ਸਮਾਣਾ ਤੋਂ AAP ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕੀਤਾ ਐਲਾਨ
ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀ ਪੋਸਟ 'ਚ ਲਿਖਿਆ, "ਮੈਂ ਚੇਤਨ ਸਿੰਘ ਜੌੜਾਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।" ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ 'ਚ ਚਰਚਾ ਤੇਜ਼ ਹੋ ਗਈ ਹੈ।
ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਮਾਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀ ਪੋਸਟ ‘ਚ ਲਿਖਿਆ, “ਮੈਂ ਚੇਤਨ ਸਿੰਘ ਜੌੜਾਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।” ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ‘ਚ ਚਰਚਾ ਤੇਜ਼ ਹੋ ਗਈ ਹੈ।
ਪਹਿਲਾਂ ਵੀ ਪਾਰਟੀ ਨਾਲ ਨਾਰਾਜ਼ਗੀ ਦੀਆਂ ਚਰਚਾਵਾਂ ਰਹੀਆਂ ਸਨ
ਜ਼ਿਕਰਯੋਗ ਹੈ ਕਿ ਚੇਤਨ ਸਿੰਘ ਜੌੜਾਮਾਜਰਾ ਦੇ ਪਾਰਟੀ ਛੱਡਣ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਸਿਆਸੀ ਚਰਚਾਵਾਂ ਸਾਹਮਣੇ ਆਈਆਂ ਸਨ। ਮਈ 2026 ‘ਚ ਉਨ੍ਹਾਂ ਨੇ ਪਾਰਟੀ ਛੱਡਣ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਆਮ ਆਦਮੀ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਸੀ।
ਸਮਾਣਾ ਹਲਕੇ ਦੀ ਸਿਆਸਤ ‘ਚ ਵੀ ਆਇਆ ਸੀ ਬਦਲਾਅ
ਇਸ ਤੋਂ ਇਲਾਵਾ ਸਤੰਬਰ 2026 ‘ਚ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਇਸ ਨਿਯੁਕਤੀ ਤੋਂ ਬਾਅਦ ਚੇਤਨ ਸਿੰਘ ਜੌੜਾਮਾਜਰਾ ਦੇ ਸਿਆਸੀ ਭਵਿੱਖ ਤੇ ਪਾਰਟੀ ‘ਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ।
ਹੁਣ ਜੌੜਾਮਾਜਰਾ ਵੱਲੋਂ ਅਸਤੀਫ਼ੇ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਨਵੀਂ ਹਲਚਲ ਪੈਦਾ ਹੋ ਗਈ ਹੈ। ਹਾਲਾਂਕਿ, ਅਸਤੀਫ਼ੇ ਪਿੱਛੇ ਕਾਰਨਾਂ, ਅਗਲੀ ਸਿਆਸੀ ਰਣਨੀਤੀ ਤੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣ ਬਾਰੇ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


