ਲੰਬੀ ਸੀਟ ਤੋਂ ਟਿਕਟ ਕੱਟਣ ‘ਤੇ ਬੋਲੇ ਮੰਤਰੀ ਖੁੱਡੀਆਂ-ਪਾਰਟੀ ਦਾ ਫ਼ੈਸਲਾ ਸਿਰ-ਮੱਥੇ, ਭਤੀਜੇ ਲਈ ਕਰਾਂਗਾ ਪ੍ਰਚਾਰ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (AAP) ਵੱਲੋਂ ਲੰਬੀ ਹਲਕੇ ਤੋਂ ਮੌਜੂਦਾ ਵਿਧਾਇਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟ ਕੇ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (AAP) ਵੱਲੋਂ ਲੰਬੀ ਹਲਕੇ ਤੋਂ ਮੌਜੂਦਾ ਵਿਧਾਇਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟ ਕੇ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਟਿਕਟ ਕੱਟੇ ਜਾਣ ਤੋਂ ਬਾਅਦ ਸਾਹਮਣੇ ਆਏ ਆਪਣੇ ਪਹਿਲੇ ਪ੍ਰਤੀਕਰਮ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਤੋਂ ਸਾਫ਼ ਇਨਕਾਰ ਕਰਦਿਆਂ ਆਪਣੇ ਭਤੀਜੇ ਦੇ ਹੱਕ ਵਿੱਚ ਡਟ ਕੇ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਸਿਰ-ਮੱਥੇ ਪ੍ਰਵਾਨ ਹੈ। ਉਨ੍ਹਾਂ ਯਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਹਲਕੇ ਤੋਂ ਟਿਕਟ ਦੇ ਕੇ ਨਿਵਾਜਿਆ ਸੀ, ਜਿਸ ਤੋਂ ਬਾਅਦ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਬਣਾਇਆ ਅਤੇ ਪਾਰਟੀ ਨੇ ਉਨ੍ਹਾਂ ‘ਤੇ ਭਰੋਸਾ ਕਰਦਿਆਂ ਕੈਬਨਿਟ ਮੰਤਰੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ। ਖੁੱਡੀਆਂ ਨੇ ਦੱਸਿਆ ਕਿ 2022 ਦੀਆਂ ਚੋਣਾਂ ਦੌਰਾਨ ਰਣਧੀਰ ਸਿੰਘ ਨੇ ਵੀ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ ਸੀ ਅਤੇ ਹੁਣ ਉਹ ਖੁਦ ਆਪਣੇ ਭਤੀਜੇ ਦੀ ਜਿੱਤ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਅਤੇ ਉਹ ਹਮੇਸ਼ਾ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ।
ਗੁਰਮੀਤ ਸਿੰਘ ਖੁੱਡੀਆਂ ਦਾ ਹੁਣ ਤੱਕ ਦਾ ਸਿਆਸੀ ਸਫ਼ਰ
ਗੁਰਮੀਤ ਸਿੰਘ ਖੁੱਡੀਆਂ ਨੇ 26 ਜੁਲਾਈ 2021 ਨੂੰ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਲੰਬੀ ਵਿਧਾਨ ਸਭਾ ਸੀਟ ਤੋਂ 5 ਵਾਰ ਦੇ ਮੁੱਖ ਮੰਤਰੀ ਰਹੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਵੱਡਾ ਸਿਆਸੀ ਉਲਟਫੇਰ ਕੀਤਾ ਸੀ। ਇਸ ਇਤਿਹਾਸਕ ਜਿੱਤ ਤੋਂ ਬਾਅਦ 31 ਮਈ 2023 ਨੂੰ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ।
ਇਸ ਤੋਂ ਉਪਰੰਤ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਸੰਸਦੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਉਸ ਚੋਣ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਹੱਥੋਂ 49,656 ਵੋਟਾਂ ਦੇ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਚਾਚੇ ਦੀ ਚੋਣ ਵਿੱਚ ਸਰਗਰਮ ਸਨ ਰਣਧੀਰ ਸਿੰਘ
ਰਣਧੀਰ ਸਿੰਘ ਧੀਰਾ ਖੁੱਡੀਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਆਪਣੇ ਚਾਚਾ ਗੁਰਮੀਤ ਸਿੰਘ ਖੁੱਡੀਆਂ ਦੀ ਮੁੱਖ ਚੋਣ ਪ੍ਰਚਾਰ ਟੀਮ (ਕੋਰ ਕੈਂਪੇਨ ਟੀਮ) ਦਾ ਅਹਿਮ ਹਿੱਸਾ ਸਨ ਅਤੇ ਉਨ੍ਹਾਂ ਨੇ ਚੋਣ ਰਣਨੀਤੀ ਸੰਭਾਲਣ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਹਾਲਾਂਕਿ, ਬਾਅਦ ਵਿੱਚ ਸਿਆਸੀ ਗਲਿਆਰਿਆਂ ਅੰਦਰ ਚਾਚਾ-ਭਤੀਜਾ ਦਰਮਿਆਨ ਕੁਝ ਮਤਭੇਦ ਹੋਣ ਦੀਆਂ ਚਰਚਾਵਾਂ ਵੀ ਸਾਹਮਣੇ ਆਈਆਂ ਸਨ। ਹੁਣ ਪਾਰਟੀ ਹਾਈਕਮਾਨ ਨੇ ਪੁਰਾਣੇ ਸਮੀਕਰਨਾਂ ਨੂੰ ਪਾਸੇ ਰੱਖਦਿਆਂ ਰਣਧੀਰ ਸਿੰਘ ਧੀਰਾ ਨੂੰ ਲੰਬੀ ਸੀਟ ਤੋਂ ਆਪਣਾ ਅਧਿਕਾਰਤ ਉਮੀਦਵਾਰ ਬਣਾਇਆ ਹੈ।


