ਕਿਸਾਨ ਅੰਦੋਲਨ ਤੋਂ ਲੈ ਕੇ ਮੁੜ ਗੱਠਜੋੜ ਤੱਕ… ਮੋਗਾ ਰੈਲੀ ‘ਚ CM ਮਾਨ ਨੇ ਅਕਾਲੀ ਦਲ ਤੇ ਭਾਜਪਾ ਨੂੰ ਘੇਰਿਆ
ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਇੱਕ-ਦੂਜੇ ਨੂੰ ਗਾਲ੍ਹਾਂ ਕੱਢ ਕੇ ਸਰਕਾਰਾਂ ਬਣਾਉਂਦੇ ਰਹੇ ਤੇ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਇੱਕ-ਦੂਜੇ ਖ਼ਿਲਾਫ਼ ਬੋਲਦੇ ਸਨ, ਅੱਜ ਉਹੀ ਸਾਰੇ ਇਕੱਠੇ ਹੋ ਗਏ ਹਨ।
ਮੋਗਾ ‘ਚ ਆਮ ਆਦਮੀ ਪਾਰਟੀ ਦੀ ਖੁਸ਼ਹਾਲ ਪੰਜਾਬ ਮਹਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ਲੋਕਾਂ ਨੂੰ ਕੋਈ ਭਾਸ਼ਣ ਦੇਣ ਨਹੀਂ ਆਏ, ਸਗੋਂ ਉਨ੍ਹਾਂ ਨਾਲ ਉਹੀ ਗੱਲਾਂ ਕਰਨ ਆਏ ਹਨ ਜੋ ਆਮ ਤੌਰ ‘ਤੇ ਲੋਕ ਪਿੰਡਾਂ ਦੀਆਂ ਸੱਥਾਂ ‘ਚ ਬੈਠ ਕੇ ਕਰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਇੱਕ-ਦੂਜੇ ਨੂੰ ਗਾਲ੍ਹਾਂ ਕੱਢ ਕੇ ਸਰਕਾਰਾਂ ਬਣਾਉਂਦੇ ਰਹੇ ਤੇ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਇੱਕ-ਦੂਜੇ ਖ਼ਿਲਾਫ਼ ਬੋਲਦੇ ਸਨ, ਅੱਜ ਉਹੀ ਸਾਰੇ ਇਕੱਠੇ ਹੋ ਗਏ ਹਨ।
ਪਿਛਲੀਆਂ ਸਰਕਾਰਾਂ ‘ਤੇ ਸਾਧੇ ਨਿਸ਼ਾਨੇ
ਮੁੱਖ ਮੰਤਰੀ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 1997 ਤੋਂ 2002 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਰਹੀ, ਜਿਸ ਦੌਰਾਨ ਸੁਖਬੀਰ ਬਾਦਲ ਵੀ ਸਿਆਸਤ ‘ਚ ਸਨ। ਇਸ ਤੋਂ ਬਾਅਦ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਰਹੀ।
ਉਨ੍ਹਾਂ ਕਿਹਾ ਕਿ 2007 ਤੋਂ 2012 ਤੱਕ ਮੁੜ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੀ ਤੇ ਇਸ ਦੌਰਾਨ ਸੁਖਬੀਰ ਬਾਦਲ ਨੇ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਭਗਵੰਤ ਮਾਨ ਨੇ ਇਲਜ਼ਾਮ ਲਾਇਆ ਕਿ ਇਸੇ ਦੌਰ ‘ਚ ਪੰਜਾਬ ‘ਚ ਨਸ਼ਿਆਂ ਦਾ ਮੁੱਦਾ ਵਧਿਆ ਤੇ ਗੈਂਗਸਟਰਵਾਦ ਨੇ ਵੀ ਪੈਰ ਪਸਾਰੇ। ਉਨ੍ਹਾਂ ਆਪਣੇ ਭਾਸ਼ਣ ‘ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਂਦਿਆਂ ਵੀ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2017 ਤੋਂ 2022 ਤੱਕ ਮੁੜ ਕਾਂਗਰਸ ਦੀ ਸਰਕਾਰ ਬਣੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲੀ। ਇਸ ਤੋਂ ਬਾਅਦ 2022 ‘ਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੱਤਾ।
ਅਕਾਲੀ-ਭਾਜਪਾ ਗੱਠਜੋੜ ‘ਤੇ ਸਾਧੇ ਨਿਸ਼ਾਨੇ
