ਗੱਠਜੋੜ ਦੇ ਐਲਾਨ ਤੋਂ ਬਾਅਦ ਅਕਾਲੀ-ਭਾਜਪਾ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਬੋਲੇ- ਪੰਜਾਬ ਦੇ ਹਿੱਤਾਂ ਨੂੰ ਪਹਿਲ

Published: 

25 Nov 2026 08:36 AM IST

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਸਿਰਫ਼ ਚੋਣਾਂ ਲੜਨਾ ਜਾਂ ਸੀਟਾਂ ਦੀ ਵੰਡ ਕਰਨਾ ਨਹੀਂ ਹੈ, ਸਗੋਂ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ਤੇ ਲਿਆਉਣ ਲਈ ਠੋਸ ਯੋਜਨਾ ਤਿਆਰ ਕਰਨਾ ਹੈ।

ਗੱਠਜੋੜ ਦੇ ਐਲਾਨ ਤੋਂ ਬਾਅਦ ਅਕਾਲੀ-ਭਾਜਪਾ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਬੋਲੇ- ਪੰਜਾਬ ਦੇ ਹਿੱਤਾਂ ਨੂੰ ਪਹਿਲ

ਗੱਠਜੋੜ ਦੇ ਐਲਾਨ ਤੋਂ ਬਾਅਦ ਅਕਾਲੀ-ਭਾਜਪਾ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਸਿਆਸੀ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਦੋਵਾਂ ਪਾਰਟੀਆਂ ਦੇ ਵੱਡੀ ਗਿਣਤੀ ‘ਚ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਤੇ ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ, ਕਮਜ਼ੋਰ ਹੋ ਰਹੀ ਆਰਥਿਕਤਾ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਤੇ ਸੂਬੇ ਦੀ ਆਰਥਿਕ ਸਥਿਤੀ ਲਗਾਤਾਰ ਕਮਜ਼ੋਰ ਹੋਈ ਹੈ ਤੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੋਏ ਹਨ।

ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ‘ਤੇ ਲਿਆਉਣਾ ਗੱਠਜੋੜ ਦਾ ਮੁੱਖ ਉਦੇਸ਼: ਡਾ. ਚੀਮਾ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਸਿਰਫ਼ ਚੋਣਾਂ ਲੜਨਾ ਜਾਂ ਸੀਟਾਂ ਦੀ ਵੰਡ ਕਰਨਾ ਨਹੀਂ ਹੈ, ਸਗੋਂ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ਤੇ ਲਿਆਉਣ ਲਈ ਠੋਸ ਯੋਜਨਾ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਪਾਰਟੀਆਂ ਵੱਲੋਂ ਇੱਕ ਸਾਂਝਾ ਰੋਡਮੈਪ ਤਿਆਰ ਕੀਤਾ ਗਿਆ ਹੈ, ਜਿਸ ‘ਚ ਨਸ਼ਿਆਂ ਦਾ ਖ਼ਾਤਮਾ, ਕਿਸਾਨਾਂ ਦੀਆਂ ਸਮੱਸਿਆਵਾਂ, ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੁੜੇ ਮੁੱਦੇ, ਬੇਰੁਜ਼ਗਾਰੀ, ਪੰਜਾਬ ਦੀ ਆਰਥਿਕ ਸਥਿਤੀ ਤੇ ਸੂਬੇ ਦਾ ਵਿਕਾਸ ਮੁੱਖ ਤਰਜੀਹਾਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਤੇ ਸੂਬੇ ਦਾ ਪਹਿਲਾਂ ਵਾਲਾ ਰੁਤਬਾ ਬਹਾਲ ਕਰਨ ਸਬੰਧੀ ਆਪਣੇ ਵਿਚਾਰ ਖੁੱਲ੍ਹ ਕੇ ਰੱਖੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਪੰਜਾਬ ਨੂੰ ਲੈ ਕੇ ਕੇਂਦਰ ਸਰਕਾਰ ਦੀ ਸੋਚ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਤਸਵੀਰ ਸਪੱਸ਼ਟ ਹੋਵੇਗੀ।

ਪ੍ਰਕਾਸ਼ ਪੁਰਬ ਮੌਕੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਸ਼ੁਭ ਸੰਕੇਤ: ਡਾ. ਸੁਭਾਸ਼ ਸ਼ਰਮਾ

ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ‘ਚ ਭਾਰੀ ਉਤਸ਼ਾਹ ਹੈ ਤੇ ਪੰਜਾਬ ਦੇ ਲੋਕਾਂ ‘ਚ ਵੀ ਖੁਸ਼ੀ ਦੀ ਲਹਿਰ ਹੈ। ਡਾ. ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ‘ਚ ਅਮਨ-ਸ਼ਾਂਤੀ, ਖੁਸ਼ਹਾਲੀ ਤੇ ਸਮ੍ਰਿੱਧੀ ਦਾ ਮਾਹੌਲ ਮੁੜ ਕਾਇਮ ਕਰਨ ਲਈ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪ੍ਰੇਰਨਾ ਤੋਂ ਸੇਧ ਲੈਂਦਿਆਂ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਪੰਜਾਬ ਤੇ ਦੇਸ਼ ਦੇ ਹਿੱਤਾਂ ਲਈ ਇਕੱਠੇ ਚੱਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਇਹ ਗੱਠਜੋੜ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ‘ਚ ਗੱਠਜੋੜ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ ਤੇ ਇਸ ਸਾਂਝੇਦਾਰੀ ਰਾਹੀਂ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ ਤੇ ਲਿਜਾਣ ਦਾ ਟੀਚਾ ਰੱਖਿਆ ਗਿਆ ਹੈ।

Loading...
Unable to load recommendations.
Follow Us