‘AAP’ ਦਾ ਅੱਜ ਪੰਜਾਬ ‘ਚ ਸੂਬਾ ਪੱਧਰੀ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਮੋਹਾਲੀ ‘ਚ ਇਕੱਠੇ ਹੋਣਗੇ ਲੀਡਰ

Updated On: 

30 Jul 2024 10:28 AM IST

ਬੇਸ਼ੱਕ ਮੁਹਾਲੀ ਵਿੱਚ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਸਾਰੇ ਸੂਬਾ ਪੱਧਰੀ ਲੀਡਰ ਸ਼ਮੂਲੀਅਤ ਕਰਨਗੇ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ 'ਚ ਹੋਣਗੇ। ਉਹ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਜੰਤਰ-ਮੰਤਰ 'ਤੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੇ।

AAP ਦਾ ਅੱਜ ਪੰਜਾਬ ਚ ਸੂਬਾ ਪੱਧਰੀ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਚ ਮੋਹਾਲੀ ਚ ਇਕੱਠੇ ਹੋਣਗੇ ਲੀਡਰ

ਪੁਰਾਣੀ ਤਸਵੀਰ

Follow Us On

ਆਮ ਆਦਮੀ ਪਾਰਟੀ ਕੇਂਦਰ ਸਰਕਾਰ ਖਿਲਾਫ਼ ਇੱਕ ਵਾਰ ਸਖ਼ਤ ਰੁਖ ਇਖਤਿਆਰ ਕਰਨ ਜਾ ਰਹੀ ਹੈ। ਦਰਅਸਲ ਕਥਿਤ ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਕੌਮੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਕਰਨਗੇ। ਮੁਹਾਲੀ ਵਿੱਚ AAP ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਵਿੱਚ ਪਾਰਟੀ ਵਰਕਰ, ਵਿਧਾਇਕ ਅਤੇ ਇੱਥੋਂ ਤੱਕ ਕਿ ਮੰਤਰੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਉਹ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਸਵੇਰੇ ਸਾਢੇ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਵੇਗਾ। ਇਸ ਦੇ ਮਾਰਚ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਵੀ ਤਿਆਰੀਆਂ ਕੀਤੀਆਂ ਗਈਆਂ ਹਨ।

ਦਿੱਲੀ ‘ਚ ਰਹਿਣਗੇ ਮੁੱਖ ਮੰਤਰੀ ਮਾਨ

ਬੇਸ਼ੱਕ ਮੁਹਾਲੀ ਵਿੱਚ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਸਾਰੇ ਸੂਬਾ ਪੱਧਰੀ ਲੀਡਰ ਸ਼ਮੂਲੀਅਤ ਕਰਨਗੇ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ‘ਚ ਹੋਣਗੇ। ਉਹ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਜੰਤਰ-ਮੰਤਰ ‘ਤੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣਗੇ।

ਇਸ ਰੋਸ ਪ੍ਰਦਰਸ਼ਨ ਵਿੱਚ I.N.D.I.A ਗਠਜੋੜ ਦੇ ਸਾਰੇ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਇਸ ਰੋਸ ਪ੍ਰਦਰਸ਼ਨ ਵਿੱਚ ਕਈ ਰਾਜਾਂ ਦੇ ਚੀਫ਼ ਮਨੀਸਟਰ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਾਰਚ ਮਹੀਨੇ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਇਲਾਵਾ ਸਮੇਂ ਸਮੇਂ ਦਿੱਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿੱਚ ਪੰਜਾਬ ਤੋਂ ਵੀ ਆਗੂ ਵੀ ਸ਼ਾਮਲ ਹੁੰਦੇ ਰਹੇ ਹਨ।

ED ਨੇ ਕੀਤਾ ਸੀ ਕੇਜਰੀਵਾਲ ਨੂੰ ਗ੍ਰਿਫ਼ਤਾਰ

ਇਸ ਸਾਲ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ 21 ਮਾਰਚ, 2024 ਨੂੰ ਕਥਿਤ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕਰ ਲਿਆ ਸੀ। ਹਾਲਾਂਕਿ ਉਨ੍ਹਾਂ ਨੇ ਜੇਲ੍ਹ ਜਾਣ ਤੋਂ ਬਾਅਦ ਵੀ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਆ ਗਈਆਂ ਸਨ। ਜਿਸ ਕਾਰਨ ਅਰਵਿੰਦ ਕੇਜਰੀਵਾਲ ਨੂੰ 10 ਮਈ ਤੋਂ 1 ਜੂਨ ਤੱਕ ਚੋਣ ਪ੍ਰਚਾਰ ਲਈ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਲੋਕ ਸਭਾ ਚੋਣਾਂ ਵਿੱਚ 7ਵੇਂ ਅਤੇ ਅੰਤਿਮ ਗੇੜ ਦੀ ਵੋਟਿੰਗ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਉਹਨਾਂ ਨੇ ਆਪਣੀ ਜ਼ਮਾਨਤ ਲਈ ਕੋਰਟ ਵਿੱਚ ਪਹੁੰਚ ਕੀਤੀ ਜਿੱਥੇ 20 ਜੂਨ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਪਰ 21 ਜੂਨ ਨੂੰ ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇ ਫੈਸਲੇ ਤੇ ਰੋਕ ਲਗਾ ਦਿੱਤੀ।

ਇਸ ਤੋਂ ਬਾਅਦ 26 ਜੂਨ ਨੂੰ CBI ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਉਹਨਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ ਸੀ। ਉਹਨਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਗਾਤਾਰ ਜਾਰੀ ਹੈ।