਂ ਦਾ ਜਾਨਲੇਵਾ ਕਾਰੋਬਾਰ ਲਗਾਤਾਰ ਨੌਜਵਾਨ ਪੀੜ੍ਹੀ ਦੀਆਂ ਕੀਮਤੀ ਜਾਨਾਂ ਨਿਗਲ ਰਿਹਾ ਹੈ। ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਤੂਤ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਬਾਥਰੂਮ ਚ ਖ਼ੁਦ ਨੂੰ ਲਗਾਇਆ ਨਸ਼ੇ ਦਾ ਟੀਕਾ, ਤਰਨਤਾਰਨ ਚ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ

ਪੰਜਾਬ ਵਿੱਚ ਨਸ਼ਿਆਂ ਦਾ ਜਾਨਲੇਵਾ ਕਾਰੋਬਾਰ ਲਗਾਤਾਰ ਨੌਜਵਾਨ ਪੀੜ੍ਹੀ ਦੀਆਂ ਕੀਮਤੀ ਜਾਨਾਂ ਨਿਗਲ ਰਿਹਾ ਹੈ। ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਤੂਤ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਦੇਰ ਰਾਤ ਪਿੰਡ ਦੇ ਹੀ ਇੱਕ ਘਰ ਤੋਂ ਨਸ਼ੀਲਾ ਪਦਾਰਥ ਲਿਆ ਅਤੇ ਬਾਥਰੂਮ ਵਿੱਚ ਜਾ ਕੇ ਟੀਕਾ ਲਗਾ ਲਿਆ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਪ੍ਰਿਤਪਾਲ ਸਿੰਘ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿਤਪਾਲ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪਰਿਵਾਰ ਵਿੱਚ ਉਸ ਦੀ ਮਾਤਾ, ਵੱਡਾ ਭਰਾ ਅਤੇ ਉਹ ਖ਼ੁਦ ਰਹਿੰਦਾ ਸੀ। ਚਾਚੇ ਅਨੁਸਾਰ, ਪ੍ਰਿਤਪਾਲ ਦਾ ਵੱਡਾ ਭਰਾ ਕਿਸੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ, ਜਦਕਿ ਪ੍ਰਿਤਪਾਲ ਘਰ ਦਾ ਛੋਟਾ ਪੁੱਤਰ ਸੀ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਨੇ ਦੇਰ ਰਾਤ ਗਲੀ ਵਿੱਚ ਸਥਿਤ ਇੱਕ ਘਰ ਤੋਂ ਨਸ਼ੀਲਾ ਪਦਾਰਥ ਖ਼ਰੀਦਿਆ ਸੀ। ਇਸ ਤੋਂ ਬਾਅਦ ਉਹ ਬਾਥਰੂਮ ਵਿੱਚ ਚਲਾ ਗਿਆ ਅਤੇ ਉੱਥੇ ਖ਼ੁਦ ਨੂੰ ਨਸ਼ੇ ਦਾ ਟੀਕਾ ਲਗਾ ਲਿਆ। ਦੋਸ਼ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਮਹਿਜ਼ 20 ਸਾਲ ਦੀ ਛੋਟੀ ਉਮਰ ਵਿੱਚ ਨੌਜਵਾਨ ਦੀ ਮੌਤ ਹੋਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਪਿੰਡ ਵਿੱਚ ਸ਼ਰੇਆਮ ਵਿਕ ਰਿਹਾ ਹੈ ਨਸ਼ਾ

ਪ੍ਰਿਤਪਾਲ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਨੇ ਪਿੰਡ ਵਿੱਚ ਨਸ਼ਿਆਂ ਦੇ ਸ਼ਰੇਆਮ ਚੱਲ ਰਹੇ ਕਾਰੋਬਾਰ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਬੇਖ਼ੌਫ਼ ਹੋ ਕੇ ਹੋ ਰਹੀ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਖ਼ਿਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਤੋਂ ਛੇ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਸਬੰਧਤ ਪੁਲਿਸ ਥਾਣਾ ਘਟਨਾ ਸਥਾਨ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਸਥਿਤ ਹੈ, ਪਰ ਇਸ ਦੇ ਬਾਵਜੂਦ ਨਸ਼ੇ ਦੇ ਕਾਰੋਬਾਰ ‘ਤੇ ਨੱਥ ਨਹੀਂ ਪਾਈ ਜਾ ਰਹੀ।

ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਲਾਏ ਦੋਸ਼

ਜਦੋਂ ਸੁਖਦੇਵ ਸਿੰਘ ਕੋਲੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੇ ਪਿੰਡ ਵਿੱਚ ਨਸ਼ੇ ਦੀ ਵਿਕਰੀ ਨੂੰ ਲੈ ਕੇ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਕਰਵਾਈ ਸੀ, ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਜਾਣ-ਬੁੱਝ ਕੇ ਪੁਲਿਸ ਨੂੰ ਇਸ ਦੀ ਸੂਚਨਾ ਨਹੀਂ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਨਸ਼ੇ ਨਾਲ ਜੁੜੀਆਂ ਘਟਨਾਵਾਂ ਵਿੱਚ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸ਼ਿਕਾਇਤ ਕਰਨ ਦਾ ਕੋਈ ਫ਼ਾਇਦਾ ਨਜ਼ਰ ਨਹੀਂ ਆਇਆ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਖ਼ਤਰੇ ਅਤੇ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ, ਪੁਲਿਸ ਵੱਲੋਂ ਇਨ੍ਹਾਂ ਦੋਸ਼ਾਂ ‘ਤੇ ਅਧਿਕਾਰਤ ਪ੍ਰਤੀਕਿਰਿਆ ਅਤੇ ਮਾਮਲੇ ਦੀ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਅਜੇ ਬਾਕੀ ਹੈ।

Loading...
Unable to load recommendations.
Follow Us