India Air Strike On Pakistan : ਪਾਕਿਸਤਾਨ ‘ਤੇ ਹਵਾਈ ਹਮਲਾ, ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਸਕੂਲ ਬੰਦ, ਚੰਡੀਗੜ੍ਹ-ਅੰਮ੍ਰਿਤਸਰ ਹਵਾਈ ਅੱਡੇ ਵੀ ਬੰਦ
India Air Strike On Pakistan : ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਕੀਤੀ, ਜਿਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂਅ ਦਿੱਤਾ ਗਿਆ। ਮੰਗਲਵਾਰ ਦੇਰ ਰਾਤ ਨੂੰ ਤਿੰਨਾਂ ਫੌਜਾਂ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਨੌਂ ਥਾਵਾਂ 'ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ 100 ਤੋਂ ਵੱਧ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਦੇ ਸਕੂਲਾਂ ਨੂੰ ਅਗਲੇ ਹੁੱਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਸਰਜੀਕਲ ਸਟ੍ਰਾਈਕ ਕੀਤੀ। ਇਸ ਹਮਲੇ ਵਿੱਚ 100 ਅੱਤਵਾਦਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਬੇ ਦੇ 5 ਜ਼ਿਲ੍ਹਿਆਂ ਦੇ ਸਕੂਲ ਬੰਦ
ਪੰਜਾਬ ਦੇ 5 ਜ਼ਿਲ੍ਹਿਆਂ – ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਧਰਮਸ਼ਾਲਾ ਅਤੇ ਸ਼ਿਮਲਾ ਲਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਕਿਸਾਨਾਂ ਨੇ ਰੇਲ-ਰੋਕੋ ਅੰਦੋਲਨ ਕੀਤਾ ਰੱਦ
ਕਿਸਾਨਾਂ ਨੇ ਅੰਮ੍ਰਿਤਸਰ ਵਿੱਚ ਅੱਜ ਹੋਣ ਵਾਲਾ ਰੇਲ ਰੋਕੋ ਅੰਦੋਲਨ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਇਹ ਫੈਸਲਾ ਦੇਸ਼ ਦੇ ਹਿੱਤ ਵਿੱਚ ਲਿਆ ਹੈ।
ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 10 ਵਜੇ ਤੱਕ ਸਾਰੀਆਂ ਉਡਾਣਾਂ ਰੱਦ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸਾਵਧਾਨੀ ਦੇ ਤੌਰ ‘ਤੇ, ਸਾਰੀਆਂ ਉਡਾਣਾਂ ਸਵੇਰੇ 10 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇੰਡੀਗੋ ਅਤੇ ਹੋਰ ਏਅਰਲਾਈਨਾਂ ਨੇ ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੋਹਾ ਤੋਂ ਅੰਮ੍ਰਿਤਸਰ ਆ ਰਹੀ ਕਤਰ ਏਅਰਵੇਜ਼ ਦੀ ਉਡਾਣ (QTR54B) ਨੂੰ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਵਾਪਸ ਮੋੜ ਦਿੱਤਾ ਗਿਆ ਅਤੇ ਓਮਾਨ ਦੇ ਮਸਕਟ ਹਵਾਈ ਅੱਡੇ ਵੱਲ ਭੇਜ ਦਿੱਤਾ ਗਿਆ। ਇਹ ਫਲਾਈਟ ਦੁਪਹਿਰ 2:10 ਵਜੇ ਅੰਮ੍ਰਿਤਸਰ ਪਹੁੰਚਣੀ ਸੀ।
ਇਹ ਵੀ ਪੜ੍ਹੋ
ਸ਼ਾਰਜਾਹ ਤੋਂ ਅੰਮ੍ਰਿਤਸਰ ਜਾਣ ਵਾਲੀ ਸਪਾਈਸਜੈੱਟ ਦੀ ਫਲਾਈਟਸ ਵੀ ਰੱਦ ਕਰ ਦਿੱਤੀ ਗਈ ਹੈ।
ਪੁਣੇ, ਮੁੰਬਈ ਅਤੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਸਾਰੀਆਂ ਫਲਾਈਟਸ ਸਵੇਰੇ 10 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।