ਭਗਵੰਤ ਮਾਨ ਨੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਅਕਾਲੀ ਦਲ ਤੇ ਭਾਜਪਾ ਦੀ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ ‘ਚ ਇੱਕੋ ਸਟੇਜ ‘ਤੇ ਨਰਿੰਦਰ ਮੋਦੀ, ਅਮਿਤ ਸ਼ਾਹ, ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਵਨੀਤ ਬਿੱਟੂ, ਕੇਵਲ ਢਿੱਲੋਂ ਤੇ ਅਸ਼ਵਨੀ ਕੁਮਾਰ ਸਮੇਤ ਕਈ ਆਗੂ ਬੈਠੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਰਹੇ ਹਨ, ਉਹ ਹੁਣ ਇੱਕ ਮੰਚ ‘ਤੇ ਇਕੱਠੇ ਨਜ਼ਰ ਆਉਣਗੇ।
ਇਹ ਵੀ ਪੜ੍ਹੋ
ਤਿੰਨ ਖੇਤੀ ਕਾਨੂੰਨਾਂ ‘ਤੇ ਅਕਾਲੀ ਦਲ ਨੂੰ ਘੇਰਿਆ
ਮੁੱਖ ਮੰਤਰੀ ਮਾਨ ਨੇ ਕਿਸਾਨ ਅੰਦੋਲਨ ਤੇ ਤਿੰਨ ਖੇਤੀ ਕਾਨੂੰਨਾਂ ‘ਤੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਲਿਆਂਦੇ ਗਏ ਸਨ ਤਾਂ ਸ਼ੁਰੂਆਤ ‘ਚ ਅਕਾਲੀ ਦਲ ਇਨ੍ਹਾਂ ਬਿੱਲਾਂ ਦੀ ਹਮਾਇਤ ਕਰਦਾ ਰਿਹਾ, ਪਰ ਬਾਅਦ ‘ਚ ਲੋਕਾਂ ਦਾ ਰੁਖ਼ ਦੇਖਦਿਆਂ ਗੱਠਜੋੜ ਤੋੜ ਦਿੱਤਾ।
ਭਗਵੰਤ ਮਾਨ ਨੇ ਇਲਜ਼ਾਮ ਲਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਅਕਾਲੀ ਦਲ ਨੇ ਬਿੱਲਾਂ ਦਾ ਵਿਰੋਧ ਕਰਨ ਦੀ ਬਜਾਏ ਸਿਆਸੀ ਹਾਲਾਤ ਦੇਖ ਕੇ ਆਪਣਾ ਫ਼ੈਸਲਾ ਬਦਲਿਆ। ਉਨ੍ਹਾਂ ਕਿਹਾ ਕਿ ਇਹ ਬਿੱਲ ਰੱਦ ਨਹੀਂ ਕੀਤੇ ਗਏ ਸਨ, ਸਗੋਂ ਵਾਪਸ ਲਏ ਗਏ ਸਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਮਝੌਤਾ ਇਸ ਸ਼ਰਤ ‘ਤੇ ਕੀਤਾ ਗਿਆ ਕਿ ਇਨ੍ਹਾਂ ਬਿੱਲਾਂ ਦਾ ਵਿਰੋਧ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਇਲਜ਼ਾਮ ਲਾਇਆ ਕਿ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ‘ਚ ਮੰਤਰੀ ਬਣਾਉਣ ਲਈ, ਸਿਰਫ਼ ਇੱਕ ਸੀਟ ਲਈ ਸਮਝੌਤਾ ਕਰ ਲਿਆ ਗਿਆ।
ਰਵਨੀਤ ਬਿੱਟੂ ਦੇ ਪੁਰਾਣੇ ਬਿਆਨ ਦਾ ਕੀਤਾ ਜ਼ਿਕਰ
ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਰਵਨੀਤ ਸਿੰਘ ਬਿੱਟੂ ਦੇ ਪੁਰਾਣੇ ਬਿਆਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਬਿੱਟੂ ਨੇ ਪਹਿਲਾਂ ਕਿਹਾ ਸੀ ਕਿ ਸਮਝੌਤਾ ਕਰਕੇ ਕੀ ਕਰਨਾ ਹੈ, ਕੀ ਚਿੱਟਾ ਵੇਚਣਾ ਹੈ? ਜੇ ਚਿੱਟਾ ਹੀ ਵੇਚਣਾ ਹੈ ਤਾਂ ਸਮਝੌਤਾ ਕਰ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦੋ ਦਿਨ ਪਹਿਲਾਂ ਹੀ ਸਮਝੌਤਾ ਕਰ ਲਿਆ ਗਿਆ ਹੈ ਤੇ ਇਸ ਤੋਂ ਬਾਅਦ ਇਸ ਨੂੰ ਵਧੀਆ ਫ਼ੈਸਲਾ ਦੱਸਿਆ ਜਾ ਰਿਹਾ ਹੈ।
ਕਾਂਗਰਸ ਨੂੰ ਵੀ ਨਿਸ਼ਾਨੇ ‘ਤੇ ਲਿਆ
ਰੈਲੀ ਦੌਰਾਨ ਭਗਵੰਤ ਮਾਨ ਨੇ ਸਿਰਫ਼ ਅਕਾਲੀ ਦਲ ਤੇ ਭਾਜਪਾ ਨੂੰ ਹੀ ਨਹੀਂ, ਸਗੋਂ ਕਾਂਗਰਸ ਨੂੰ ਵੀ ਘੇਰਿਆ। ਉਨ੍ਹਾਂ ਵੱਖ-ਵੱਖ ਪਾਰਟੀਆਂ ਦੇ ਪਿਛਲੇ ਸਿਆਸੀ ਰਿਕਾਰਡ ਦਾ ਹਵਾਲਾ ਦਿੰਦਿਆਂ ਕਿਹਾ ਕਿ 25 ਸਾਲਾਂ ਤੱਕ ਪੰਜਾਬ ਦੇ ਲੋਕਾਂ ਨੂੰ ਇੱਕ-ਦੂਜੇ ਨਾਲ ਲੜਾ ਕੇ ਸਿਆਸਤ ਕੀਤੀ ਜਾਂਦੀ ਰਹੀ।


