ਦੱਸ ਮਹੀਨੇ ਵਿੱਚ ਦਿੱਤੀ 25 ਹਜਾਰ ਸਰਕਾਰੀ ਨੌਕਰੀਆਂ:ਭਗਵੰਤ ਮਾਨ
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ਦੁਨੀਆ ਭਰ ਵਿੱਚੋਂ ਸਿਹਤ ਸੰਭਾਲ ਹੱਬ ਵਜੋਂ ਉਭਾਰਨ ਲਈ ਦ੍ਰਿੜ੍ਹ ਸੰਕਲਪ ਹੈ।

ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ਼ 10 ਮਹੀਨਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 25 ਹਜਾਰ 886 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇੱਥੇ ਮਿਊਂਸਿਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਭਰਤੀ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਤਕਨੀਸ਼ੀਅਨਾਂ ਅਤੇ 17 ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਿਸ ਆਡੀਟੋਰੀਅਮ ਵਿੱਚ ਇਹ ਸਮਾਗਮ ਹੋ ਰਿਹਾ ਹੈ, ਉਹ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 25886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 10 ਮਹੀਨਿਆਂ ਦੌਰਾਨ ਇੰਨੇ ਵੱਡੇ ਪੱਧਰ ਉਤੇ ਦਿੱਤੀਆਂ ਨੌਕਰੀਆਂ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ਦੁਨੀਆ ਭਰ ਵਿੱਚੋਂ ਸਿਹਤ ਸੰਭਾਲ ਹੱਬ ਵਜੋਂ ਉਭਾਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ।
ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਆਉਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ, 2022 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਆਪਣੇ ਇਲਾਜ ਲਈ ਆ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਵਿੱਚ ਇਹ ਕਲੀਨਿਕ ਅਹਿਮ ਭੂਮਿਕਾ ਨਿਭਾ ਰਹੇ ਹਨ।