ਪਠਾਨਕੋਟ ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੋਰਦਾਰ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

Updated On: 

04 Dec 2023 15:45 PM

ਪੰਜਾਬ ਸਰਕਾਰ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਜਾਰੀ ਹੈ। ਹੁਣ ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਕਰਨ ਵਾਲੇ 7 ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਮਸ਼ੀਨਰੀ ਵੀ ਜ਼ਬਤ ਕਰ ਲਈ ਹੈ। ਮਾਈਨਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

ਪਠਾਨਕੋਟ ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੋਰਦਾਰ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ
Follow Us On

ਪੰਜਾਬ ਨਿਊਜ। ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਮਾਈਨਿੰਗ ਦਾ ਰਿਹਾ ਹੈ। ਸਰਕਾਰ ਹੋਵੇ, ਕਾਂਗਰਸ ਹੋਵੇ, ਅਕਾਲੀ ਹੋਵੇ ਜਾਂ ਆਮ ਆਦਮੀ ਪਾਰਟੀ (Aam Aadmi Party) ਸਾਰੀਆਂ ਪਾਰਟੀਆਂ ਨੇ ਚੋਣਾਂ ਜਿੱਤਣ ਲਈ ਇਨ੍ਹਾਂ ਮੁੱਦਿਆਂ ‘ਤੇ ਪੂੰਜੀ ਲਗਾ ਦਿੱਤੀ ਹੈ।ਸਾਰੀਆਂ ਪਾਰਟੀਆਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮਾਈਨਿੰਗ ਨੂੰ ਰੋਕ ਦਿੱਤਾ ਜਾਵੇਗਾ। ਪਰ ਹੁਣ ਵਿਭਾਗ ਬਦਲਦੇ ਹੀ ਚੇਤਨ ਸਿੰਘ ਜੋੜਾ ਮਾਜਰਾ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ।

ਇਸਦੇ ਤਹਿਤ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ (Illegal mining) ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਮਾਈਨਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਕੀਤੀ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।

ਚੇਤਨ ਸਿੰਘ ਜੌੜਮਾਜਰਾ ਦੇ ਨਿਰਦੇਸ਼ ‘ਤੇ ਹੋਈ ਕਾਰਵਾਈ

ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਕੁਦਰਤੀ ਸੋਮਿਆਂ ਦੀ ਰਾਖੀ ਲਈ ਸਰਕਾਰ ਦ੍ਰਿੜ੍ਹ-ਮੰਤਰੀ

ਮਾਈਨਿੰਗ ਮੰਤਰੀ ਨੇ ਕਿਹਾ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।