ਪੰਜਾਬ ਪੁਲਿਸ.
ਜਲੰਧਰ ਨਿਊਜ: ਜਿਲ੍ਹੇ ਦੇ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ (Jaspreet Singh) ਵੱਲੋਂ ਸ਼ਹਿਰ ਅੰਦਰ
ਲਾਇਸੰਸੀ ਹਥਿਆਰਾ ਦੀ ਸਮੀਖਿਆ ਕੀਤੀ ਗਈ। ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਆਮ ਪਬਲਿਕ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ। ਖਾਮੀਆਂ ਪਾਏ ਜਾਣ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।
ਕਈ ਲਾਇਸੈਂਸ ਧਾਰਕਾਂ ਦੀ ਹੋਈ ਮੌਤ,ਕਈ ਗਏ ਵਿਦੇਸ਼
ਇਨ੍ਹਾਂ 538 ਲਾਇਸੈਂਸਾਂ ਵਿੱਚੋਂ 362 ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟਾਂ ਕਾਰਨ ਮੁਅੱਤਲ ਕੀਤੇ ਗਏ ਹਨ ਜਦਕਿ ਬਾਕੀ 176 ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਲਾਇਸੈਂਸਧਾਰਕਾਂ ਦੀ ਮੌਤ ਹੋਣ ਕਾਰਨ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ 25 ਕੇਸਾਂ ਵਿੱਚ ਲਾਇਸੈਂਸਧਾਰਕ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਜਾ ਵਸੇ ਹਨ। ਜਦਕਿ ਰੀ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲਿਸ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।
ਕਾਨੂੰਨ ਹੱਥ ਵਿਚ ਲੇਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਹੋਈ ਹੈ। ਇਸ ਲਈ ਜੇਕਰ ਅਜਿਹਾ ਕੋਈ ਮਾਮਲਾ ਸਾਹਮਣਾ ਆਇਆ ਤਾਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ 391 ਦੇ ਕਰੀਬ ਲਾਇਸੈਂਸ ਮੁਅੱਤਲ ਕੀਤੇ ਗਏ ਸਨ ਅਤੇ ਲਾਇਸੰਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।
ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ
ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਸਪ੍ਰੀਤ ਸਿੰਘ ਨੇ ਕਿਹਾ ਕਿ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਸੂਬਾ ਭਰ ਚ ਪਾਬੰਦੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